'ਆਪ ਅਤੇ-ਕਾਂਗਰਸ ਦਾ ਹਰਿਆਣਾ ਵਿਧਾਨ ਸਭਾ ਵਿਚ ਗੱਠਜੋੜ ਹੋਵੇਗਾ ?
By : BikramjeetSingh Gill
ਚੰਡੀਗੜ੍ਹ : ਕਾਂਗਰਸ ਵੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦੇ ਮੂਡ ਵਿੱਚ ਹੈ। ਹਾਲਾਂਕਿ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ ਪਰ ਅਜਿਹੀਆਂ ਖਬਰਾਂ ਹਨ ਕਿ ਸੰਸਦ ਮੈਂਬਰ ਰਾਹੁਲ ਗਾਂਧੀ 'ਆਪ' ਨਾਲ ਗਠਜੋੜ ਕਰਨਾ ਚਾਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਸ ਸਬੰਧੀ ਹਰਿਆਣਾ ਦੇ ਕਾਂਗਰਸੀ ਆਗੂਆਂ ਨਾਲ ਵੀ ਗੱਲਬਾਤ ਕੀਤੀ ਹੈ। ਇਸ ਤੋਂ ਪਹਿਲਾਂ ਦਿੱਲੀ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ 'ਚ 'ਆਪ' ਅਤੇ ਕਾਂਗਰਸ ਇਕੱਠੇ ਹੋ ਚੁੱਕੇ ਹਨ।
ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਰਾਹੁਲ ਗਾਂਧੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨਾਲ ਗਠਜੋੜ ਕਰਨਾ ਚਾਹੁੰਦੇ ਹਨ। ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਮੀਟਿੰਗ ਦੌਰਾਨ ਉਨ੍ਹਾਂ ਨੇ 'ਆਪ' ਨਾਲ ਗਠਜੋੜ ਦੀਆਂ ਸੰਭਾਵਨਾਵਾਂ 'ਤੇ ਹਰਿਆਣਾ ਕਾਂਗਰਸ ਦੇ ਆਗੂਆਂ ਦੀ ਰਾਏ ਵੀ ਲਈ ਸੀ। ਹਾਲਾਂਕਿ ਅਜੇ ਤੱਕ ਇਸ ਬਾਰੇ ਕਾਂਗਰਸ ਵੱਲੋਂ ਅਧਿਕਾਰਤ ਤੌਰ 'ਤੇ ਕੁਝ ਨਹੀਂ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ਇੱਕ ਇੰਟਰਵਿਊ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨਾਲ ਗੱਠਜੋੜ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਸੀ। ਸ਼ੈਲਜਾ ਨੇ ਕਿਹਾ ਕਿ ਸੂਬੇ 'ਚ ਕਾਂਗਰਸ ਮਜ਼ਬੂਤ ਹੈ ਅਤੇ ਇਕੱਲਿਆਂ ਹੀ ਚੋਣਾਂ ਲੜੇਗੀ। ਇਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹਿਲਾਂ ਕਹਿ ਚੁੱਕੇ ਹਨ ਕਿ 'ਆਪ' ਹਰਿਆਣਾ ਦੀਆਂ 90 ਸੀਟਾਂ 'ਤੇ ਚੋਣ ਲੜੇਗੀ।
ਸੀਈਸੀ ਦੀ ਮੀਟਿੰਗ ਦੌਰਾਨ ਹਰਿਆਣਾ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਪੀਟੀਆਈ ਮੁਤਾਬਕ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਨੂੰ ਮਨਜ਼ੂਰ ਹੋਈ ਸੂਚੀ ਵਿੱਚ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦਾ ਨਾਂ ਵੀ ਸ਼ਾਮਲ ਹੈ। ਕਾਂਗਰਸ ਦੇ ਹਰਿਆਣਾ ਇੰਚਾਰਜ ਦੀਪਕ ਬਾਰੀਆ ਨੇ ਕਿਹਾ ਕਿ ਅੰਤਿਮ ਸੂਚੀ ਬੁੱਧਵਾਰ ਤੱਕ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਦੇ ਚੋਣ ਲੜਨ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਵੀ ਮੰਗਲਵਾਰ ਤੱਕ ਖ਼ਤਮ ਕਰ ਦਿੱਤਾ ਜਾਵੇਗਾ। ਬਾਰੀਆ ਨੇ ਕਿਹਾ, 'ਅੱਜ ਹਰਿਆਣਾ ਲਈ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ਹੋਈ। ਸੂਬਾ ਸਕਰੀਨਿੰਗ ਕਮੇਟੀ ਵੱਲੋਂ 49 ਨਾਵਾਂ ਦੀ ਸੂਚੀ ਪੇਸ਼ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 34 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ 15 ਵਿਚਾਰ ਅਧੀਨ ਹਨ।