ਪੰਥ ਦੇ ਨਾਂ 'ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ ਮਾਨ ਸਰਕਾਰ ਨੇ ਕਰ ਦਿਖਾਇਆ-'ਆਪ' ਵਿਧਾਇਕ ਧਾਲੀਵਾਲ
ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸ ਕਰਕੇ ਅਕਾਲੀ ਦਲ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਈ ਮੁੱਖ ਮੰਤਰੀ ਆਏ ਜੋ ਖੁਦ ਨੂੰ ਪੰਥਕ

By : Gill
ਪੰਥ ਦੇ ਨਾਂ 'ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ ਮਾਨ ਸਰਕਾਰ ਨੇ ਕਰ ਦਿਖਾਇਆ-'ਆਪ' ਵਿਧਾਇਕ ਧਾਲੀਵਾਲ*
*ਕੁਲਦੀਪ ਸਿੰਘ ਧਾਲੀਵਾਲ ਨੇ 3 ਇਤਿਹਾਸਕ ਸ਼ਹਿਰਾਂ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ*
*ਭਗਵੰਤ ਮਾਨ ਨੇ ਆਪਣਾ ਵਾਅਦਾ ਨਿਭਾਇਆ, ਅੰਮ੍ਰਿਤਸਰ, ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਮਿਲਿਆ 'ਪਵਿੱਤਰ ਸ਼ਹਿਰ' ਦਾ ਦਰਜਾ: ਕੁਲਦੀਪ ਧਾਲੀਵਾਲ*
ਚੰਡੀਗੜ੍ਹ/ਅੰਮ੍ਰਿਤਸਰ, 21 ਦਸੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿੰਨ ਇਤਿਹਾਸਕ ਅਤੇ ਧਾਰਮਿਕ ਸ਼ਹਿਰਾਂ ਅੰਮ੍ਰਿਤਸਰ (ਵਾਲਡ ਸਿਟੀ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਸਿੱਖ ਕੌਮ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਕੇ ਦਿਖਾਇਆ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸ ਕਰਕੇ ਅਕਾਲੀ ਦਲ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਈ ਮੁੱਖ ਮੰਤਰੀ ਆਏ ਜੋ ਖੁਦ ਨੂੰ ਪੰਥਕ ਕਹਾਉਂਦੇ ਸਨ ਅਤੇ ਪੰਥ ਦੀ ਸਿਆਸਤ ਕਰਦੇ ਸਨ। ਉਨ੍ਹਾਂ ਕਿਹਾ ਕਿ ਉਹ ਆਗੂ ਆਪਣੇ ਲਈ ਤਾਂ 'ਫਖਰ-ਏ-ਕੌਮ' ਵਰਗੇ ਅਵਾਰਡ ਲੱਭਦੇ ਰਹੇ, ਪਰ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਹਨਾਂ ਧਰਤੀਆਂ ਨੂੰ ਕਦੇ ਵੀ ਅਧਿਕਾਰਤ ਤੌਰ 'ਤੇ ਪਵਿੱਤਰ ਸ਼ਹਿਰ ਦਾ ਦਰਜਾ ਨਹੀਂ ਦੇ ਸਕੇ। ਧਾਲੀਵਾਲ ਨੇ ਯਾਦ ਦਿਵਾਇਆ ਕਿ ਵਿਰੋਧੀ ਪਾਰਟੀਆਂ ਦੇ ਹਰ ਚੋਣ ਮੈਨੀਫੈਸਟੋ ਵਿੱਚ ਇਹ ਵਾਅਦਾ ਹੁੰਦਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਇਸਨੂੰ ਭੁੱਲ ਜਾਂਦੇ ਸਨ।
ਧਾਲੀਵਾਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹਨਾਂ ਨੂੰ ਬੜਾ ਫ਼ਖ਼ਰ ਮਹਿਸੂਸ ਹੋ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋਏ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਜੋ ਵਾਅਦਾ ਕੀਤਾ ਸੀ, ਅੱਜ ਉਸਦਾ ਨੋਟਿਫਿਕੇਸ਼ਨ ਜਾਰੀ ਕਰਕੇ ਉਸਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਸ਼ਹਿਰ ਸਿੱਖ ਧਰਮ ਦੇ ਤਖ਼ਤ ਸਾਹਿਬਾਨ ਨਾਲ ਸਬੰਧਤ ਹਨ ਅਤੇ ਪੰਜਾਬ ਦੀ ਧਰਤੀ 'ਤੇ ਪੈਂਦੇ ਹਨ, ਇਸ ਲਈ ਇਨ੍ਹਾਂ ਦਾ ਸਤਿਕਾਰ ਬਹਾਲ ਕਰਨਾ ਹਰ ਪੰਜਾਬੀ ਦਾ ਸੁਪਨਾ ਸੀ।
ਆਪਣੇ ਬਿਆਨ ਦੇ ਅਖੀਰ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਦੇਸ਼-ਵਿਦੇਸ਼ ਵਿੱਚ ਵੱਸਦੀ ਸਮੁੱਚੀ ਸਿੱਖ ਸੰਗਤ ਅਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਚੀ ਨੀਅਤ ਨਾਲ ਕੰਮ ਕਰਦਿਆਂ ਅੰਮ੍ਰਿਤਸਰ, ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਉਹ ਮਾਣ-ਸਤਿਕਾਰ ਦਿੱਤਾ ਹੈ ਜਿਸਦੇ ਉਹ ਹੱਕਦਾਰ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਹੈ।


