ਤਰਨ ਤਾਰਨ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ
By : BikramjeetSingh Gill
ਤਰਨਤਾਰਨ : ਦੇਸ਼ ਦੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਕਟੱੜਾ ਹਾਈਵੇ ਲਈ ਜ਼ਮੀਨ ਛੇਤੀ ਐਕਵਾਇਰ ਕਰੋ ਨਹੀਂ ਤਾਂ ਪ੍ਰੇਜੈਕਟ ਰੱਦ ਹੋ ਸਕਦਾ ਹੈ। ਇਸ ਲਈ ਪੰਜਾਬ ਸਰਕਾਰ ਨੇ ਹੁਣ ਜ਼ਮੀਨ ਐਕਵਾਇਰ ਕਰਨ ਲਈ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।
ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਰੱਖ ਸ਼ੇਖ ਫੱਤਾ 'ਚ ਜੰਮੂ ਕਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਦੇ ਮੁੱਦੇ 'ਤੇ ਕਿਸਾਨ ਅਤੇ ਪ੍ਰਸ਼ਾਸਨ ਆਹਮੋ-ਸਾਹਮਣੇ ਹੋ ਗਏ। ਭਾਰੀ ਪੁਲੀਸ ਫੋਰਸ ਦੀ ਮਦਦ ਨਾਲ ਪ੍ਰਸ਼ਾਸਨਿਕ ਅਧਿਕਾਰੀ ਜ਼ਮੀਨ ਦਾ ਕਬਜ਼ਾ ਲੈਣ ਲਈ ਪੁੱਜੇ ਪਰ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਭਾਰੀ ਪੁਲੀਸ ਫੋਰਸ ਨਾਲ ਪੁੱਜੀ ਅਤੇ ਜ਼ਮੀਨ ’ਤੇ ਕਬਜ਼ਾ ਕਰਨ ਲਈ ਪੋਕਲੇਨ ਮਸ਼ੀਨਾਂ ਚਲਾਉਣ ਦੀ ਕੋਸ਼ਿਸ਼ ਕੀਤੀ। ਮਸ਼ੀਨਾਂ ਅੱਗੇ ਲੇਟ ਕੇ ਕਿਸਾਨਾਂ ਨੇ ਰੋਸ ਪ੍ਰਗਟਾਇਆ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਹੱਥੋਪਾਈ ਵੀ ਹੋਈ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਪ੍ਰਸ਼ਾਸਨ ਨੂੰ ਆਪਣੀਆਂ ਮਸ਼ੀਨਾਂ ਵਾਪਸ ਮੰਗਵਾਉਣੀਆਂ ਪਈਆਂ।
ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਪੋਕਲੇਨ ਮਸ਼ੀਨ ਚੱਲਣ ਕਾਰਨ ਉਨ੍ਹਾਂ ਦੀ ਝੋਨੇ ਦੀ ਫਸਲ ਬਰਬਾਦ ਹੋ ਗਈ ਹੈ। ਉਹ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਸਨ ਪਰ ਪ੍ਰਸ਼ਾਸਨ ਨੇ ਧੱਕੇਸ਼ਾਹੀ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਦੱਸਿਆ ਕਿ ਪੁਲੀਸ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ।
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਵਾਜਬ ਮੁੱਲ ਨਹੀਂ ਦਿੰਦੀ, ਉਹ ਕਿਸੇ ਵੀ ਹਾਲਤ ਵਿੱਚ ਆਪਣੀ ਜ਼ਮੀਨ ਸਰਕਾਰ ਨੂੰ ਨਹੀਂ ਦੇਣਗੇ। ਦੂਜੇ ਪਾਸੇ ਜਦੋਂ ਇਸ ਸਬੰਧੀ ਐਸਡੀਐਮ ਤਰਨਤਾਰਨ ਸਿਮਰਨਦੀਪ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਅੱਜ ਕੁਝ ਜ਼ਮੀਨਾਂ ’ਤੇ ਕਬਜ਼ਾ ਕੀਤਾ ਗਿਆ ਹੈ। ਐਸਡੀਐਮ ਨੇ ਕਿਹਾ ਕਿ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਕੋਈ ਧੱਕਾ ਨਹੀਂ ਕੀਤਾ, ਕਿਸਾਨਾਂ ਨੇ ਖੁਦ ਪ੍ਰਸ਼ਾਸਨ ਦਾ ਵਿਰੋਧ ਕੀਤਾ ਹੈ।