ਭਾਈ ਰਾਜੋਆਣਾ ਨੇ ਜਥੇਦਾਰ ਗੜਗੱਜ ਨੂੰ ਲਿਖੀ ਚਿੱਠੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਕੇਂਦਰੀ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਤਿੱਖੀ ਅਤੇ ਸਖ਼ਤ ਚਿੱਠੀ ਲਿਖੀ ਹੈ

By : Mehtab-Ud-Din
ਕੀਤੀ ਇਹ ਵੱਡੀ ਤੇ ਅਹਿਮ ਅਪੀਲ, 10 ਦਿਨਾਂ ਦਾ ਦਿੱਤਾ ਸਮਾਂ
ਪਹਿਲਾਂ ਵੀ ਲਿਖ ਚੁੱਕੇ ਹਨ ਕਈ ਚਿੱਠੀਆਂ
ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਕੇਂਦਰੀ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਤਿੱਖੀ ਅਤੇ ਸਖ਼ਤ ਚਿੱਠੀ ਲਿਖੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਰਾਸ਼ਟਰਪਤੀ ਕੋਲ ਪਾਈ ਗਈ ਉਨ੍ਹਾਂ ਲਈ ਰਹਿਮ ਦੀ ਅਪੀਲ ਤੁਰੰਤ ਵਾਪਸ ਲਈ ਜਾਵੇ। ਰਾਜੋਆਣਾ ਨੇ ਸਾਫ਼ ਲਿਖਿਆ ਹੈ ਕਿ ਪਿਛਲੇ 14 ਸਾਲਾਂ ਤੋਂ ਇਸ ਅਪੀਲ ਨੂੰ ਮੁਲਤਵੀ ਰੱਖਣਾ ਫਾਂਸੀ ਦੀ ਸਜ਼ਾ ਤੋਂ ਵੀ ਵੱਧ ‘ਮਾਨਸਿਕ ਤਸੀਹੇ’ ਦੇਣ ਵਾਲੀ ਗੱਲ ਹੈ। ਉਨ੍ਹਾਂ ਨੇ SGPC ਨੂੰ ਅਗਲੇ 10 ਦਿਨਾਂ ਦੇ ਅੰਦਰ ਇਹ ਅਪੀਲ ਵਾਪਸ ਲੈਣ ਦਾ ਸਮਾਂ ਵੀ ਦਿੱਤਾ ਹੈ।
ਇਸ ਚਿੱਠੀ ਵਿਚ ਭਾਈ ਰਾਜੋਆਣਾ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਖੁਦ ਕਦੇ ਵੀ ਰਹਿਮ ਦੀ ਅਪੀਲ ਨਹੀਂ ਕੀਤੀ ਸੀ। ਇਹ ਅਪੀਲ SGPC ਵੱਲੋਂ 2012 ਵਿਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਲਗਾਤਾਰ ਲਟਕਾਈ ਜਾ ਰਹੀ ਹੈ। ਉਨ੍ਹਾਂ ਅਨੁਸਾਰ ਇਸ ਲਟਕਾਵੇਬਾਜ਼ੀ ਨੇ ਉਨ੍ਹਾਂ ਨੂੰ ਫਾਂਸੀ ਤੋਂ ਵੀ ਵੱਧ ਤਸੀਹੇ ਦਿੱਤੇ ਹਨ। ਰਾਜੋਆਣਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਅਪੀਲ ਕੀਤੀ ਹੈ ਕਿ ਉਹ SGPC ਉਤੇ ਦਬਾਅ ਪਾਉਣ ਤਾਂ ਜੋ ਇਸ ਅਪੀਲ ਨੂੰ ਵਾਪਸ ਲਿਆ ਜਾਵੇ ਅਤੇ ਅਜਿਹਾ ਤੁਰੰਤ ਕੀਤਾ ਜਾਵੇ। ਉਨ੍ਹਾਂ ਲਿਖਿਆ ਹੈ ਕਿ ਇਸ ਤਰ੍ਹਾਂ ਦੀ ਲਟਕਾਈ ਸਿੱਖ ਭਾਈਚਾਰੇ ਅਤੇ ਅਕਾਲ ਤਖ਼ਤ ਸਾਹਿਬ ਦੀ ਆਵਾਜ਼ ਨੂੰ ਕਮਜ਼ੋਰ ਬਣਾ ਰਹੀ ਹੈ।
