ਪੰਜਾਬ ਵਿੱਚ 25 ਨਵੰਬਰ ਤੋਂ ਗੰਨੇ ਦੀ ਪਿੜਾਈ ਸ਼ੁਰੂ ਹੋਵੇਗੀ
By : BikramjeetSingh Gill
ਚੰਡੀਗੜ੍ਹ: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਰਾਜ ਗੰਨਾ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।
ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫੀਸਦੀ ਵਾਧਾ ਹੋਇਆ ਹੈ। ਇਸ ਸਾਲ 1 ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ, ਜੋ ਪਿਛਲੇ ਸਾਲ 95,000 ਹੈਕਟੇਅਰ ਦੇ ਮੁਕਾਬਲੇ ਵੱਧ ਹੈ। ਪੰਜਾਬ ਵਿੱਚ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ 9 ਸਹਿਕਾਰੀ ਅਤੇ ਛੇ ਨਿੱਜੀ ਮਿੱਲਾਂ ਹਨ, ਜਿਨ੍ਹਾਂ ਵੱਲੋਂ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦਾ ਉਤਪਾਦਨ ਹੋਣ ਦਾ ਅਨੁਮਾਨ ਹੈ।
ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇ।