Majitha constituency ’ਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ, 11.32 ਕਰੋੜ ਦੀ ਲਾਗਤ ਨਾਲ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ
ਮਜੀਠਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੰਦਿਆਂ ਅੱਜ ਕਈ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।

By : Gurpiar Thind
ਮਜੀਠਾ : ਮਜੀਠਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੰਦਿਆਂ ਅੱਜ ਕਈ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਉਮੀਦਵਾਰ ਤਲਬੀਰ ਸਿੰਘ ਗਿੱਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕੀਤਾ।
ਤਲਬੀਰ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਜੀਠਾ ਹਲਕੇ ਵਿੱਚ ਸੜਕਾਂ ਸਮੇਤ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 2027 ਤੋਂ ਬਾਅਦ ਵੀ ਵਿਕਾਸ ਕਾਰਜਾਂ ਲਈ ਉਹਨਾਂ ਨੂੰ ਆਪਣਾ ਸਹਿਯੋਗ ਬਣਾਈ ਰੱਖਣ। ਇਸ ਮੌਕੇ ਉਨ੍ਹਾਂ ਨੇ ਪਿੰਡ ਵਡਾਲ ਦੇ ਪ੍ਰਸਿੱਧ ਕਵੀ ਸ਼ਾਹ ਮੁਹੰਮਦ ਜੀ ਦੇ ਨਾਂ ‘ਤੇ ਇੱਕ ਲਾਇਬ੍ਰੇਰੀ ਬਣਾਉਣ ਦੀ ਮੰਗ ਵੀ ਰੱਖੀ ਅਤੇ ਕਿਹਾ ਕਿ ਇਹ ਪਿੰਡ ਲਈ ਮਾਣ ਦੀ ਗੱਲ ਹੋਵੇਗੀ। ਗਿੱਲ ਨੇ ਆਉਣ ਵਾਲੀਆਂ ਐਮਸੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜੈਕਾਰਾ ਵੀ ਲਗਵਾਇਆ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਜੀਠਾ ਹਲਕੇ ਦੇ ਕਈ ਪਿੰਡਾਂ ਵਿੱਚ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਕੁੱਲ 11 ਕਰੋੜ 32 ਲੱਖ 68 ਹਜ਼ਾਰ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚੋਂ 9 ਕਰੋੜ 94 ਲੱਖ ਰੁਪਏ ਸੜਕਾਂ ਦੇ ਨਵੀਨੀਕਰਨ ਲਈ ਅਤੇ 1 ਕਰੋੜ 38 ਲੱਖ 15 ਹਜ਼ਾਰ ਰੁਪਏ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਸਾਂਭ-ਸੰਭਾਲ ਵਾਸਤੇ ਖਰਚ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਕੁੱਲ 43 ਹਜ਼ਾਰ ਕਿਲੋਮੀਟਰ ਸੜਕਾਂ ਦਾ ਕਾਇਆਕਲਪ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕਤਾ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਸੁਵਿਧਾਵਾਂ ਮਿਲਣਗੀਆਂ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਜੀਠਾ ਹਲਕਾ ਵਿਕਾਸ ਦੀ ਨਵੀਂ ਮਿਸਾਲ ਬਣੇਗਾ।