ਭਾਈ ਬਲਵੰਤ ਸਿੰਘ ਰਾਜੋਆਣਾ ਉਸ ਵਿਅਕਤੀ ਵਜੋਂ ਜਾਣੇ ਜਾਂਦੇ ਹਨ ਜਿਨ੍ਹਾਂ ਉਤੇ 31 ਅਗਸਤ 1995 ਨੂੰ ਚੰਡੀਗੜ੍ਹ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਇਲਜ਼ਾਮ ਹੈ। ਇਸ ਕਾਂਡ ਵਿਚ ਇੱਕ ਆਤਮਘਾਤੀ ਬੰਬ ਧਮਾਕਾ ਹੋਇਆ ਸੀ ਜਿਸ ਵਿਚ ਬੇਅੰਤ ਸਿੰਘ ਸਮੇਤ ਕਈ ਲੋਕ ਮਾਰੇ ਗਏ ਸਨ। ਰਾਜੋਆਣਾ ਉਸ ਵੇਲੇ ਪੰਜਾਬ ਪੁਲਿਸ ਵਿਚ ਕਾਂਸਟੇਬਲ ਸਨ। 2007 ਵਿਚ ਉਨ੍ਹਾਂ ਨੂੰ ਖਾਸ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਪੀਲਾਂ ਕੀਤੀਆਂ ਪਰ ਸਜ਼ਾ ਬਰਕਰਾਰ ਰਹੀ। ਉਹ ਪਿਛਲੇ ਲਗਭਗ 30 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਇਸ ਸਮੇਂ ਫਾਂਸੀ ਦੀ ਉਡੀਕ ਵਿਚ ਹਨ।
SGPC ਨੇ 2012 ਵਿਚ ਉਨ੍ਹਾਂ ਲਈ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਇਹ ਅਪੀਲ ਮੁਲਤਵੀ ਪਈ ਹੋਈ ਹੈ। ਰਾਜੋਆਣਾ ਇਸ ਤੋਂ ਪਹਿਲਾਂ ਵੀ ਕਈ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ SGPC ਨੂੰ ਇਸੇ ਮੁੱਦੇ ਉਤੇ ਚਿੱਠੀਆਂ ਲਿਖ ਚੁੱਕੇ ਹਨ।
ਇਸ ਚਿੱਠੀ ਨੇ ਸਿੱਖ ਰਾਜਨੀਤੀ ਅਤੇ ਧਾਰਮਿਕ ਗਲਿਆਰਿਆਂ ਵਿਚ ਵੱਡੀ ਚਰਚਾ ਛੇੜ ਦਿੱਤੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਉਤੇ ਕੀ ਰਾਇ ਬਣਾਉਂਦੇ ਹਨ। ਇਸ ਤੋਂ ਪਹਿਲਾਂ SGPC ਨੇ ਰਾਜੋਆਣਾ ਦੀ ਅਪੀਲ ਵਾਪਸ ਲੈਣ ਤੋਂ ਇਨਕਾਰ ਕੀਤਾ ਸੀ ਅਤੇ ਉਸ ਨੂੰ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਯਤਨ ਕੀਤੇ ਸਨ।
ਇਸ ਮਾਮਲੇ ਨੂੰ ਸਿੱਖ ਕੌ੍ਮ ਵਿਚ ‘ਬੰਦੀ ਸਿੰਘ’ ਮੁੱਦੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਰਾਜੋਆਣਾ ਨੂੰ ਬਹੁਤ ਸਾਰੇ ਸਿੱਖ ਯੋਧੇ ਵਜੋਂ ਵੇਖਦੇ ਹਨ ਅਤੇ ਉਨ੍ਹਾਂ ਲਈ ਰਹਿਮ ਜਾਂ ਫਾਂਸੀ ਦਾ ਫੈਸਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਇਸ ਚਿੱਠੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ SGPC ਨੂੰ ਨਿਰਦੇਸ਼ ਜਾਰੀ ਕਰਨ ਦੀ ਸੰਭਾਵਨਾ ਵੀ ਉੱਠ ਰਹੀ ਹੈ।
ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਉਤੇ ਨਜ਼ਰ ਰੱਖੀ ਹੋਈ ਹੈ ਅਤੇ ਉਨ੍ਹਾਂ ਨੇ ਰਾਜੋਆਣਾ ਦੀ ਮੰਗ ਨੂੰ ਸਮਰਥਨ ਦੇਣ ਦੀ ਗੱਲ ਕੀਤੀ ਹੈ।


