‘ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬਹਾਲ ਕਰੇ ਭਾਰਤ ਸਰਕਾਰ’
ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਕੈਨੇਡੀਅਨ ਨਾਗਰਿਕਾਂ ਲਈ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੋਲ ਇਹ ਮੁੱਦਾ ਚੁੱਕਦੇ ਹੋਏ ਉਨ੍ਹਾਂ ਪ੍ਰਵਾਸੀ ਭਾਰਤੀਆਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ, ਜਿਨ੍ਹਾਂ ਕੋਲ ਓਸੀਆਈ […]
By : Hamdard Tv Admin
ਨਵੀਂ ਦਿੱਲੀ, (ਹਮਦਰਦ ਨਿਊਜ਼ ਸਰਵਿਸ) : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਕੈਨੇਡੀਅਨ ਨਾਗਰਿਕਾਂ ਲਈ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੋਲ ਇਹ ਮੁੱਦਾ ਚੁੱਕਦੇ ਹੋਏ ਉਨ੍ਹਾਂ ਪ੍ਰਵਾਸੀ ਭਾਰਤੀਆਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ, ਜਿਨ੍ਹਾਂ ਕੋਲ ਓਸੀਆਈ ਕਾਰਡ ਨਹੀਂ ਹੈ।
ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤੀ ਮੰਗ
ਐਮਪੀ ਵਿਕਰਮਜੀਤ ਸਿੰਘ ਸਾਹਨੀ ਨੇ ਵਿਦੇਸ਼ ਮੰਤਰਾਲੇ ਕੋਲ ਵੀਜ਼ਾ ਸੇਵਾਵਾਂ ਦੀ ਮੁੜ ਬਹਾਲੀ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਦੁਬਾਰਾ ਸ਼ੁਰੂ ਕੀਤੀਆਂ ਜਾਣ ਕਿਉਂਕਿ ਉਹ ਇਸ ਵੇਲੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।
ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਸਾਰੇ ਪ੍ਰਵਾਸੀ ਭਾਰਤੀ, ਖਾਸ ਤੌਰ ’ਤੇ ਪੰਜਾਬ ਨਾਲ ਸਬੰਧਤ ਐਨਆਰਆਈ ਬੇਨਤੀ ਕਰ ਚੁੱਕੇ ਨੇ। ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਦੀ ਗੰਭੀਰ ਬਿਮਾਰੀ, ਪਰਿਵਾਰਕ ਵਿਆਹ ਵਿੱਚ ਸ਼ਾਮਲ ਹੋਣ ਅਤੇ ਹੋਰ ਐਮਰਜੰਸੀ ਹਾਲਾਤ ਵਿੱਚ ਵੀ ਭਾਰਤੀ ਵੀਜ਼ਾ ਨਹੀਂ ਮਿਲ ਰਿਹਾ। ਇਸ ਕਾਰਨ ਉਹ ਇਸ ਵੇਲੇ ਕਾਫ਼ੀ ਨਿਰਾਸ਼ਾ ਵਿੱਚੋਂ ਲੰਘ ਰਹੇ ਨੇ।
ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਨਾਲ ਇਸ ਮਸਲੇ ਬਾਰੇ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਉਹ ਮੌਤ ਜਿਹੇ ਮਾਮਲਿਆਂ ਵਿੱਚ ਹੀ ਐਮਰਜੰਸੀ ਵੀਜ਼ਾ ਦੇਣ ’ਤੇ ਵਿਚਾਰ ਕਰ ਸਕਦੇ ਨੇ। ਬਾਕੀ ਵੀਜ਼ਾ ਸੇਵਾਵਾਂ ’ਤੇ ਭਾਰਤੀ ਵਿਦੇਸ਼ ਮੰਤਰਾਲੇ ਦੇ ਅਗਲੇ ਹੁਕਮਾਂ ਤੱਕ ਰੋਕ ਲੱਗੀ ਰਹੇਗੀ।
