ਪੰਜਾਬ ਵਿੱਚ ਹੋਈਆਂ ਚੋਣਾਂ ਨੂੰ ਲੈ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤਾ ਵੱਡਾ ਬਿਆਨ, ਵਿਰੋਧੀਆਂ ਨੂੰ ਪਾਇਆ ਘੇਰਾ
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 14 ਤਰੀਖ ਨੂੰ ਪੰਜਾਬ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਪੂਰੀ ਤਰ੍ਹਾਂ ਅਮਨ, ਸ਼ਾਂਤੀ ਅਤੇ ਭਾਈਚਾਰੇ ਦੇ ਮਾਹੌਲ ਵਿੱਚ ਸੰਪੰਨ ਹੋਈਆਂ।

By : Gurpiar Thind
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 14 ਤਰੀਖ ਨੂੰ ਪੰਜਾਬ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਪੂਰੀ ਤਰ੍ਹਾਂ ਅਮਨ, ਸ਼ਾਂਤੀ ਅਤੇ ਭਾਈਚਾਰੇ ਦੇ ਮਾਹੌਲ ਵਿੱਚ ਸੰਪੰਨ ਹੋਈਆਂ।
ਉਨ੍ਹਾਂ ਕਿਹਾ ਕਿ ਕੁਝ ਗਿਣਤੀ ਦੇ ਮਾਮਲਿਆਂ ਤੋਂ ਇਲਾਵਾ ਪੂਰੇ ਪੰਜਾਬ ਵਿੱਚ ਲੋਕਾਂ ਨੇ ਬਿਨਾਂ ਕਿਸੇ ਡਰ ਜਾਂ ਧੱਕੇ ਦੇ ਵੋਟਿੰਗ ਪ੍ਰਕਿਰਿਆ ਵਿੱਚ ਭਾਗ ਲਿਆ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਿਹੜੇ ਵਿਰੋਧੀ ਦਲ ਪਿਛਲੇ ਕਈ ਦਿਨਾਂ ਤੋਂ ਧੱਕੇ, ਲੋਕਤੰਤਰ ਦੇ ਘਾਣ ਅਤੇ ਗੜਬੜ ਦੇ ਝੂਠੇ ਦਾਅਵੇ ਕਰ ਰਹੇ ਸਨ, ਉਨ੍ਹਾਂ ਦੇ ਦਾਅਵੇ 14 ਤਰੀਖ ਦੀ ਸ਼ਾਂਤਮਈ ਵੋਟਿੰਗ ਨੇ ਖ਼ੁਦ ਬ-ਖ਼ੁਦ ਝੂਠ ਸਾਬਤ ਕਰ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਇਕੱਠੇ ਬੈਠ ਕੇ, ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਉਂਦੇ ਨਜ਼ਰ ਆਏ ਅਤੇ ਕਈ ਥਾਵਾਂ ‘ਤੇ ਲੋਕ ਚਾਹ ਪੀਂਦੇ ਹੋਏ ਚੋਣ ਪ੍ਰਕਿਰਿਆ ਦਾ ਹਿੱਸਾ ਬਣੇ।
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨਿਰਪੱਖ ਅਤੇ ਅਮਨ-ਅਮਾਨ ਨਾਲ ਕਰਵਾਉਣ ਦਾ ਜੋ ਵਾਅਦਾ ਕੀਤਾ ਸੀ, ਉਹ ਵਾਅਦਾ ਪੂਰੀ ਤਰ੍ਹਾਂ ਨਿਭਾਇਆ ਗਿਆ। ਉਨ੍ਹਾਂ ਇਸ ਮੌਕੇ ਸਾਰੇ ਪੰਜਾਬੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਰੋਧੀਆਂ ਵੱਲੋਂ ਫੈਲਾਏ ਗਏ ਭਰਮਾਂ ਦੇ ਬਾਵਜੂਦ ਆਪਸੀ ਸਾਂਝ ਅਤੇ ਭਾਈਚਾਰਾ ਕਾਇਮ ਰੱਖਿਆ।
ਪ੍ਰੈਸ ਕਾਨਫਰੰਸ ਦੌਰਾਨ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਹਾਲੀਆ ਬਿਆਨ ‘ਤੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ 2021 ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ, ਉਸ ਸਮੇਂ ਸੁਖਜਿੰਦਰ ਰੰਧਾਵਾ ਖੁਦ ਕੈਪਟਨ ‘ਤੇ ਵਾਅਦੇ ਨਾ ਨਿਭਾਉਣ ਦੇ ਗੰਭੀਰ ਦੋਸ਼ ਲਾ ਰਹੇ ਸਨ। ਹੁਣ ਉਹੀ ਰੰਧਾਵਾ ਕੈਪਟਨ ਦੀ ਤਾਰੀਫ਼ ਕਰ ਰਹੇ ਹਨ, ਜੋ ਉਨ੍ਹਾਂ ਦੇ ਦੋਗਲੇ ਸਟੈਂਡ ਨੂੰ ਦਰਸਾਉਂਦਾ ਹੈ।
ਧਾਲੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ, ਕਿਸਾਨ ਕਰਜ਼ਾ ਮਾਫ਼ੀ ਅਤੇ ਰੋਜ਼ਗਾਰ ਵਰਗੇ ਵੱਡੇ ਮੁੱਦਿਆਂ ‘ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਅਤੇ ਸੁਖਜਿੰਦਰ ਰੰਧਾਵਾ ਦੋਵੇਂ ਹੀ ਸੱਤਾ ਦੇ ਲਈ ਆਪਣਾ ਸਟੈਂਡ ਬਦਲਦੇ ਰਹੇ ਹਨ ਅਤੇ ਪੰਜਾਬ ਦੇ ਲੋਕ ਹੁਣ ਇਹ ਸਭ ਸਮਝ ਚੁੱਕੇ ਹਨ।


