ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ, ਜਾਣੋ ਖਬਰ
ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ । ਜਿਸ ਸਬੰਧੀ ਅੱਜ ਸੁਣਵਾਈ ਹੋਣੀ ਹੈ ।
By : lokeshbhardwaj
ਚੰਡੀਗੜ੍ਹ : ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ । ਜਿਸ ਸਬੰਧੀ ਅੱਜ ਸੁਣਵਾਈ ਹੋਣੀ ਹੈ । ਜ਼ਿਕਰਯੋਗ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਹਰਿਆਣਾ ਸਰਕਾਰ ਨੂੰ ਹੁਕਮ ਜਾਰੀ ਕਰ ਕੇ ਇਕ ਹਫਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਲਈ ਕਿਹਾ ਸੀ । ਜਿਸ ਦਾ ਸਮਾਂ ਸੀਮਾ ਬੁੱਧਵਾਰ 17 ਜੁਲਾਈ ਨੂੰ ਖਤਮ ਹੋ ਰਹੀ ਸੀ, ਇਸ ਤੋਂ ਪਹਿਲਾਂ ਹੀ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਮੁਨਾਸਿਬ ਸਮਝੀ, ਕਿਉਂਕਿ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਸਰਹੱਦ ਖੁੱਲ੍ਹਦੇ ਹੀ ਉਹ ਦਿੱਲੀ ਵੱਲ ਕੂਚ ਕਰਨਗੇ , ਜਦਕਿ ਹਰਿਆਣਾ ਸਰਕਾਰ ਨਹੀਂ ਚਾਹੁੰਦੀ ਕਿ ਕਿਸਾਨ ਕਿਸੇ ਵੀ ਹਾਲਤ ਵਿੱਚ ਦਿੱਲੀ ਵਲ ਜਾਣ । ਇਸ ਕਾਰਨ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਹਾਲਾਂਕਿ ਸੁਪਰੀਮ ਕੋਰਟ ਪਹਿਲਾਂ ਹੀ ਹਰਿਆਣਾ ਸਰਕਾਰ ਨੂੰ ਸਰਹੱਦ ਬੰਦ ਕਰਨ ਲਈ ਫਟਕਾਰ ਲਗਾ ਚੁੱਕੀ ਹੈ ।
ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ । ਜਿਸ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਵੱਲ ਸਰਹੱਦ 'ਤੇ ਪੱਕਾ ਮੋਰਚਾ ਬਣਾ ਲਿਆ । ਅਜਿਹੇ 'ਚ ਉਥੋਂ ਆਵਾਜਾਈ ਵੀ ਬੰਦ ਹੋਈ । ਇਸ ਕਾਰਨ ਅੰਬਾਲਾ ਦੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ । ਜਿਸ ਤੇ ਅੱਜ ਅਹਿਮ ਫੈਸਲਾ ਆ ਸਕਦਾ ਹੈ ।