ਕੈਨੇਡਾ ਸਰਕਾਰ ਪ੍ਰਵਾਸੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਹੀ ਨਿਯਮ ਬਣਾਵੇ : ਪ੍ਰਮਿੰਦਰ ਸਿੰਘ ਢੀਂਡਸਾ
ਉਨਾਂ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀ ਆਪਣੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਕੈਨੇਡਾ ਵਿਚ ਰੁਜ਼ਗਾਰ ਦੀ ਭਾਲ ਵਿਚ ਆਉਂਦੇ ਹਨ

By : Gill
ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਮਿੰਦਰ ਸਿੰਘ ਢੀਂਡਸਾ ਨੇ ਕੈਨੇਡਾ ਦੀ ਸਰਕਾਰ ਨੂੰ ਪਰਵਾਸੀਆਂ ਲਈ ਸਹੀ ਨੀਤੀਆਂ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਪਰਵਾਸ ਕਰਨ ਵਾਲਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਇੱਕ ਸਹੀ ਤਰੀਕਾ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਅਜਿਹੀ ਨੀਤੀ ਬਣਾਵੇ ਕਿ ਪੰਜਾਬੀਆਂ ਨੂੰ ਪੀ ਆਰ ਲੈਣ ਵਿਚ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀ ਆਪਣੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਕੈਨੇਡਾ ਵਿਚ ਰੁਜ਼ਗਾਰ ਦੀ ਭਾਲ ਵਿਚ ਆਉਂਦੇ ਹਨ ਅਤੇ ਇਸੇ ਲਈ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਨ੍ਹਾਂ ਦੇ ਪੀ ਆਰ ਹੋਣ ਵਿਚ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰੇ।
ਪੰਜਾਬੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦਾ ਜ਼ਿਕਰ
ਢੀਂਡਸਾ ਨੇ ਖਾਸ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਵਿਦਿਆਰਥੀ ਆਪਣੇ ਪਰਿਵਾਰਾਂ ਨੂੰ ਛੱਡ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਕੈਨੇਡਾ ਆਉਂਦੇ ਹਨ, ਪਰ ਜੇਕਰ ਕੈਨੇਡੀਅਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਨ੍ਹਾਂ ਨੂੰ ਨੁਕਸਾਨ ਹੁੰਦਾ ਹੈ ਤਾਂ ਇਹ ਮੰਦਭਾਗਾ ਹੈ।
ਨਵੇਂ ਅਕਾਲੀ ਦਲ ਦੇ ਬਣਾਉਣ ਤੇ ਜੱਥੇਦਾਰ ਹਰਪ੍ਰੀਤ ਸਿੰਘ ਬਾਰੇ ਸਵਾਲ ਪੁੱਛਣ ਤੇ ਉਨ੍ਹਾਂ ਆਖਿਆ ਕਿ ਇਹੀ ਅਸਲੀ ਅਕਾਲੀ ਦਲ ਹੈ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੇ ਬਣਿਆ ਹੈ। ਪ੍ਰਮਿੰਦਰ ਢੀਂਡਸਾ ਨੇ ਕਿਹਾ ਕਿ ਜਲਦੀ ਹੀ ਜਥੇਦਾਰ ਹਰਪ੍ਰੀਤ ਦੀ ਅਗਵਾਈ ਵਾਲੇ ਅਕਾਲੀ ਦਲ ਦਾ ਦਫ਼ਤਰ ਚੰਗੀਗੜ੍ਹ ਵਿਖੇ ਬਣਾਇਆ ਜਾ ਰਿਹੈ ਅਤੇ ਪਾਰਟੀ ਦਾ ਪੂਰਾ ਢਾਂਚਾ ਵੀ ਬਣੇਗਾ।
ਇਸੇ ਤਰ੍ਹਾਂ ਉਨ੍ਹਾਂ ਪੰਜਾਬ ਵਿਚ ਆਏ ਹੜ੍ਹਾਂ ਦਾ ਵੀ ਜਿਕਰ ਕੀਤਾ ਅਤੇ ਐਨ ਆਰ ਆਈਸ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਹੜ੍ਹਾਂ ਦੌਰਾਨ ਪੰਜਾਬੀਆਂ ਦੀ ਬਾਹ ਫੜੀ। ਇਥੇ ਇਹ ਵੀ ਦਸ ਦਈਏ ਕਿ ਪ੍ਰਮਿੰਦਰ ਸਿੰਘ ਢੀਂਡਸਾ ਦਾ ਕੈਨੇਡਾ ਪਹੁੰਚਣ ਤੇ ਨਿਘਾ ਸਵਾਗਤ ਕੀਤਾ ਗਿਆ ਹੈ।


