ਸਾਂਸਦ ਗੁਰਜੀਤ ਔਜਲਾ ਲੋਕ ਸਭਾ ਦੀ ਓਬੀਸੀਜ਼ ਭਲਾਈ ਸਬੰਧੀ ਕਮੇਟੀ ਦੇ ਮੈਂਬਰ ਬਣੇ
ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਸਪੀਕਰ ਵੱਲੋਂ ਹੋਰ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਸਬੰਧੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।...
By : Makhan shah
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਸਪੀਕਰ ਵੱਲੋਂ ਹੋਰ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਸਬੰਧੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸੰਸਦ ਮੈਂਬਰ ਔਜਲਾ ਵੱਲੋਂ ਇਸ ਨਿਯੁਕਤੀ ਲਈ ਸਪੀਕਰ ਅਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਮੈਂ ਸ਼ੁਕਰਗੁਜ਼ਾਰ ਹਾਂ ਸਪੀਕਰ ਸਾਹਿਬ ਅਤੇ ਕਾਂਗਰਸ ਹਾਈਕਮਾਨ ਦਾ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਦੇ ਯੋਗ ਸਮਝਿਆ।
ਸਾਂਸਦ ਗੁਰਜੀਤ ਸਿੰਘ ਔਜਲਾ ਨੇ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਅੱਗੇ ਆਖਿਆ ਕਿ ਉਹ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹੇ ਹਨ ਅਤੇ ਅੱਗੇ ਵੀ ਰਹਿਣਗੇ ਕਿਉਂਕਿ ਹਰ ਵਰਗ ਦੇ ਵਿਕਾਸ ਨਾਲ ਹੀ ਦੇਸ਼ ਦਾ ਵਿਕਾਸ ਸੰਭਵ ਹੈ।
ਗੁਰਜੀਤ ਔਜਲਾ ਨੇ ਆਖਿਆ ਕਿ ਲੋਕ ਸਭਾ ਦੀ ਇਸ ਕਮੇਟੀ ਰਾਹੀਂ ਉਹ ਪਛੜੀਆਂ ਸ਼੍ਰੇਣੀਆਂ ਦੇ ਹੱਕਾਂ ਲਈ ਕਈ ਯੋਜਨਾਵਾਂ ’ਤੇ ਕੰਮ ਕਰ ਸਕਦੇ ਹਨ ਅਤੇ ਆਪਣੇ ਇਲਾਕੇ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਦੀਆਂ ਯੋਜਨਾਵਾਂ ਬਣਾ ਸਕਦੇ ਹਨ।
ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਲਈ ਕਈ ਸਕੀਮਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਉਹ ਹਰ ਸੰਭਵ ਯਤਨ ਕਰਨਗੇ ਕਿ ਕੇਂਦਰ ਸਰਕਾਰ ਦੀਆਂ ਓਬੀਸੀ ਨਾਲ ਸਬੰਧਤ ਯੋਜਨਾਵਾਂ ਦਾ ਅਸਲ ਲਾਭਪਾਤਰੀਆਂ ਨੂੰ ਸਹੀ ਤਰੀਕੇ ਨਾਲ ਲਾਭ ਮਿਲ ਸਕੇ।