ਅਸਤੀਫ਼ੇ ਦੇਣ ਵਿਚ ਆਨਾ ਕਾਨੀ ਨਾ ਕਰੇ ਅਕਾਲੀ ਦਲ : ਜਥੇਦਾਰ ਅਕਾਲ ਤਖ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸਮੂਹ ਸਿੱਖ ਸੰਗਤਾਂ ਨੂੰ ਮੁਬਾਰਕਵਾਦ ਦਿੱਤੀ ਗਈ, ਉਥੇ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਕਈ ਹੋਰ ਅਹਿਮ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ। ਉਨ੍ਹਾਂ ਜਿੱਥੇ ਅਕਾਲੀ ਦਲ ਨੂੰ ਤੁਰੰਤ ਅਸਤੀਫ਼ੇ ਦੇਣ ਲਈ ਆਖਿਆ,
By : Makhan shah
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸਮੂਹ ਸਿੱਖ ਸੰਗਤਾਂ ਨੂੰ ਮੁਬਾਰਕਵਾਦ ਦਿੱਤੀ ਗਈ, ਉਥੇ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਕਈ ਹੋਰ ਅਹਿਮ ਮੁੱਦਿਆਂ ’ਤੇ ਵੀ ਗੱਲਬਾਤ ਕੀਤੀ। ਉਨ੍ਹਾਂ ਜਿੱਥੇ ਅਕਾਲੀ ਦਲ ਨੂੰ ਤੁਰੰਤ ਅਸਤੀਫ਼ੇ ਦੇਣ ਲਈ ਆਖਿਆ, ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਬਣਾਈ ਜਾਂਚ ਕਮੇਟੀ ’ਤੇ ਵੀ ਇਤਰਾਜ਼ ਜਤਾਇਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ਵਿਚ ਸੁਖਬੀਰ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਅਸਤੀਫਿਆਂ ਦੇ ਮਾਮਲੇ ’ਤੇ ਬੋਲਦਿਆਂ ਆਖਿਆ ਕਿ ਅਸਤੀਫ਼ੇ ਪ੍ਰਵਾਨ ਕਰਕੇ ਜਲਦ ਤੋਂ ਜਲਦ ਅਕਾਲੀ ਦਲ ਨੂੰ ਅਕਾਲ ਤਖਤ ਦੇ ਹੁਕਮ ਦੀ ਪਾਲਣਾ ਕਰਨੀ ਚਾਹੀਦੀ ਐ, ਇਸ ਵਿਚ ਕੋਈ ਆਨਾ ਕਾਨੀ ਨਹੀਂ ਕਰਨੀ ਚਾਹੀਦੀ।
ਇਸ ਦੇ ਨਾਲ ਹੀ ਜਥੇਦਾਰ ਸਾਹਿਬ ਨੇ ਐਸਜੀਪੀਸੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਲਈ ਕਮੇਟੀ ’ਤੇ ਬੋਲਦਿਆਂ ਆਖਿਆ ਕਿ ਇਹ ਜਾਂਚ ਕਮੇਟੀ ਗ਼ਲਤ ਐ ਕਿਉਂਕਿ ਜਥੇਦਾਰਾਂ ਦੀ ਪੜਤਾਲ ਕਰਨ ਦਾ ਸਿਰਫ਼ ਅਕਾਲ ਤਖਤ ਸਾਹਿਬ ਨੂੰ ਅਧਿਕਾਰ ਐ, ਉਹ ਕਮੇਟੀ ਖ਼ਤਮ ਕਰਕੇ ਜਾਂਚ ਅਕਾਲ ਤਖ਼ਤ ਨੂੰ ਸੌਂਪਣੀ ਚਾਹੀਦੀ ਐ। ਉਨ੍ਹਾਂ ਇਹ ਵੀ ਆਖਿਆ ਕਿ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਸਾਹਿਬ ਦੇ ਸਨਮੁੱਖ ਹੋ ਕੇ ਸਾਰੇ ਇਲਜ਼ਾਮਾਂ ਨੂੰ ਝੂਠੇ ਆਖ ਚੁੱਕੇ ਨੇ ਤਾਂ ਇਸ ਤੋਂ ਬਾਅਦ ਜਾਂਚ ਦਾ ਕੋਈ ਆਧਾਰ ਨਹੀਂ ਰਹਿ ਜਾਂਦਾ।
ਇਸ ਤੋਂ ਇਲਾਵਾ ਉਨ੍ਹਾਂ ਨੇ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰਨ ਦੇ ਮਾਮਲੇ ’ਤੇ ਬੋਲਦਿਆਂ ਅਖਿਆ ਕਿ ਜਿਸ ਵਿਅਕਤੀ ਨੇ ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਾਰੀ ਸੀ, ਉਸ ਦਾ ਮੁਆਫ਼ੀਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਚੁੱਕਿਆ ਏ, ਜਿਸ ਵਿਚ ਉਸ ਨੇ ਜ਼ਬਰੀ ਦਸਤਾਰ ਉਤਾਰੇ ਜਾਣ ਦੀ ਗੱਲ ਕਬੂਲ ਕੀਤੀ ਐ, ਜਲਦ ਹੀ ਉਸ ’ਤੇ ਵਿਚਾਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਕਿਸਾਨਾਂ ਦੇ ਮੁੱਦੇ ’ਤੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜੋ ਅੰਨਦਾਤਾ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਸਾਰੇ ਲੋਕਾਂ ਦਾ ਢਿੱਡ ਭਰਦਾ ਏ, ਸਰਕਾਰ ਨੂੰ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਏ। ਉਨ੍ਹਾਂ ਆਖਿਆ ਕਿ ਕਿੰਨੀ ਮੰਦਭਾਗੀ ਗੱਲ ਐ ਕਿ ਦੇਸ਼ ਦੇ ਅੰਨਦਾਤਾ ਨੂੰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮਰਨ ਵਰਤ ਕਰਨੇ ਪੈ ਰਹੇ ਨੇ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿਚ ਪੁੱਜੇ ਹੋਏ ਸਨ।