ਸਾਹਨੀ ਨੇ ਕਿਹਾ ਕਿ ਹੋਰ ਸਾਰੇ ਮਾਮਲਿਆਂ ਜਾਂ ਐਮਰਜੰਸੀ ਹਾਲਾਤ ਲਈ ਉਹ ਵਿਦੇਸ਼ ਮੰਤਰਾਲੇ ਵੱਲੋਂ ਨੀਤੀ ਦਿਸ਼ਾ ਨਿਰਦੇਸ਼ ਮਿਲਣ ਦੀ ਉਡੀਕ ਕਰ ਰਹੇ ਹਨਉਂ ਸੰਸਦ ਮੈਂਬਰ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੀਜ਼ਾ ਜਾਰੀ ਕਰਨ ਤੋਂ ਇਨਕਾਰ ਜਾਂ ਦੇਰੀ ਨਾਲ ਕੈਨੇਡਾ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੋਲ ਚੁੱਕਿਆ ਮੁੱਦਾ
ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦ ਹੀ ਵਿਦੇਸ਼ ਮੰਤਰਾਲਾ ਕੈਨੇਡਾ ਵਿੱਚ ਭਾਰਤੀ ਕਮਿਸ਼ਨਰਾਂ ਅਤੇ ਵਣਜ ਦੂਤਾਵਾਸਾਂ ਨੂੰ ਵੀਜ਼ਾ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕਰੇਗਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਭਾਰਤੀ ਮਿਸ਼ਨਾਂ ਵਿੱਚ ਕਰਮਚਾਰੀਆਂ ਦੀ ਕਮੀ ਹੋਣ ’ਤੇ ਈ-ਵੀਜ਼ਾ ਦੇਣ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਦੱਸ ਦੇਈਏ ਕਿ ਹਰਦੀਪ ਸਿੰਘ ਨਿੱਜਰ ਦੇ ਮੁੱਦੇ ਨੂੰ ਲੈ ਕੇ ਮੌਜੂਦਾ ਸਮੇਂ ਭਾਰਤ ਅਤੇ ਕੈਨੇਡਾ ਵਿਚਾਲੇ ਸਬੰਧਾਂ ’ਚ ਤਣਾਅ ਚੱਲ ਰਿਹਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਸੰਸਦ ਵਿੱਚ ਬਿਆਨ ਜਾਰੀ ਕਰਦਿਆਂ ਭਾਰਤ ’ਤੇ ਗੰਭੀਰ ਦੋਸ਼ ਲਾਏ ਸੀ। ਉਨ੍ਹਾਂ ਕਿਹਾ ਕਿ ਨਿੱਜਰ ਦੇ ਕਤਲ ਮਾਮਲੇ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ। ਇਸ ਬਿਆਨ ਜਾਰੀ ਕਰਦਿਆਂ ਹੀ ਕੈਨੇਡਾ ਸਰਕਾਰ ਨੇ ਭਾਰਤ ਦੇ ਇੱਕ ਡਿਪਲੋਮੈਟ ਨੂੰ ਵੀ ਆਪਣੇ ਦੇਸ਼ ਵਿੱਚੋਂ ਕੱਢ ਦਿੱਤਾ ਸੀ। ਹਾਲਾਂਕਿ ਭਾਰਤ ਸਰਕਾਰ ਨੇ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਤੇ ਨਾਲ ਹੀ ਜਵਾਬੀ ਕਾਰਵਾਈ ਕਰਦੇ ਹੋਏ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ।
ਇਸ ਮਗਰੋਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਭਾਰਤ ਅਤੇ ਕੈਨੇਡਾ ’ਚ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਵੀ ਜਾਰੀ ਕੀਤੀ। ਭਾਰਤ ਸਰਕਾਰ ਨੇ ਇਸ ਤੋਂ ਵੀ ਅੱਗੇ ਜਾਂਦੇ ਹੋਏ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ’ਤੇ ਹੀ ਰੋਕ ਲਾ ਦਿੱਤੀ। ਸੋ ਇਸ ਤਰ੍ਹਾਂ ਤਲਖੀ ਭਰੇ ਸਬੰਧ ਅਜੇ ਵੀ ਜਾਰੀ ਨੇ। ਉਮੀਦ ਹੈ ਕਿ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਗੱਲਬਾਤ ਰਾਹੀਂ ਇਸ ਮਸਲੇ ਦਾ ਜਲਦ ਹੱਲ ਕੱਢਣਗੀਆਂ।