SGPC ਦਫ਼ਤਰ ਅੱਗੇ Akali Dal Amritsar ਦਾ ਰੋਸ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਮੁੱਖ ਆਗੂ ਇਮਾਨ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਦਫ਼ਤਰ ਮੈਮੋਰੰਡਮ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਐਸਜੀਪੀਸੀ ਪ੍ਰਬੰਧਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।

By : Gurpiar Thind
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਮੁੱਖ ਆਗੂ ਇਮਾਨ ਸਿੰਘ ਮਾਨ ਆਪਣੇ ਸਾਥੀਆਂ ਸਮੇਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਦਫ਼ਤਰ ਮੈਮੋਰੰਡਮ ਦੇਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਐਸਜੀਪੀਸੀ ਪ੍ਰਬੰਧਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।
ਰੋਸ ਦੇ ਤੌਰ ‘ਤੇ ਇਮਾਨ ਸਿੰਘ ਮਾਨ ਆਪਣੇ ਨਾਲ ਚੂੜੀਆਂ ਲੈ ਕੇ ਆਏ, ਜੋ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਬਣ ਗਈਆਂ। ਇਮਾਨ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ 328 ਸਰੂਪਾਂ ਦੇ ਮਾਮਲੇ ਵਿੱਚ ਐਸਜੀਪੀਸੀ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਬਿਆਨ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਨਾਲ ਸੱਚਾਈ ਸਾਹਮਣੇ ਆਉਣ ਤੋਂ ਰੋਕਿਆ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਇਸੇ ਰੋਸ ਵਜੋਂ ਅਸੀਂ ਚੂੜੀਆਂ ਦੇਣ ਆਏ ਹਾਂ, ਤਾਂ ਜੋ ਐਸਜੀਪੀਸੀ ਪ੍ਰਬੰਧਨ ਨੂੰ ਇਹ ਅਹਿਸਾਸ ਕਰਵਾਇਆ ਜਾ ਸਕੇ ਕਿ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ।
ਇਸ ਮੌਕੇ ‘ਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਐਸਜੀਪੀਸੀ ਦਫ਼ਤਰ ਦੇ ਆਲੇ-ਦੁਆਲੇ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਸੀ। ਪੁਲਿਸ ਵੱਲੋਂ ਸਥਿਤੀ ‘ਤੇ ਨਜ਼ਰ ਬਣਾਈ ਰੱਖੀ ਗਈ ਅਤੇ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸੰਪੰਨ ਹੋਇਆ।
ਇਸ ਦੌਰਾਨ ਇਮਾਨ ਸਿੰਘ ਮਾਨ ਵੱਲੋਂ ਆਪਣਾ ਮੈਮੋਰੰਡਮ ਐਸਜੀਪੀਸੀ ਦੇ ਸਕੱਤਰ ਵਿਜੇ ਸਿੰਘ ਨੂੰ ਸੌਂਪਿਆ ਗਿਆ। ਮੈਮੋਰੰਡਮ ਵਿੱਚ 328 ਸਰੂਪ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਗਈ। ਮਾਨ ਨੇ ਕਿਹਾ ਕਿ ਜਦ ਤੱਕ ਸੱਚ ਸਾਹਮਣੇ ਨਹੀਂ ਆਉਂਦਾ, ਉਨ੍ਹਾਂ ਦੀ ਪਾਰਟੀ ਵੱਲੋਂ ਸੰਘਰਸ਼ ਜਾਰੀ ਰਹੇਗਾ।


