28 ਮਾਰਚ ਨੂੰ ਹੋਵੇਗਾ SGPC ਦਾ ਬਜਟ ਇਜਲਾਸ, ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ ਮੀਟਿੰਗ –Harjinder Singh Dhami
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ।

By : Gurpiar Thind
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਗੁਰਦੁਆਰਿਆਂ ਦੇ ਬਜਟ, ਧਰਮ ਪ੍ਰਚਾਰ ਗਤੀਵਿਧੀਆਂ, ਬੇਅਦਬੀ ਦੇ ਮਾਮਲਿਆਂ ਅਤੇ ਸਿੱਖ ਧਾਰਮਿਕ ਪਛਾਣ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਧਾਮੀ ਨੇ ਦੱਸਿਆ ਕਿ ਐਸਜੀਪੀਸੀ ਦੇ ਅਧੀਨ ਆਉਂਦੇ ਗੁਰਦੁਆਰਿਆਂ ਨੂੰ ਆਮ ਤੌਰ ‘ਤੇ ਤਿੰਨ ਸ਼੍ਰੇਣੀਆਂ—ਏ, ਬੀ ਅਤੇ ਸੀ—ਵਿੱਚ ਵੰਡਿਆ ਗਿਆ ਹੈ। ਸੀ ਸ਼੍ਰੇਣੀ ਦੇ ਗੁਰਦੁਆਰੇ ਛੋਟੇ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਘੱਟ ਦਸਵੰਧ ਦਿੱਤਾ ਜਾਂਦਾ ਹੈ, ਜਦਕਿ ਵੱਡੇ ਗੁਰਦੁਆਰਿਆਂ ਤੋਂ ਆਉਣ ਵਾਲੀ ਆਮਦਨ ਦੇ ਆਧਾਰ ‘ਤੇ ਵੱਖ-ਵੱਖ ਵਿਭਾਗਾਂ ਅਤੇ ਧਾਰਮਿਕ ਕਾਰਜਾਂ ਲਈ ਬਜਟ ਨਿਰਧਾਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਅਧੀਨ ਆਉਂਦੇ ਟਰਸਟ, ਸੈਕਸ਼ਨ 85 ਦੇ ਗੁਰਦੁਆਰੇ ਅਤੇ ਸੈਕਸ਼ਨ 87 ਅਧੀਨ ਸਥਾਨਕ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਗੁਰਦੁਆਰਿਆਂ ਦੇ ਬਜਟ ਨੂੰ ਵੀ ਸਮੂਹਕ ਬਜਟ ਵਿੱਚ ਸ਼ਾਮਲ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੇ ਵੱਖ-ਵੱਖ ਵਿਭਾਗਾਂ ਜਿਵੇਂ ਪ੍ਰਿੰਟਿੰਗ ਪ੍ਰੈੱਸ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਖੋਜ ਬੋਰਡ ਲਈ ਵੱਖ-ਵੱਖ ਬਜਟ ਰੱਖੇ ਜਾਂਦੇ ਹਨ। ਇਨ੍ਹਾਂ ਵਿੱਚ ਸਭ ਤੋਂ ਵੱਡਾ ਬਜਟ ਧਰਮ ਪ੍ਰਚਾਰ ਕਮੇਟੀ ਲਈ ਹੁੰਦਾ ਹੈ, ਕਿਉਂਕਿ ਦਸਵੰਧ ਰਾਹੀਂ ਆਉਣ ਵਾਲੀ ਰਕਮ ਦਾ ਵੱਡਾ ਹਿੱਸਾ ਧਾਰਮਿਕ ਪ੍ਰਚਾਰ ਲਈ ਵਰਤਿਆ ਜਾਂਦਾ ਹੈ। ਧਾਮੀ ਨੇ ਦੱਸਿਆ ਕਿ ਬਜਟ ਸੰਬੰਧੀ ਸਾਰੇ ਮਾਮਲਿਆਂ ਦੀ ਜਾਂਚ ਲਈ ਪਹਿਲਾਂ ਇੱਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਪਣੀ ਰਿਪੋਰਟ ਤਿਆਰ ਕਰ ਲਈ ਹੈ। ਇਹ ਬਜਟ ਹੁਣ ਛਪਾਈ ਲਈ ਭੇਜਿਆ ਗਿਆ ਹੈ ਅਤੇ 28 ਮਾਰਚ ਨੂੰ ਹੋਣ ਵਾਲੀ ਜਨਰਲ ਬੋਰਡ ਦੀ ਮੀਟਿੰਗ ਵਿੱਚ ਇਸ ਨੂੰ ਅੰਤਿਮ ਮਨਜ਼ੂਰੀ ਦਿੱਤੀ ਜਾਵੇਗੀ।
ਇਸ ਮੌਕੇ ਧਾਮੀ ਨੇ ਬੇਅਦਬੀ ਦੇ ਮਾਮਲਿਆਂ ‘ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਸਰਕਾਰ ਦੇ ਸਮੇਂ ਵੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਭਾਰਤੀ ਦੰਡ ਸੰਹਿਤਾ ਵਿੱਚ ਸੋਧ ਦੀ ਪ੍ਰਕਿਰਿਆ ਕਾਰਨ ਉਹ ਲਾਗੂ ਨਹੀਂ ਹੋ ਸਕਿਆ। ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਇਹ ਕੋਸ਼ਿਸ਼ ਕੀਤੀ ਪਰ ਉਹ ਵੀ ਪੂਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੀ ਬੇਅਦਬੀ ਦੇ ਮਾਮਲਿਆਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ ਅਤੇ ਐਸਜੀਪੀਸੀ ਇਸ ਮਾਮਲੇ ਨੂੰ ਲਗਾਤਾਰ ਉਠਾਉਂਦੀ ਆ ਰਹੀ ਹੈ।
