Terror in Amritsar: ਸਾਬਕਾ ਕੌਂਸਲਰ ਦੇ ਭਤੀਜੇ ਨੂੰ ਘਰ ਦੇ ਬਾਹਰ ਮਾਰੀ ਗੋਲੀ
ਹਮਲਾਵਰ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਇਸ ਮਾਮਲੇ ਵਿੱਚ ਪੁਰਾਣੀ ਰੰਜਿਸ਼ ਅਤੇ ਹੋਰ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

By : Gill
ਅੰਮ੍ਰਿਤਸਰ: 18 ਮਾਰਚ, 2026
ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਦੇਰ ਰਾਤ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਸਾਬਕਾ ਕਾਂਗਰਸੀ ਕੌਂਸਲਰ ਲਖਨਪਾਲ ਦੇ ਭਤੀਜੇ ਸਾਗਰ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਘਟਨਾ ਰਾਤ ਲਗਭਗ 11 ਵਜੇ ਦੀ ਹੈ ਜਦੋਂ ਸਾਗਰ ਆਪਣੀ ਭੈਣ ਨਾਲ ਘਰ ਦੇ ਬਾਹਰ ਖੜ੍ਹਾ ਗਲੀ ਦੇ ਕੁੱਤਿਆਂ ਨੂੰ ਖਾਣਾ ਖੁਆ ਰਿਹਾ ਸੀ। ਇਸੇ ਦੌਰਾਨ ਹੈਲਮੇਟ ਪਹਿਨੇ ਇੱਕ ਅਣਪਛਾਤੇ ਨੌਜਵਾਨ ਨੇ ਐਕਟਿਵਾ 'ਤੇ ਆ ਕੇ ਸਾਗਰ ਦੇ ਪੇਟ ਵਿੱਚ ਸਿੱਧੀ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਗੋਲੀ ਲੱਗਣ ਕਾਰਨ ਸਾਗਰ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਜ਼ਮੀਨ 'ਤੇ ਡਿੱਗ ਪਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਡਾਕਟਰਾਂ ਅਨੁਸਾਰ ਸਾਗਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੂਚਨਾ ਮਿਲਦੇ ਹੀ ਏਸੀਪੀ ਸ਼ਿਵ ਦਰਸ਼ਨ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਇਸ ਮਾਮਲੇ ਵਿੱਚ ਪੁਰਾਣੀ ਰੰਜਿਸ਼ ਅਤੇ ਹੋਰ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
ਇਸ ਘਟਨਾ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਹਸਪਤਾਲ ਪਹੁੰਚੇ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ ਅਤੇ ਲੋਕ ਆਪਣੇ ਘਰਾਂ ਦੇ ਬਾਹਰ ਵੀ ਸੁਰੱਖਿਅਤ ਨਹੀਂ ਹਨ। ਵੇਰਕਾ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵੱਲੋਂ ਸੜਕਾਂ 'ਤੇ ਉਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।


