ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਵੱਡੀ ਰਾਹਤ
ਚੰਡੀਗੜ, 29 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ। ਕੋਰਟ ਨੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਤੋਂ ਇਲਾਵਾ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਣ ਸੈਣੀ, ਸਾਬਕਾ ਆਈਜੀ ਪਰਮਰਾਜ ਉਮਰਾਨੰਗਲ ਅਤੇ ਤਿੰਨ ਹੋਰ ਮੁਲਜ਼ਮਾਂ ਨੂੰ ਵੀ ਰਾਹਤ ਦਿੱਤੀ ਹੈ। ਕੋਰਟ ਨੇ ਲਗਭਗ […]
By : Hamdard Tv Admin
ਚੰਡੀਗੜ, 29 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ। ਕੋਰਟ ਨੇ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਤੋਂ ਇਲਾਵਾ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਣ ਸੈਣੀ, ਸਾਬਕਾ ਆਈਜੀ ਪਰਮਰਾਜ ਉਮਰਾਨੰਗਲ ਅਤੇ ਤਿੰਨ ਹੋਰ ਮੁਲਜ਼ਮਾਂ ਨੂੰ ਵੀ ਰਾਹਤ ਦਿੱਤੀ ਹੈ।
ਕੋਰਟ ਨੇ ਲਗਭਗ ਇਕ ਮਹੀਨਾ ਪਹਿਲਾਂ ਇਸ ਮਾਮਲੇ ਵਿਚ ਅਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜੋ ਅੱਜ ਸੁਣਾਇਆ ਗਿਆ। ਹਾਈਕੋਰਟ ਦੇ ਜੱਜ ਅਨੂਪ ਚਿਤਕਾਰਾ ਨੇ ਕਿਹਾ ਕਿ ਪਟੀਸ਼ਨਰ ਗਵਾਹਾਂ, ਪੁਲਿਸ ਅਧਿਕਾਰੀਆਂ ਜਾਂ ਕੇਸ ਦੇ ਤੱਥਾਂ ਅਤੇ ਸਥਿਤੀਆਂ ਤੋਂ ਜਾਣੂ ਕਿਸੇ ਹੋਰ ਵਿਅਕਤੀ ਨੂੰ ਸਿੱਧੇ ਜਾਂ ਅਸਿੱਧੇ ਤੌਰ ’ਤੇ ਪ੍ਰਭਾਵਤ ਨਹੀਂ ਕਰਨਗੇ। ਪੁਲਿਸ ਵਲੋਂ ਸਾਰੇ ਮੁਲਜ਼ਮਾਂ ਵਿਰੁਧ ਸੀਆਰਪੀਸੀ ਦੀ ਧਾਰਾ 173 ਤਹਿਤ ਅੰਤਿਮ ਜਾਂਚ ਰਿਪੋਰਟ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੇ ਜੁਡੀਸ਼ੀਅਲ ਮੈਜਿਸਟਰੇਟ, ਫ਼ਰੀਦਕੋਟ ਵਲੋਂ ਨੋਟਿਸ ਜਾਰੀ ਕਰਨ ’ਤੇ ਅਦਾਲਤ ਦਾ ਰੁਖ ਕੀਤਾ ਸੀ।
ਦੱਸ ਦੇਈਏ ਕਿ ਇਸ ਮਾਮਲੇ ਵਿਚ 4 ਚਲਾਨ ਪੇਸ਼ ਹੋ ਚੁੱਕੇ ਹਨ। ਐਸਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24 ਫਰਵਰੀ 2023 ਨੂੰ 7 ਹਜ਼ਾਰ ਪੰਨਿਆਂ ਦਾ ਪਹਿਲਾ ਚਲਾਨ ਪੇਸ਼ ਕੀਤਾ ਤੇ ਉਸ ਤੋਂ ਬਾਅਦ 2400 ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ ਗਿਆ। 25 ਅਪ੍ਰੈਲ 2023 ਨੂੰ ਫਰੀਦਕੋਟ ਅਦਾਲਤ ਵਿਚ 129 ਅਤੇ 192 ਨੰਬਰ ਥਾਣਾ ਸਿਟੀ ਕੋਟਕਪੂਰਾ ਵਿੱਚ 307 ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਕੇਸ ਵਿਚ ਐਸਆਈਟੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ’ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਦੋਸ਼ ਹੈ।
ਸੋ ਇਸ ਕੇਸ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਅੱਜ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਣੇ ਕਈ ਵਿਅਕਤੀਆਂ ਨੂੰ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ।