Lawrence Bishnoi: ਲਾਰੈਂਸ ਬਿਸਨੋਈ ਦੇ ਸਾਥੀ ਨਾਲ ਜੁੜੀ ਵੱਡੀ ਖਬਰ, ਚੰਡੀਗੜ੍ਹ ਕੀਤਾ ਜਾਵੇਗਾ ਸ਼ਿਫਟ
ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਣ ਬਠਿੰਡਾ ਜੇਲ ਵਿਚ ਬੰਦ ਲਾਰੈਂਸ ਬਿਸ਼ਨੋਈ ਦੇ ਸਾਥੀ ਰਵਿੰਦਰ ਸਿੰਘ ਉਰਫ਼ ਕਾਲੀ ਸ਼ੂਟਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਤਬਦੀਲ ਕੀਤਾ ਜਾਵੇਗਾ।
By : Dr. Pardeep singh
ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹੁਣ ਬਠਿੰਡਾ ਜੇਲ ਵਿਚ ਬੰਦ ਲਾਰੈਂਸ ਬਿਸ਼ਨੋਈ ਦੇ ਸਾਥੀ ਰਵਿੰਦਰ ਸਿੰਘ ਉਰਫ਼ ਕਾਲੀ ਸ਼ੂਟਰ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਤਬਦੀਲ ਕੀਤਾ ਜਾਵੇਗਾ। ਆਪਣੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।
ਅਦਾਲਤ ਨੇ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਇਹ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਪਰ ਅਦਾਲਤ ਨੇ ਮੰਨਿਆ ਕਿ ਮੈਡੀਕਲ ਆਧਾਰ 'ਤੇ ਇਹ ਕਿਸੇ ਲਈ ਵੀ ਜ਼ਰੂਰੀ ਹੈ। ਦੱਸ ਦੇਈਏ ਕਿ ਕਾਲੀ ਸ਼ੂਟਰ ਇਸ ਸਮੇਂ ਬਠਿੰਡਾ ਜੇਲ ਵਿਚ 2 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ 'ਤੇ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਹਿਰਾਸਤ 'ਚੋਂ ਫਰਾਰ ਕਰਨ ਦਾ ਇਲਜ਼ਾਮ ਸੀ। ਇਸ ਮਾਮਲੇ 'ਚ ਮੋਹਾਲੀ ਸੈਸ਼ਨ ਕੋਰਟ ਨੇ ਪਿਛਲੇ ਸਾਲ ਦਸੰਬਰ ਮਹੀਨੇ 'ਚ 2 ਸਾਲ ਦੀ ਸਜ਼ਾ ਸੁਣਾਈ ਸੀ। 16 ਜਨਵਰੀ 2015 ਨੂੰ ਬਨੂੜ ਲਾਂਡਰਾ ਰੋਡ 'ਤੇ ਲੱਕੀ ਢਾਬੇ ਨੇੜੇ ਉਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਹਿਰਾਸਤ 'ਚੋਂ ਭਜਾਉਣ ਦੀ ਕੋਸ਼ਿਸ਼ ਕੀਤੀ ਸੀ।
ਸ਼ੂਟਰ ਕਾਲੀ ਖਿਲਾਫ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ਵਿਚ ਕਈ ਮਾਮਲੇ ਦਰਜ ਹਨ। ਉਹ ਪਹਿਲਾਂ ਵੀ ਚੰਡੀਗੜ੍ਹ ਦੀ ਰੋਪੜ ਜੇਲ ਵਿਚ ਰਹਿ ਚੁੱਕਾ ਹੈ। ਸਾਲ 2020 ਵਿਚ ਉਹ ਬੁੜੈਲ ਜੇਲ ਵਿੱਚ ਬੰਦ ਸੀ। ਉਦੋਂ ਜੇਲ੍ਹ ਪ੍ਰਸ਼ਾਸਨ ਨੇ ਉਸ ਅਤੇ ਉਸ ਦੇ ਸਾਥੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਕੀਤੇ ਸਨ। ਜੇਲ ਪ੍ਰਸ਼ਾਸਨ ਨੇ ਕਾਲੀ ਰਾਜਪੂਤ ਅਤੇ ਰਾਜਨ ਭੱਟੀ ਕੋਲੋਂ ਦੋ ਕੀਪੈਡ ਮੋਬਾਈਲ ਅਤੇ ਇੱਕ ਸਮਾਰਟਫੋਨ ਬਰਾਮਦ ਕੀਤਾ ਸੀ। ਇਸ ਦੇ ਨਾਲ ਹੀ ਇੱਕ ਸਿਮ ਵੀ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਸੈਕਟਰ-49 ਥਾਣੇ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।