ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਕੈਬਿਨੇਟ ਸਮੇਤ ਪਹੁੰਚੀ ਸ਼੍ਰੀ ਅੰਮ੍ਰਿਤਸਰ, ਦਰਬਾਰ ਸਾਹਿਬ ਟੇਕਿਆ ਮੱਥਾ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੀ ਕੈਬਿਨੇਟ ਦੇ ਮੰਤਰੀਆਂ ਸਮੇਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ। ਗੁਰੂ ਨਗਰੀ ਵਿੱਚ ਪਹੁੰਚਣ ਉਪਰਾਂਤ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕ ਕੇ ਗੁਰੂ ਸਾਹਿਬ ਦੀ ਅਸੀਸ ਪ੍ਰਾਪਤ ਕੀਤੀ। ਇਸ ਪਾਵਨ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

By : Gurpiar Thind
ਅੰਮ੍ਰਿਤਸਰ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੀ ਕੈਬਿਨੇਟ ਦੇ ਮੰਤਰੀਆਂ ਸਮੇਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ। ਗੁਰੂ ਨਗਰੀ ਵਿੱਚ ਪਹੁੰਚਣ ਉਪਰਾਂਤ ਉਨ੍ਹਾਂ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕ ਕੇ ਗੁਰੂ ਸਾਹਿਬ ਦੀ ਅਸੀਸ ਪ੍ਰਾਪਤ ਕੀਤੀ। ਇਸ ਪਾਵਨ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਦਰਸ਼ਨ ਕਰਨ ਉਪਰਾਂਤ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਵੀ ਕੀਤੀ। ਇਸ ਮੁਲਾਕਾਤ ਦੌਰਾਨ ਧਾਰਮਿਕ, ਸਮਾਜਿਕ ਅਤੇ ਸਾਂਝੀ ਸਭਿਆਚਾਰਕ ਮੁੱਲਾਂ ਸੰਬੰਧੀ ਵਿਚਾਰ-ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਲਈ ਅਮੋਲਕ ਮਾਰਗਦਰਸ਼ਨ ਹਨ, ਜੋ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਸੁਨੇਹਾ ਦਿੰਦੀਆਂ ਹਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350ਵਾਂ ਸ਼ਹੀਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਇਹ ਸ਼ਹੀਦੀ ਦਿਵਸ ਲਾਲ ਕਿਲ੍ਹੇ ਵਿੱਚ ਮਨਾਇਆ ਗਿਆ, ਜਿੱਥੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਯਾਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਦਿੱਲੀ ਵਿੱਚ ਹੋਈ ਇਕ ਅਣਚਾਹੀ ਘਟਨਾ ਕਾਰਨ ਉਹ ਘਬਰਾ ਗਏ ਸਨ, ਪਰ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਕੇ ਮਨ ਨੂੰ ਸ਼ਾਂਤੀ ਮਿਲੀ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦੀ ਦਿਵਸ ਉੱਚ ਪੱਧਰ ’ਤੇ ਮਨਾਇਆ ਗਿਆ ਅਤੇ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਜੀਵਨੀ, ਇਤਿਹਾਸ ਅਤੇ ਸ਼ਹਾਦਤ ’ਤੇ ਆਧਾਰਿਤ ਵੱਖ-ਵੱਖ ਪ੍ਰਕਾਸ਼ਨ ਵੀ ਜਾਰੀ ਕੀਤੇ ਗਏ। ਬਾਅਦ ਵਿੱਚ ਮੁੱਖ ਮੰਤਰੀ ਵੱਲੋਂ ਦੁਰਗਿਆਣਾ ਤੀਰਥ ਵਿੱਚ ਮੱਥਾ ਟੇਕਿਆ ਅਤੇ ਰਾਮਤੀਰਥ ਮੰਦਰ ਵਿੱਚ ਵੀ ਮੱਥਾ ਟੇਕਣ ਦਾ ਕਾਰਜਕ੍ਰਮ ਰੱਖਿਆ ਗਿਆ।


