ਕਿਸਾਨੀ ਮੰਗਾਂ ’ਤੇ ਦਰਸ਼ਨ ਧਾਲੀਵਾਲ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ, 17 ਫਰਵਰੀ (ਸ਼ਾਹ) : ਪੰਜਾਬ ਵਿਚ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੀ ਤਿਆਰੀ ਕੀਤੀ ਜਾ ਰਹੀ ਐ ਪਰ ਹੁਣ ਇੰਝ ਲਗਦਾ ਏ ਕਿ ਕਿਸਾਨਾਂ ਨੂੰ ਸ਼ਾਇਦ ਦਿੱਲੀ ਜਾਣ ਦੀ ਲੋੜ ਹੀ ਨਾ ਪਵੇ ਕਿਉਂਕਿ ਇਹ ਖ਼ਬਰ ਸਾਹਮਣੇ ਆ ਰਹੀ ਐ ਕਿ ਕੇਂਦਰ ਸਰਕਾਰ ਜਲਦ ਹੀ […]
By : Makhan Shah
ਨਵੀਂ ਦਿੱਲੀ, 17 ਫਰਵਰੀ (ਸ਼ਾਹ) : ਪੰਜਾਬ ਵਿਚ ਕਿਸਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੀ ਤਿਆਰੀ ਕੀਤੀ ਜਾ ਰਹੀ ਐ ਪਰ ਹੁਣ ਇੰਝ ਲਗਦਾ ਏ ਕਿ ਕਿਸਾਨਾਂ ਨੂੰ ਸ਼ਾਇਦ ਦਿੱਲੀ ਜਾਣ ਦੀ ਲੋੜ ਹੀ ਨਾ ਪਵੇ ਕਿਉਂਕਿ ਇਹ ਖ਼ਬਰ ਸਾਹਮਣੇ ਆ ਰਹੀ ਐ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰ ਸਕਦੀ ਐ। ਕੇਂਦਰ ਸਰਕਾਰ ਵੱਲੋਂ ਇਹ ਭਰੋਸਾ ਅਮਰੀਕੀ ਸਿੱਖ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਨੂੰ ਦਿੱਤਾ ਗਿਆ ਏ, ਜਿਨ੍ਹਾਂ ਵੱਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਦੇ ਨਾਲ ਮੁਲਾਕਾਤ ਕੀਤੀ ਗਈ।
ਅਮਰੀਕਾ ਦੇ ਉੱਘੇ ਸਿੱਖ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਦੇ ਨਾਮ ਤੋਂ ਹਰ ਕੋਈ ਵਾਕਿਫ਼ ਐ, ਜਿਨ੍ਹਾਂ ਵੱਲੋਂ ਪਿਛਲੇ ਕਿਸਾਨੀ ਅੰਦੋਲਨ ਵਿਚ ਵਧ ਚੜ੍ਹ ਕੇ ਸਹਿਯੋਗ ਦਿੱਤਾ ਗਿਆ ਸੀ। ਪੰਜਾਬ ਦੇ ਬਹੁਤੇ ਕਿਸਾਨ ਤਾਂ ਉਨ੍ਹਾਂ ਨੂੰ ‘ਕਿਸਾਨਾਂ ਦੇ ਮਸੀਹਾ’ ਵਜੋਂ ਵੀ ਸੰਬੋਧਨ ਕਰਦੇ ਨੇ। ਦਰਅਸਲ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਗਈ, ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਭਰਾ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਇਸ ਮੁਲਾਕਾਤ ਦੌਰਾਨ ਧਾਲੀਵਾਲ ਭਰਾਵਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਗਈ, ਜਿਸ ’ਤੇ ਕੇਂਦਰੀ ਗ੍ਰਹਿ ਮੰਤਰੀ ਨੇ ਧਾਲੀਵਾਲ ਭਰਾਵਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨਾਲ ਇਸ ਸਬੰਧੀ ਗੱਲਬਾਤ ਚੱਲ ਰਹੀ ਐ, ਉਹ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨਗੇ।
ਜਾਣਕਾਰੀ ਅਨੁਸਾਰ ਅਮਰੀਕੀ ਸਿੱਖ ਕਾਰੋਬਾਰੀ ਦਰਸ਼ਨ ਸਿੰਘ ਧਾਲੀਵਾਲ ਨੇ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ’ਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਸੀ, ਜਿਸ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਦਿੱਲੀ ਉਨ੍ਹਾਂ ਦੀ ਰਿਹਾਇਸ਼ ’ਤੇ ਆ ਕੇ ਗੱਲਬਾਤ ਕਰਨ ਲਈ ਆਖਿਆ ਸੀ।
