Begin typing your search above and press return to search.

ਮੁੱਖ ਮੰਤਰੀ ਨੇ ਚੋਣਾਂ ਲਈ ਬੰਦੋਬਸਤ ਕਰਨ ਲਈ ਆਖਿਆ

ਲੁਧਿਆਣਾ, 13 ਮਾਰਚ, ਨਿਰਮਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ […]

ਮੁੱਖ ਮੰਤਰੀ ਨੇ ਚੋਣਾਂ ਲਈ ਬੰਦੋਬਸਤ ਕਰਨ ਲਈ ਆਖਿਆ
X

Editor EditorBy : Editor Editor

  |  13 March 2024 11:13 AM IST

  • whatsapp
  • Telegram


ਲੁਧਿਆਣਾ, 13 ਮਾਰਚ, ਨਿਰਮਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ।

ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਿੱਚ ਸੁਰੱਖਿਆ ਅਤੇ ਹਿਫਾਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ ਤਾਂ ਕਿ ਸਾਰੀਆਂ ਪਾਰਟੀਆਂ ਵੱਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦਾ ਹੈ ਤਾਂ ਕਿ ਉਹ ਚੋਣਾਂ ਵਿੱਚ ਸ਼ਿਰਕਤ ਕਰ ਸਕਣ ਅਤੇ ਇਸ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

ਇਕ ਹੋਰ ਮਸਲੇ ਉਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਵੀ ਸੂਬੇ ਵਿੱਚ ਛੇਤੀ ਹੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਫੋਰਸਾਂ ਸੂਬੇ ਦੀਆਂ ਰਵਾਇਤਾਂ, ਧਰਮ, ਅਤੇ ਰੀਤਾ-ਰਿਵਾਜਾਂ ਤੋਂ ਅਣਜਾਣ ਹੁੰਦੀਆਂ ਹਨ ਜਿਸ ਕਰਕੇ ਪੰਜਾਬ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਠੇਸ ਨਾ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰ ਉਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਢੁਕਵਾਂ ਤਾਲਮੇਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਸ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਮੁੱਚੇ ਪ੍ਰਸ਼ਾਸਨ ਨੂੰ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਸਿਆ ਨੂੰ ਰੋਕਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਅਜਿਹੇ ਹਥਿਆਰ ਰੱਖਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਲਾਇਸੰਸੀ ਹਥਿਆਰਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚ ਸ਼ਾਂਤਮਈ ਚੋਣਾਂ ਕਰਵਾਈਆਂ ਜਾਣ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਚੋਣ ਬੁਲੇਟਿਨ ਨਿਰੰਤਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਚੋਣਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਤਾਜ਼ਾ ਜਾਣਕਾਰੀ ਹਾਸਲ ਹੁੰਦੀ ਰਹੇ।

Next Story
ਤਾਜ਼ਾ ਖਬਰਾਂ
Share it