Today's Hukamnama, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਦਸੰਬਰ 2025)
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ

By : Gill
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ {ਪੰਨਾ 552}
ਪਦਅਰਥ: ਜੇਤੇ = ਜਿਤਨੇ ਭੀ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।
ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।
ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
ਪਦਅਰਥ: ਇਕਿ = ਕਈ ਮਨੁੱਖ। ਚਾਕਰੀ = ਨੌਕਰੀ। ਕੁਲ = ਪਰਵਾਰ।
ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।


