PM ਮੋਦੀ ਦੀ ਡਿਗਰੀ 'ਤੇ ਫਸੇ ਅਰਵਿੰਦ ਕੇਜਰੀਵਾਲ, ਪਟੀਸ਼ਨ ਖਾਰਜ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ 'ਤੇ ਸਵਾਲ ਚੁੱਕਣ ਨੂੰ ਲੈ ਕੇ ਕਾਨੂੰਨੀ ਅਤੇ ਅਦਾਲਤੀ ਵਿਵਾਦ 'ਚ ਘਿਰ ਗਏ ਹਨ। ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ। ਸੁਪਰੀਮ ਕੋਰਟ […]
By : Editor (BS)
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ 'ਤੇ ਸਵਾਲ ਚੁੱਕਣ ਨੂੰ ਲੈ ਕੇ ਕਾਨੂੰਨੀ ਅਤੇ ਅਦਾਲਤੀ ਵਿਵਾਦ 'ਚ ਘਿਰ ਗਏ ਹਨ। ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਆਪਣੇ ਖਿਲਾਫ ਅਪਰਾਧਿਕ ਮਾਣਹਾਨੀ ਦੇ ਕੇਸ 'ਤੇ ਰੋਕ ਦੀ ਮੰਗ ਕੀਤੀ ਸੀ।
ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਯੂਸ਼ ਪਟੇਲ ਨੇ ਕੇਜਰੀਵਾਲ ਅਤੇ ਆਪ ਨੇਤਾ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਗੁਜਰਾਤ ਹਾਈ ਕੋਰਟ ਨੇ ਪੀਐਮ ਮੋਦੀ ਦੀ ਡਿਗਰੀ ਬਾਰੇ ਆਰਟੀਆਈ ਐਕਟ ਤਹਿਤ ਮੰਗੀ ਗਈ ਜਾਣਕਾਰੀ ਦੇਣ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਕਥਿਤ ਤੌਰ 'ਤੇ ਗੁਜਰਾਤ ਯੂਨੀਵਰਸਿਟੀ 'ਤੇ ਕੁਝ ਟਿੱਪਣੀਆਂ ਕੀਤੀਆਂ। ਜਸਟਿਸ ਸੰਜੀਵ ਖੰਨਾ ਅਤੇ ਐਸਵੀਐਨ ਭੱਟੀ ਨੇ ਕਿਹਾ ਕਿ ਉਹ ਇਸ ਪਟੀਸ਼ਨ 'ਤੇ ਨੋਟਿਸ ਜਾਰੀ ਨਹੀਂ ਕਰ ਰਹੇ ਹਨ ਕਿਉਂਕਿ ਇਹ ਮਾਮਲਾ ਗੁਜਰਾਤ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਅਤੇ ਇਸ ਦੀ ਸੁਣਵਾਈ 29 ਅਗਸਤ ਨੂੰ ਹੋਣੀ ਹੈ।
ਬੈਂਚ ਨੇ ਕਿਹਾ ਕਿ ਗੁਜਰਾਤ ਯੂਨੀਵਰਸਿਟੀ ਅਤੇ ਕੇਜਰੀਵਾਲ ਹਾਈ ਕੋਰਟ ਅੱਗੇ ਆਪਣੀਆਂ ਸ਼ਿਕਾਇਤਾਂ ਰੱਖ ਸਕਦੇ ਹਨ। ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਹਾਈਕੋਰਟ ਨੇ ਮਾਣਹਾਨੀ ਦੇ ਕੇਸ ਵਿੱਚ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜੋ ਕਿ ਗਲਤ ਹੈ। ਯੂਨੀਵਰਸਿਟੀ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੇਜਰੀਵਾਲ ਨੇ ਤੱਥਾਂ ਨੂੰ ਛੁਪਾਇਆ। ਗੁਜਰਾਤ ਹਾਈ ਕੋਰਟ ਨੇ 11 ਅਗਸਤ ਨੂੰ ਕੇਜਰੀਵਾਲ ਅਤੇ ਸੰਜੇ ਸਿੰਘ ਦੀ ਅਪਰਾਧਿਕ ਮਾਣਹਾਨੀ ਦੇ ਮੁਕੱਦਮੇ 'ਤੇ ਅੰਤਰਿਮ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।