ਜਲੰਧਰ ’ਚ ਆਪ ਦਾ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਪ੍ਰਦਰਸ਼ਨ
ਜਲੰਧਰ ਵਿਚ ਆਮ ਆਦਮੀ ਪਾਰਟੀ ਵੱਲੋਂ ਨੀਟ ਪ੍ਰੀਖਿਆ ਵਿਚ ਧਾਂਦਲੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਸੂਬੇ ਦੇ ਦੋ ਕੈਬਨਿਟ ਮੰਤਰੀਆਂ ਸਮੇਤ ਕਈ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
By : Makhan shah
ਜਲੰਧਰ : ਜਲੰਧਰ ਵਿਚ ਆਮ ਆਦਮੀ ਪਾਰਟੀ ਵੱਲੋਂ ਨੀਟ ਪ੍ਰੀਖਿਆ ਵਿਚ ਧਾਂਦਲੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਸੂਬੇ ਦੇ ਦੋ ਕੈਬਨਿਟ ਮੰਤਰੀਆਂ ਸਮੇਤ ਕਈ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਹ ਰੋਸ ਮੁਜ਼ਾਹਰਾ ਜਲੰਧਰ ਦੇ ਡੀਸੀ ਦਫ਼ਤਤਰ ਦੇ ਬਾਹਰ ਕੀਤਾ ਗਿਆ।
ਆਮ ਆਦਮੀ ਪਾਰਟੀ ਵੱਲੋਂ ਨੀਟ ਪ੍ਰੀਖਿਆ ਵਿਚ ਹੋਏ ਘੋਟਾਲੇ ਨੂੰ ਲੈ ਕੇ ਜਲੰਧਰ ਵਿਖੇ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਸਮੇਤ ਕਈ ਹਲਕਿਆਂ ਦੇ ਵਿਧਾਇਕ ਅਤੇ ਹੋਰ ਸੀਨੀਅਰ ਨੇਤਾ ਸ਼ਾਮਲ ਹੋਏ। ਇਨ੍ਹਾਂ ਨੇਤਾਵਾਂ ਵੱਲੋਂ ਕੇਂਦਰ ਸਰਕਾਰ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ’ਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਇਲਜ਼ਾਮ ਲਗਾਏ ਗਏ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਨੀਟ ਪ੍ਰੀਖਿਆ ਵਿਚ ਵੱਡਾ ਘਪਲਾ ਕਰਕੇ 25 ਲੱਖ ਤੋਂ ਜ਼ਿਆਦਾ ਬੱਚਿਆਂ ਦੇ ਭਵਿੱਖ ਨਾਲ ਖਿਲਵਾਡ ਕੀਤਾ ਗਿਆ ਏ। ਇਸ ਦੌਰਾਨ ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਪੇਪਰ ਦੁਬਾਰਾ ਕਰਵਾਉਣ ਦੀ ਮੰਗ ਕੀਤੀ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵੀ ਆਖਿਆ ਕਿ ਨੀਟ ਦੇਸ਼ ਦੀ ਸਭ ਤੋਂ ਮੁਸ਼ਕਲ ਪ੍ਰੀਖਿਆ ਏ, ਜਦੋਂ ਬੱਚਾ ਪਾਸ ਹੋ ਜਾਵੇ ਜਾਂ ਨਤੀਜੇ ਵਿਚ ਕਿਸੇ ਤਰ੍ਹਾਂ ਦੀ ਕੋਈ ਕੋਤਾਹੀ ਵਰਤੀ ਗਈ ਹੋਵੇ ਤਾਂ ਬੱਚਿਆਂ ਦਾ ਮਨ ਟੁੱਟ ਜਾਂਦਾ ਏ। ਉਨ੍ਹਾਂ ਨੇ ਵੀ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਦੱਸ ਦਈਏ ਕਿ ਪੂਰੇ ਦੇਸ਼ ਵਿਚ ਨੀਟ ਦੀ ਪ੍ਰੀਖਿਆ 5 ਮਈ ਨੂੰ ਹੋਈ ਸੀ, ਜਿਸ ਦਾ ਨਤੀਜਾ 4 ਜੂਨ ਨੂੰ ਆਇਆ ਸੀ ਪਰ ਨਤੀਜੇ ਵਿਚ ਬੇਨਿਯਮੀਆਂ ਪਾਈਆਂ ਗਈਆਂ, ਜਿਸ ਕਾਰਨ ਇਸ ਵਿਚ ਵੱਡੇ ਘੋਟਾਲੇ ਦਾ ਸ਼ੱਕ ਜਤਾਇਆ ਜਾ ਰਿਹਾ ਏ। ਅਦਾਲਤ ਨੇ ਵੀ ਮੰਨਿਆ ਏ ਕਿ ਜੋ ਗ੍ਰੇਸ ਮਾਰਕ ਦਿੱਤੇ ਗਏ ਨੇ, ਉਹ ਗ਼ਲਤ ਨੇ, ਇਸ ’ਤੇ ਰੀਵਿਊ ਕੀਤਾ ਜਾਣਾ ਚਾਹੀਦਾ ਏ।