ਸ੍ਰੀ ਅਕਾਲ ਤਖਤ ਦੇ ਜਥੇਦਾਰ ਦੀ ਨਿਯੁਕਤੀ ਦੇ ਨਵੇਂ ਨਿਯਮ, ਪੜੋ ਵੇਰਵਾ

By : Gill
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ ਤੇ ਸੇਵਾ ਮੁਕਤੀ ਲਈ ਨਵੇਂ ਨਿਯਮ ਬਣਾਉਣ ਦੀ ਤਿਆਰੀ – ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਨਵੇਂ ਨਿਯਮ ਤੈਅ ਕੀਤੇ ਜਾਣਗੇ। ਇਸ ਕਾਰਜ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ, ਅਤੇ ਬਜਟ ਇਜਲਾਸ ਦੌਰਾਨ ਮਤਾ ਪਾਸ ਕਰਕੇ ਇਸ ਦੀ ਪ੍ਰਵਾਨਗੀ ਲਈ ਜਾਵੇਗੀ।
ਐਡਵੋਕੇਟ ਧਾਮੀ ਨੇ ਆਉਣ ਵਾਲੇ ਸਮੇਂ ਵਿੱਚ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਨਵਾਂ ਨਿਯਮ ਲਾਗੂ ਕਰਨ ਦੀ ਗੱਲ ਕਹੀ, ਜਿਸ ਅਨੁਸਾਰ "ਇੱਕ ਵਿਅਕਤੀ, ਇੱਕ ਅਹੁਦਾ" ਦੀ ਨੀਤੀ ਲਾਗੂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਾਲੀ ਅਹੁਦੇ ਨੂੰ ਭਰਨ ਲਈ ਵੀ ਪੰਥਕ ਸੰਪਰਦਾਵਾਂ ਤੇ ਜਥੇਬੰਦੀਆਂ ਦੀ ਸਲਾਹ ਨਾਲ ਜਲਦ ਨਵੇਂ ਜਥੇਦਾਰ ਦੀ ਨਿਯੁਕਤੀ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਜ਼ੋਰ ਦਿੰਦਿਆਂ ਕਿਹਾ ਕਿ ਸਿੱਖ ਪਰੰਪਰਾਵਾਂ, ਰਹਿਤ ਮਰਯਾਦਾ ਅਤੇ ਇਤਿਹਾਸ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ। ਪੰਥ ਦੀ ਇਕਜੁੱਟਤਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਤਖ਼ਤ ਸਾਹਿਬਾਨ 'ਤੇ ਸੇਵਾ ਨਿਭਾਉਣ ਵਾਲੇ ਜਥੇਦਾਰਾਂ ਦੀ ਸਨਮਾਨਜਨਕ ਰੁਖ਼ਸਤੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਕੀਤੇ ਗਏ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੇ ਸਨਮਾਨ ਵਿੱਚ ਵਿਸ਼ੇਸ਼ ਤਰੀਕੇ ਨਾਲ ਸਨਮਾਨਿਤ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਮੰਨਿਆ ਕਿ ਸ਼੍ਰੋਮਣੀ ਕਮੇਟੀ ਦੀ ਸੇਵਾ ਨਿਭਾਉਣੀ ਇੱਕ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਆਖਿਆ ਕਿ ਹਾਲ ਹੀ ਵਿੱਚ ਅਸਤੀਫ਼ਾ ਦੇਣ ਤੋਂ ਬਾਅਦ, ਕਈ ਧਾਰਮਿਕ, ਸਮਾਜਿਕ ਅਤੇ ਸਿਆਸੀ ਧਿਰਾਂ ਨੇ ਉਨ੍ਹਾਂ ਨੂੰ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ, ਜਿਸ ਲਈ ਉਹ ਸਭ ਦੇ ਧੰਨਵਾਦੀ ਹਨ। ਉਨ੍ਹਾਂ ਨੇ ਕਿਹਾ ਕਿ ਉਹ ਉਮੀਦਾਂ ‘ਤੇ ਖਰਾ ਉਤਰਣ ਦਾ ਹਰ ਸੰਭਵ ਯਤਨ ਕਰਨਗੇ।


