Amritsar ਦੇ ਤਰਨਤਾਰਨ ਰੋਡ ‘ਤੇ Akali Dal Waris Punjab ਪਾਰਟੀ ਦਾ ਵਿਸ਼ਾਲ ਇਕੱਠ
ਅੰਮ੍ਰਿਤਸਰ ਦੇ ਤਰਨਤਾਰਨ ਰੋਡ ‘ਤੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਇੱਕ ਵਿਸ਼ਾਲ ਇਕੱਠ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਮੂਲੀਅਤ ਕੀਤੀ।

By : Gurpiar Thind
ਅੰਮ੍ਰਿਤਸਰ: ਅੰਮ੍ਰਿਤਸਰ ਦੇ ਤਰਨਤਾਰਨ ਰੋਡ ‘ਤੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਇੱਕ ਵਿਸ਼ਾਲ ਇਕੱਠ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਇਹ ਇਕੱਠ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਵਿਚਾਰ ਕਰਨ ਅਤੇ ਪੰਜਾਬੀ ਕੌਮ ਨੂੰ ਇਕ ਮੰਚ ‘ਤੇ ਇਕੱਠਾ ਕਰਨ ਦੇ ਮਕਸਦ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹੋਰ ਪ੍ਰੋਗਰਾਮ ਵੀ ਤੈਅ ਸਨ, ਪਰ ਪੰਜਾਬ ਦੇ ਗੰਭੀਰ ਮਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਭ ਤੋਂ ਜ਼ਰੂਰੀ ਸੀ।
ਤਰਸੇਮ ਸਿੰਘ ਨੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਕੁਝ ਵਿਅਕਤੀਆਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਿਹੜੇ ਨਾਂ ਸਾਹਮਣੇ ਆ ਰਹੇ ਹਨ, ਉਨ੍ਹਾਂ ‘ਤੇ ਸ਼ੱਕ ਦੀ ਸੂਈ ਜਾਂਦੀ ਹੈ ਅਤੇ ਉੱਥੋਂ ਹੀ ਕਈ ਅਹੰਕਾਰਪੂਰਕ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਬਜੀਤ ਸਿੰਘ ਦੇ ਮਾਮਲੇ ‘ਚ ਸੁਣਵਾਈ ਜਾਰੀ ਹੈ ਅਤੇ ਇਹ ਡਰ ਬਣਿਆ ਹੋਇਆ ਹੈ ਕਿ ਕਿਤੇ ਕੋਈ ਗਲਤ ਫੈਸਲਾ ਨਾ ਹੋ ਜਾਵੇ।
ਸਰਕਾਰ ਦੀ ਤਿੱਖੀ ਨਿੰਦਾ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਕਾਨੂੰਨ ਦੇ ਨਾਂ ‘ਤੇ ਸਿੱਖ ਬੰਦੀ ਸਿੰਘਾਂ ਨਾਲ ਜ਼ੁਲਮ ਕੀਤਾ ਜਾ ਰਿਹਾ ਹੈ। ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਚਾਹੇ ਪਹਿਲਾਂ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ ਹੋਵੇ ਜਾਂ ਹੁਣ ਕੇਂਦਰ ‘ਚ ਭਾਜਪਾ ਦੀ ਸਰਕਾਰ—ਦੋਵੇਂ ਹੀ ਆਪਣੇ ਆਪ ਨੂੰ ਸਿੱਖਾਂ ਦੇ ਹਿਤੈਸ਼ੀ ਦੱਸਦੀਆਂ ਹਨ, ਪਰ ਅਜਿਹੇ ਫੈਸਲੇ ਸਿੱਖਾਂ ਦੇ ਜ਼ਖ਼ਮਾਂ ‘ਤੇ ਨਮਕ ਛਿੜਕਣ ਵਰਗੇ ਹਨ।
ਤਰਸੇਮ ਸਿੰਘ ਨੇ ਅਪੀਲ ਕੀਤੀ ਕਿ ਪੰਜਾਬ ਦੇ ਲੋਕ ਧਰਮ ਅਤੇ ਹੱਕਾਂ ਦੀ ਲੜਾਈ ਲਈ ਇਕਜੁੱਟ ਹੋਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।