ਧਾਮੀ ਨੇ ਕਿਹਾ ਕਿ ਹਰ ਧਰਮ ਵਿੱਚ ਧਾਰਮਿਕ ਗ੍ਰੰਥਾਂ ਦਾ ਸਤਿਕਾਰ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਸਿੱਖ ਧਰਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ “ਜਗਤ ਜੋਤ ਗੁਰੂ” ਦਾ ਦਰਜਾ ਪ੍ਰਾਪਤ ਹੈ। ਇਸ ਲਈ ਇਸ ਦੀ ਬੇਅਦਬੀ ਦੇ ਮਾਮਲਿਆਂ ਲਈ ਵੱਖਰਾ ਅਤੇ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿੱਚ ਐਸਜੀਪੀਸੀ ਦੀ ਇੱਕ ਸਬ-ਕਮੇਟੀ ਵੀ ਕੰਮ ਕਰ ਰਹੀ ਹੈ।
ਉਨ੍ਹਾਂ ਸਿੱਖ ਕਕਾਰਾਂ ਦੀ ਮਰਯਾਦਾ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਕਈ ਵਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਾਂ ਹੋਰ ਸੰਸਥਾਵਾਂ ਵਿੱਚ ਸਿੱਖ ਵਿਦਿਆਰਥੀਆਂ ਨੂੰ ਕੜਾ, ਕਿਰਪਾਨ ਜਾਂ ਹੋਰ ਕਕਾਰ ਉਤਾਰਣ ਲਈ ਕਿਹਾ ਜਾਂਦਾ ਹੈ, ਜੋ ਧਾਰਮਿਕ ਭਾਵਨਾਵਾਂ ਦੇ ਖਿਲਾਫ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਧਾਰਮਿਕ ਪਛਾਣ ਅਤੇ ਕਕਾਰਾਂ ਦਾ ਪੂਰਾ ਸਤਿਕਾਰ ਯਕੀਨੀ ਬਣਾਇਆ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਸਕੱਤਰ ਦੇ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਗੁਮਨਾਮ ਚਿੱਠੀ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਨੇ ਕੜੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ “ਸਿੰਘ ਬਹਾਦਰਗੜ੍ਹ” ਦੇ ਨਾਂ ਨਾਲ ਫਿਰ ਰਹੀ ਇਸ ਚਿੱਠੀ ‘ਤੇ ਨਾ ਤਾਂ ਕੋਈ ਪੂਰਾ ਪਤਾ ਹੈ ਅਤੇ ਨਾ ਹੀ ਕੋਈ ਸੰਪਰਕ ਨੰਬਰ, ਜਿਸ ਕਰਕੇ ਇਸ ਦੀ ਸੱਚਾਈ ‘ਤੇ ਸਵਾਲ ਖੜੇ ਹੁੰਦੇ ਹਨ।
ਪ੍ਰਧਾਨ ਨੇ ਕਿਹਾ ਕਿ ਜੇਕਰ ਕਿਸੇ ਕੋਲ ਕੋਈ ਸਬੂਤ ਜਾਂ ਸ਼ਿਕਾਇਤ ਹੈ ਤਾਂ ਉਹ ਖੁੱਲ੍ਹ ਕੇ ਸਾਹਮਣੇ ਆਵੇ। ਉਨ੍ਹਾਂ ਕਿਹਾ ਕਿ ਗੁਮਨਾਮ ਤਰੀਕੇ ਨਾਲ ਇਲਜ਼ਾਮ ਲਗਾਉਣਾ ਠੀਕ ਨਹੀਂ ਅਤੇ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਵੀ ਹੋ ਸਕਦਾ ਹੈ। ਉਨ੍ਹਾਂ ਐਸਜੀਪੀਸੀ ਦੇ ਮੁਲਾਜ਼ਮਾਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਅਫਵਾਹਾਂ ਤੋਂ ਸਾਵਧਾਨ ਰਹਿਣ ਅਤੇ ਸੱਚਾਈ ਸਾਹਮਣੇ ਆਉਣ ਤੱਕ ਕਿਸੇ ਨਤੀਜੇ ‘ਤੇ ਨਾ ਪਹੁੰਚਣ।
ਅਖੀਰ ਵਿੱਚ ਧਾਮੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਧਰਮ ਪ੍ਰਚਾਰ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਐਸਜੀਪੀਸੀ ਦੇ ਮੈਂਬਰ ਆਪਣੇ-ਆਪਣੇ ਇਲਾਕਿਆਂ ਵਿੱਚ ਜਾ ਕੇ ਧਾਰਮਿਕ ਸਮਾਗਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅਤੇ ਧਾਰਮਿਕ ਮਰਯਾਦਾ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।


