ਬਿਕਰਮ ਸਿੰਘ ਮਜੀਠੀਆ ਨਵੇਂ ਰਫੱੜ ਵਿਚ ਫਸੇ
By : BikramjeetSingh Gill
ਚੰਡੀਗੜ੍ਹ : ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਦੋਸ਼ ਹੈ ਕਿ ਕੁਝ ਦਿਨ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੇ ਸੀ.ਐਮ ਦੇ ਓਐਸਡੀ ਰਾਜਬੀਰ ਸਿੰਘ 'ਤੇ ਕੁਝ ਝੂਠੇ ਇਲਜ਼ਾਮ ਲਗਾਏ ਸਨ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਸ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਹੈ।
ਦਰਅਸਲ, ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ 6 ਅਕਤੂਬਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੇ ਮਜੀਠੀਆ ਨੂੰ ਸਵਾਲ ਕੀਤਾ ਕਿ ਸੀਐਮ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਦਾ ਨਾਂ ਲੈਂਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ। ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਇਹ ਬਿਆਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।