ਗੁਰਦੁਆਰਾ ਰਕਾਬਗੰਜ ਵਿਖੇ ਹੋਈ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਅੰਤਿਮ ਅਰਦਾਸ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸਾਰੀਆਂ ਪਾਰਟੀਆਂ ਦੇ ਸਿਆਸੀ ਆਗੂ ਪੁੱਜੇ ਹੋਏ ਸੀ, ਉਥੇ ਹੀ ਧਾਰਮਿਕ ਆਗੂ ਅਤੇ ਸਮਾਜਿਕ ਸਖ਼ਸ਼ੀਅਤਾਂ ਵੀ ਵੱਡੀ ਗਿਣਤੀ ਵਿਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੀਆਂ ਹੋਈਆਂ ਸਨ।
By : Makhan shah
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਅੰਤਿਮ ਅਰਦਾਸ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸਾਰੀਆਂ ਪਾਰਟੀਆਂ ਦੇ ਸਿਆਸੀ ਆਗੂ ਪੁੱਜੇ ਹੋਏ ਸੀ, ਉਥੇ ਹੀ ਧਾਰਮਿਕ ਆਗੂ ਅਤੇ ਸਮਾਜਿਕ ਸਖ਼ਸ਼ੀਅਤਾਂ ਵੀ ਵੱਡੀ ਗਿਣਤੀ ਵਿਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੀਆਂ ਹੋਈਆਂ ਸਨ।
ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਗ੍ਰੰਥੀ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਰਹੇ ਡਾ. ਮਨਮੋਹਨ ਸਿੰਘ ਸਬੰਧੀ ਕੁੱਝ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਪੜ੍ਹ ਕੇ ਸੁਣਾਇਆ ਗਿਆ। ਪੂਰੀ ਸਿੱਖ ਸੰਗਤ ਨੇ ਇਨ੍ਹਾਂ ਮਤਿਆਂ ਨੂੰ ਬੋਲੇ ਸੋ ਨਿਹਾਲ ਦੇ ਜੈਕਾਰਾ ਗਜਾ ਕੇ ਮਨਜ਼ੂਰੀ ਦਿੱਤੀ। ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਹੋਈ ਅੰਤਿਮ ਅਰਦਾਸ ਤੋਂ ਬਾਅਦ ਡਾ. ਮਨਮੋਹਨ ਸਿੰਘ ਦੀ ਸਪੁੱਤਰੀ ਉਪਿੰਦਰ ਸਿੰਘ ਵੱਲੋਂ ਸਮਾਗਮ ਵਿਚ ਪੁੱਜੀ ਸਾਰੀ ਸੰਗਤ ਦਾ ਧੰਨਵਾਦ ਕੀਤਾ ਗਿਆ।
ਇਸ ਤੋਂ ਪਹਿਲਾਂ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ਅਸਥਾਨ ਵਿਖੇ ਵੀ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਾਂਗਰਸ ਦੇ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਮੇਤ ਕਈ ਵੱਡੇ ਆਗੂ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਹੋਏ ਸਨ। ਇਸ ਦੌਰਾਨ ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਉਨ੍ਹਾਂ ਦੀਆਂ ਧੀਆਂ ਵੱਲੋਂ ਕੀਰਤਨ ਕੀਤਾ ਗਿਆ। ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਖ਼ੁਦ ਮਰਹੂਮ ਮਨਮੋਹਨ ਸਿੰਘ ਦਾ ਮਨਪਸੰਦ ਸ਼ਬਦ ਹਾਰਮੋਨੀਆ ’ਤੇ ਗਾਇਆ।
ਇਸ ਦੌਰਾਨ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਮੌਂਟੇਕ ਸਿੰਘ ਆਹਲੂਵਾਲੀਆ, ਹਰਿਆਣਾ ਦੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬੀਬੀ ਜਗੀਰ ਕੌਰ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪੰਜਾਬ ਤੋਂ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਸਮੇਤ ਵੱਡੀ ਗਿਣਤੀ ਵਿਚ ਸਿਆਸੀ ਲੀਡਰ, ਧਾਰਮਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਮੌਜੂਦ ਸਨ।
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ, ਉਹ ਜਿੱਥੇ ਵਿਸ਼ਵ ਦੇ ਮੰਨੇ ਪ੍ਰਮੰਨੇ ਅਰਥ ਸਾਸ਼ਤਰੀ ਸਨ, ਉਥੇ ਹੀ ਉਨ੍ਹਾਂ ਨੂੰ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਹੋਣ ਦਾ ਮਾਣ ਵੀ ਹਾਸਲ ਐ।