ਸੱਚਖੰਡ Shri Harmandir Sahib ਸਰੋਵਰ ਵਿੱਚ ਬੇਅਦਬੀ ਮਾਮਲਾ,SGPC ਵੱਲੋਂ ਪੁਲਿਸ ਨੂੰ ਸ਼ਿਕਾਇਤ
ਬਿਤੀ ਦਿਨੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਕੁਰਲੀ ਕਰਕੇ ਬੇਅਦਬੀ ਕਰਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ

By : Gurpiar Thind
ਅੰਮ੍ਰਿਤਸਰ: ਬਿਤੀ ਦਿਨੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਕੁਰਲੀ ਕਰਕੇ ਬੇਅਦਬੀ ਕਰਨ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਅਮ੍ਰਿਤਸਰ ਪੁਲਿਸ ਨੂੰ ਇੱਕ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ ਅਤੇ ਦੋਸ਼ੀ ਨੌਜਵਾਨ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਲੀਗਲ ਐਡਵਾਈਜ਼ਰ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਵੀ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਕਤ ਮੁਸਲਿਮ ਨੌਜਵਾਨ ਬੇਅਦਬੀ ਦੀ ਨੀਅਤ ਨਾਲ ਹੀ ਸ਼੍ਰੀ ਦਰਬਾਰ ਸਾਹਿਬ ਪਹੁੰਚਿਆ ਸੀ। ਉਨ੍ਹਾਂ ਮੁਤਾਬਕ 13 ਜਨਵਰੀ ਨੂੰ ਉਹ ਨੌਜਵਾਨ ਆਪਣੇ ਚਾਰ ਦੋਸਤਾਂ ਦੇ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਆਇਆ ਸੀ ਅਤੇ ਲਗਭਗ 20 ਮਿੰਟ ਤੱਕ ਦਰਬਾਰ ਸਾਹਿਬ ਦੇ ਅੰਦਰ ਮੌਜੂਦ ਰਿਹਾ।
ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਨੌਜਵਾਨ ਵੱਲੋਂ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਵੀ ਨਹੀਂ ਟੇਕਿਆ ਗਿਆ, ਜੋ ਕਿ ਸ਼ੱਕ ਨੂੰ ਹੋਰ ਮਜ਼ਬੂਤ ਕਰਦਾ ਹੈ। ਐਸਜੀਪੀਸੀ ਨੇ ਇਹ ਮਾਮਲਾ ਗੰਭੀਰ ਦੱਸਦੇ ਹੋਏ ਅਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਸੌਂਪੀ ਹੈ ਅਤੇ ਮੰਗ ਕੀਤੀ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਕੜੀ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ, ਜਾਣਕਾਰੀ ਅਨੁਸਾਰ ਉਕਤ ਨੌਜਵਾਨ ਵੱਲੋਂ ਉਸੇ ਦਿਨ ਇੱਕ ਵੀਡੀਓ ਜਾਰੀ ਕਰਕੇ ਮਾਫੀ ਵੀ ਮੰਗੀ ਗਈ ਸੀ। ਵੀਡੀਓ ਵਿੱਚ ਉਸ ਨੇ ਕਿਹਾ ਕਿ ਜੇਕਰ ਉਸ ਦੀ ਕਿਸੇ ਵੀ ਕਰਤੂਤ ਜਾਂ ਵੀਡੀਓ ਨਾਲ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੋਵੇ ਤਾਂ ਉਹ ਇਸ ਲਈ ਖ਼ੇਦ ਪ੍ਰਗਟ ਕਰਦਾ ਹੈ। ਉਸ ਦਾ ਦਾਅਵਾ ਹੈ ਕਿ ਉਸ ਦਾ ਕਿਸੇ ਦਾ ਦਿਲ ਦੁਖਾਉਣ ਦਾ ਕੋਈ ਮਕਸਦ ਨਹੀਂ ਸੀ ਅਤੇ ਉਸ ਨੂੰ ਸਹੀ ਮਰਿਆਦਾ ਦੀ ਪੂਰੀ ਜਾਣਕਾਰੀ ਨਹੀਂ ਸੀ। ਨੌਜਵਾਨ ਵੱਲੋਂ ਦੋ ਵੱਖ-ਵੱਖ ਵੀਡੀਓ ਵੀ ਵਾਇਰਲ ਹੋਈਆਂ, ਜਿਨ੍ਹਾਂ ਵਿੱਚ ਉਹ ਸਿੱਖ ਕੌਮ ਕੋਲੋਂ ਬਾਰ-ਬਾਰ ਮਾਫੀ ਮੰਗਦਾ ਹੋਇਆ ਨਜ਼ਰ ਆ ਰਿਹਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ।


