ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ਤੇ ਰੱਖੇ: ਹਰਜੋਤ ਬੈਂਸ
ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।
By : Dr. Pardeep singh
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਮ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ ਮੋਰਿੰਡਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ।