ਕੇਂਦਰ ਨੇ ਸਰ੍ਹੋਂ 'ਤੇ 300 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ
By : BikramjeetSingh Gill
ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 5950 ਰੁਪਏ ਹੋ ਗਿਆ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ 300 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੁੱਧਵਾਰ ਨੂੰ ਮੀਡੀਆ ਨੂੰ ਦਿੱਤੇ ਬਿਆਨ 'ਚ ਇਹ ਜਾਣਕਾਰੀ ਦਿੱਤੀ। ਇਸ ਨਾਲ ਦੇਸ਼ ਦੇ ਵੱਡੀ ਗਿਣਤੀ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਬਿਹਤਰ ਆਮਦਨ ਯਕੀਨੀ ਬਣਾਉਣ ਅਤੇ ਹਾੜੀ ਦੇ ਸੀਜ਼ਨ ਦੌਰਾਨ ਮੁੱਖ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਕਣਕ ਅਤੇ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਇਹ ਹੁਣ 2425 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ 300 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਕਾਰਨ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 5950 ਰੁਪਏ ਹੋ ਗਿਆ ਹੈ।