ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੀ 'ਧਾਂਧਲੀ' ਖਿਲਾਫ ਵੱਡਾ ਫੈਸਲਾ ਸੁਣਾਇਆ
By : BikramjeetSingh Gill
ਇਸਲਾਮਾਬਾਦ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸ਼ਾਹਬਾਜ਼ ਸ਼ਰੀਫ ਸਰਕਾਰ ਅਤੇ ਚੋਣ ਕਮਿਸ਼ਨ ਦੀ 'ਧਾਂਧਲੀ' ਖਿਲਾਫ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ 8 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਕਮਿਸ਼ਨ ਦੀਆਂ ਕਾਰਵਾਈਆਂ 'ਤੇ ਅਸੰਤੁਸ਼ਟੀ ਪ੍ਰਗਟ ਕੀਤੀ ਅਤੇ ਰਾਖਵੀਂ ਸੀਟ ਬਾਰੇ ਇਮਰਾਨ ਖਾਨ ਦੀ ਪਾਰਟੀ ਦੇ ਹੱਕ 'ਚ ਫੈਸਲਾ ਲਾਗੂ ਕਰਨ ਦਾ ਹੁਕਮ ਦਿੱਤਾ।
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਪ੍ਰਤੀ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਕਮਿਸ਼ਨ ਦੇ ਇਸ ਕਦਮ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਜੇਕਰ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾਂਦੀ ਹੈ ਤਾਂ ਇਮਰਾਨ ਦੀ ਪਾਰਟੀ ਪੀਟੀਆਈ ਪਾਕਿਸਤਾਨ ਨੈਸ਼ਨਲ ਅਸੈਂਬਲੀ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਸਕਦੀ ਹੈ। ਰਾਖਵੀਆਂ ਸੀਟਾਂ ਦੇ ਜੋੜਨ ਨਾਲ ਪੀਟੀਆਈ ਦੀ ਤਾਕਤ ਹੋਰ ਵਧੇਗੀ।
ਸ਼ਨੀਵਾਰ ਨੂੰ ਪਾਕਿਸਤਾਨ ਦੀ ਸਿਖਰਲੀ ਅਦਾਲਤ ਦਾ ਇਹ ਹੁਕਮ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਸੱਤਾਧਾਰੀ ਗਠਜੋੜ ਲਈ ਜ਼ਬਰਦਸਤ ਝਟਕਾ ਸਾਬਤ ਹੋਇਆ। ਇਸ ਨਾਲ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਸੰਸਦ ਦੇ ਦੋਵਾਂ ਸਦਨਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਜਾਵੇਗੀ। ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ 15 ਜੁਲਾਈ ਨੂੰ ਪੀਟੀਆਈ ਨੂੰ ਰਾਖਵੀਂ ਸੀਟ ਅਲਾਟ ਕਰਨ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ।