ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਪਰਮਜੀਤ ਸਿੰਘ ਸਰਨਾ ਅਕਾਲ ਤਖ਼ਤ 'ਤੇ ਹੋਏ ਪੇਸ਼
By : BikramjeetSingh Gill
ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਪਰਮਜੀਤ ਸਿੰਘ ਸਰਨਾ ਸਪੱਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਅਕਾਲੀ ਦਲ ਦੀ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਨੇ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ। ਦੱਸ ਦਈਏ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਅਤੇ 17 ਮੰਤਰੀਆਂ ਨੂੰ 15 ਦਿਨਾਂ 'ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਅਨੁਸਾਰ ਅਕਾਲੀ ਦਲ ਦੇ ਮੰਤਰੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਨ।
ਦਰਅਸਲ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 24 ਮਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਆਦੇਸ਼ ਪ੍ਰਤਾਪ ਸਿੰਘ ਸੁਖਬੀਰ ਸਿੰਘ ਬਾਦਲ ਦੇ ਸਾਲੇ ਹਨ। ਇਹ ਫੈਸਲਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਸੀ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਸੀ।