Amritsar: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਧਾਰਮਿਕ ਰੌਣਕਾਂ, ਗੁਰਮਤ ਸਮਾਗਮਾਂ ਨਾਲ ਗੂੰਜੇਗਾ ਅੰਮ੍ਰਿਤਸਰ ਸ਼ਹਿਰ

By : Gurpiar Thind
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਅੱਜ ਦੁਪਹਿਰ ਸਹੀ 12 ਵਜੇ ਸਾਲਾਨਾ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਘੰਟਾ ਘਰ ਪਲਾਜ਼ਾ ਅਤੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਵੇਗਾ।
ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲਿਆ ਜਾ ਰਿਹਾ ਹੈ ਅਤੇ ਸੜਕਾਂ 'ਤੇ ਧਾਰਮਿਕ ਜੋਸ਼ ਅਤੇ ਭਗਤੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਕੀਰਤਨ ਜਥਿਆਂ ਵੱਲੋਂ ਗੁਰਬਾਣੀ ਦਾ ਗਾਇਨ ਕੀਤਾ ਜਾ ਰਿਹਾ ਹੈ, ਜਦਕਿ ਸੇਵਾਦਾਰਾਂ ਵੱਲੋਂ ਸੰਗਤ ਲਈ ਲੰਗਰ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋ ਸਕੇ।
ਇਸ ਤੋਂ ਇਲਾਵਾ, ਕੱਲ੍ਹ ਵੀ ਸਾਰਾ ਦਿਨ ਗੁਰਮਤ ਸਮਾਗਮ ਜਾਰੀ ਰਹਿਣਗੇ। ਸਵੇਰੇ 7 ਵਜੇ ਭੋਗ ਪਾਏ ਜਾਣਗੇ, ਜਦਕਿ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਉਣ ਵਾਲੇ ਹੁਕਮਨਾਮੇ ਦੀ ਕਥਾ ਸਿੰਘ ਸਾਹਿਬ ਗਿਆਨੀ ਕੁਲਵਿੰਦਰ ਸਿੰਘ ਜੀ ਵੱਲੋਂ ਕੀਤੀ ਜਾਵੇਗੀ। ਇਸ ਪਵਿੱਤਰ ਮੌਕੇ 'ਤੇ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ ਅਤੇ ਸਾਰੇ ਸੰਸਾਰ ਦੀ ਸਿੱਖ ਸੰਗਤ ਨੂੰ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਹਨ।