ਇਸ ਮਗਰੋਂ ਦਰਸ਼ਨ ਸਿੰਘ ਧਾਲੀਵਾਲ ਤੁਰੰਤ ਅਮਰੀਕਾ ਤੋਂ ਸਿੱਧੇ ਦਿੱਲੀ ਆਪਣੇ ਦੋ ਭਰਾਵਾਂ ਦੇ ਨਾਲ ਪਹੁੰਚੇ ਅਤੇ ਕਿਸਾਨਾਂ ਦੀਆਂ ਮੰਗਾਂ ਬਾਰੇ ਅਮਿਤ ਸ਼ਾਹ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਗੱਲਬਾਤ ਕੀਤੀ। ਕਰੀਬ ਇਕ ਘੰਟੇ ਤੱਕ ਚੱਲੀ ਇਸ ਗੱਲਬਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀਆਂ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਕਿਸਾਨੀ ਮਸਲੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਦਰਸ਼ਨ ਸਿੰਘ ਧਾਲੀਵਾਲ ਦਾ ਨਾਮ ਅਮਰੀਕਾ ਦੇ ਵੱਡੇ ਕਾਰੋਬਾਰੀਆਂ ਵਿਚ ਸ਼ੁਮਾਰ ਹੁੰਦਾ ਏ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਹੋਏ ਨੇ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੀ ਕਾਫ਼ੀ ਜ਼ਿਆਦਾ ਨੇੜਤਾ ਸੀ, ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਮਰੀਕਾ ਦੌਰੇ ਦੌਰਾਨ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਦੇ ਕੋਲ ਹੀ ਠਹਿਰਦੇ ਸਨ।
ਪਿਛਲੇ ਕਿਸਾਨੀ ਅੰਦੋਲਨ ਵਿਚ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਕਿਸਾਨਾਂ ਦੀ ਹਰ ਤਰੀਕੇ ਨਾਲ ਮਦਦ ਕੀਤੀ ਗਈ ਅਤੇ ਦਿੱਲੀ ਦੇ ਬਾਰਡਰ ’ਤੇ ਪੂਰਾ ਸਾਲ ਭਰ ਲੰਗਰ ਲਗਾਇਆ ਗਿਆ ਸੀ। ਇਕ ਵਾਰ ਉਨ੍ਹਾਂ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਹੀ ਵਾਪਸ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੀ ਭਤੀਜੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਭਾਰਤ ਆਏ ਸਨ। ਕੁੱਝ ਲੋਕਾਂ ਦਾ ਕਹਿਣਾ ਸੀ ਕਿ ਕਿਸਾਨੀ ਅੰਦੋਲਨ ਕਰਕੇ ਅਜਿਹਾ ਕੀਤਾ ਗਿਆ ਸੀ ਪਰ ਅਧਿਕਾਰੀਆਂ ਮੁਤਾਬਕ ਉਨ੍ਹਾਂ ਕੋਲ ਕੁੱਝ ਸਬੰਧਤ ਦਸਤਾਵੇਜ਼ਾਂ ਦੀ ਕਮੀ ਸੀ।
ਦੱਸ ਦਈਏ ਕਿ ਇਸ ਮਗਰੋਂ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਪਰਵਾਸੀ ਭਾਰਤੀ ਸੰਮੇਲਨ ਦੌਰਾਨ ਦਰਸ਼ਨ ਸਿੰਘ ਧਾਲੀਵਾਲ ਨੂੰ ਪਰਵਾਸੀ ਭਾਰਤੀ ਰਾਸ਼ਟਰਪਤੀ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦਰਸ਼ਨ ਸਿੰਘ ਧਾਲੀਵਾਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਕਾਫ਼ੀ ਨੇੜਤਾ ਮੰਨੀ ਜਾਂਦੀ ਐ, ਪਿਛਲੇ ਸਾਲ ਅਮਰੀਕਾ ਦੇ ਵਾਸ਼ਿੰਗਟਨ ਹਾਊਸ ਵਿਚ ਜੋਅ ਬਾਇਡਨ ਵੱਲੋਂ ਰੱਖੀ ਗਈ ਪਾਰਟੀ ਦੌਰਾਨ ਪੀਐਮ ਮੋਦੀ ਖ਼ੁਦ ਚੱਲ ਕੇ ਦਰਸ਼ਨ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕਰਨ ਲਈ ਆਏ ਸੀ। ਹੁਣ ਜਦੋਂ ਦਰਸ਼ਨ ਸਿੰਘ ਧਾਲੀਵਾਲ ਵੱਲੋਂ ਭਾਰਤ ਸਰਕਾਰ ਕੋਲ ਕਿਸਾਨਾਂ ਦੇ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ ਐ ਤਾਂ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ’ਤੇ ਕੀ ਫ਼ੈਸਲਾ ਕਰਦੀ ਐ।