ਆਸਟ੍ਰੇਲੀਆ ’ਚ ਖਾਲਿਸਤਾਨ ਹਮਾਇਤੀਆਂ ਵੱਲੋਂ ਰੋਸ ਵਿਖਾਵਾ
ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ ਵਿਚ ਭਾਰਤੀ ਕੌਂਸਲੇਟ ਦੇ ਬਾਹਰ ਮੁਜ਼ਾਹਰਾ ਕਰਨ ਪੁੱਜੇ ਖਾਲਿਸਤਾਨ ਹਮਾਇਤੀਆਂ ਅਤੇ 79ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਭਾਰਤੀ ਮੂਲ ਦੇ ਲੋਕਾਂ ਦਰਮਿਆਨ ਟਕਰਾਅ ਵਾਲੇ ਹਾਲਾਤ ਪੈਦਾ ਹੋ ਗਏ
ਮੈਲਬਰਨ : ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ ਵਿਚ ਭਾਰਤੀ ਕੌਂਸਲੇਟ ਦੇ ਬਾਹਰ ਮੁਜ਼ਾਹਰਾ ਕਰਨ ਪੁੱਜੇ ਖਾਲਿਸਤਾਨ ਹਮਾਇਤੀਆਂ ਅਤੇ 79ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਭਾਰਤੀ ਮੂਲ ਦੇ ਲੋਕਾਂ ਦਰਮਿਆਨ ਟਕਰਾਅ ਵਾਲੇ ਹਾਲਾਤ ਪੈਦਾ ਹੋ ਗਏ ਅਤੇ ਪੁਲਿਸ ਨੂੰ ਦਖਲ ਦੇਣਾ ਪਿਆ। ਘਟਨਾ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿਚ ਪੁਲਿਸ ਮੁਲਾਜ਼ਮ ਦੋਹਾਂ ਧਿਰਾਂ ਵਿਚਾਲੇ ਖੜ੍ਹੇ ਨਜ਼ਰ ਆ ਰਹੇ ਹਨ ਅਤੇ ਤਣਾਅਪੂਰਨ ਮਾਹੌਲ ਦੇਖਿਆ ਜਾ ਸਕਦਾ ਹੈ।
ਮੈਲਬਰਨ ਪੁਲਿਸ ਦੀ ਮੌਜੂਦਗੀ ਨਾਲ ਰੁਕਿਆ ਟਕਰਾਅ
ਭਾਰਤੀ ਮੀਡੀਆ ਮੁਤਾਬਕ ਖਾਲਿਸਤਾਨ ਹਮਾਇਤੀਆਂ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਅੜਿੱਕਾ ਪਾਉਣ ਦਾ ਯਤਨ ਕੀਤਾ ਗਿਆ ਜਦਕਿ ਮੁਜ਼ਾਹਰਾਕਾਰੀਆਂ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਪਹਿਲਾਂ ਤੋਂ ਤੈਅ ਕੀਤਾ ਹੋਇਆ ਸੀ। ਹਾਲਾਤ ਦੀ ਨਜ਼ਾਕਤ ਨੂੰ ਵੇਖਦਿਆਂ ਮੈਲਬਰਨ ਪੁਲਿਸ ਦੇ ਮੁਲਾਜ਼ਮ ਤੈਨਾਤ ਕਰ ਦਿਤੇ ਗਏ ਅਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਰਿਹਾ। ਇਸੇ ਦੌਰਾਨ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਭਾਰਤੀ ਮੂਲ ਦੇ ਲੋਕਾਂ ਨੂੰ 79ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਪਿਛਲੇ 78 ਸਾਲ ਦੌਰਾਨ ਜੋ ਪ੍ਰਾਪਤੀਆਂ ਕੀਤੀਆਂ ਉਨ੍ਹਾਂ ਉਤੇ ਹਰ ਭਾਰਤੀ ਨੂੰ ਮਾਣ ਹੋਣਾ ਚਾਹੀਦਾ ਹੈ।
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿਚ ਅੜਿੱਕਾ ਪਾਉਣ ਦੇ ਦੋਸ਼
ਅੱਜ ਆਸਟ੍ਰੇਲੀਆ ਵਿਚ ਵੀ ਭਾਰਤ ਦੀ ਸਫ਼ਲਤਾ ਦੇ ਜਸ਼ਨ ਮਨਾਏ ਜਾ ਰਹੇ ਹਨ। ਇਥੇ ਦਸਣਾ ਬਣਦਾ ਹੈ ਕਿ ਕੈਨੇਡਾ ਵਿਚ ਹਰਦੀਪ ਸਿੰਘ ਨਿੱਜਰ ਕਤਲਕਾਂਡ ਬਾਰੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਸਰਕਾਰ ਉਤੇ ਦੋਸ਼ ਲਾਏ ਜਾਣ ਮਗਰੋਂ ਖਾਲਿਸਤਾਨ ਹਮਾਇਤੀਆਂ ਵੱਲੋਂ ਲਾਈਫ ਸਰਟੀਫ਼ਿਕੇਟ ਕੈਂਪਾਂ ਦਾ ਵਿਰੋਧ ਕੀਤਾ ਗਿਆ ਅਤੇ ਇਸ ਦੌਰਾਨ ਬਰੈਂਪਟਨ ਅਤੇ ਸਰੀ ਵਿਖੇ ਟਕਰਾਅ ਦੇਖਣ ਨੂੰ ਮਿਲਿਆ। ਪੀਲ ਰੀਜਨਲ ਪੁਲਿਸ ਅਤੇ ਸਰੀ ਪੁਲਿਸ ਵੱਲੋਂ ਇਸ ਮਾਮਲੇ ਵਿਚ ਕਈ ਗ੍ਰਿਫ਼ਤਾਰੀਆਂ ਵੀ ਕੀਤੀਆਂ ਗਈਆਂ।