ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲੇ ’ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਚਿਤਾਵਨੀ
96 ਕਰੋੜੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੀਤੇ ਕੁੱਝ ਦਿਨਾਂ ਤੋਂ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਧਮਕੀ ਦੇਣ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਵੀ ਦਿੱਤੀ।

By : Makhan shah
ਅੰਮ੍ਰਿਤਸਰ : 96 ਕਰੋੜੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੀਤੇ ਕੁੱਝ ਦਿਨਾਂ ਤੋਂ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਧਮਕੀ ਦੇਣ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਵੀ ਦਿੱਤੀ।
ਬੀਤੇ ਕੁੱਝ ਦਿਨਾਂ ਤੋਂ ਸੀ੍ਰ ਹਰਿਮੰਦਰ ਸਾਹਿਬ ਨੂੰ ਧਮਕੀ ਭਰੀਆਂ ਈਮੇਲਜ਼ ਦੇ ਚਲਦਿਆਂ ਵੱਖ ਵੱਖ ਧਾਰਮਿਕ ਸਖ਼ਸ਼ੀਅਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਨੇ, ਜਿਸ ਦੇ ਚਲਦਿਆਂ ਅੱਜ 96 ਕਰੋੜੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਨਾਲ ਵੀ ਮੁਲਾਕਾਤ ਕੀਤੀ ਗਈ।
ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਬਾ ਬਲਬੀਰ ਸਿੰਘ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਦਾ ਸਿਲਸਿਲਾ ਕੋਈ ਨਵਾਂ ਨਹੀਂ, ਗੁਰੂ ਸਾਹਿਬ ਦੇ ਵੇਲੇ ਵੀ ਕੁੱਝ ਦੁਸ਼ਟ ਲੋਕ ਅਜਿਹਾ ਕਰਦੇ ਰਹੇ ਨੇ। ਉਨ੍ਹਾਂ ਕਿਹਾ ਕਿ ਜਿਵੇਂ ਗੁਰੂ ਦੀਆਂ ਫ਼ੌਜਾਂ ਪੁਰਾਣੇ ਸਮਿਆਂ ਵਿਚ ਦੁਸ਼ਟਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦੀਆਂ ਰਹੀਆਂ ਨੇ, ਓਵੇਂ ਹੀ ਅੱਜ ਵੀ ਗੁਰੂ ਦੀਆਂ ਫ਼ੌਜਾਂ ਤਿਆਰ ਬਰ ਤਿਆਰ ਨੇ। ਉਨ੍ਹਾਂ ਧਮਕੀ ਦੇਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜੋ ਵੀ ਸ੍ਰੀ ਦਰਬਾਰ ਸਾਹਿਬ ਵੱਲ ਅੱਖ ਚੁੱਕਣ ਦੀ ਜ਼ੁਰਅਤ ਕਰੇਗਾ, ਉਸ ਦੀਆਂ ਪੀੜ੍ਹੀਆਂ ਖ਼ਤਮ ਕਰਕੇ ਰੱਖ ਦਿਆਂਗੇ।
ਇਸ ਦੇ ਨਾਲ ਹੀ ਉਨ੍ਹਾਂ ਬੇਅਦਬੀ ਬਿਲ ’ਤੇ ਬੋਲਦਿਆਂ ਆਖਿਆ ਕਿ ਇਸ ਬਿਲ ਦੇ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾ ਹੋਣੀ ਚਾਹੀਦੀ ਐ ਅਤੇ ਉਸ ਦੋਸ਼ੀ ਨੂੰ ਕਿਸੇ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ, ਜਿਸ ਵੱਲੋਂ ਬੇਅਦਬੀ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਇਸ ਬਿਲ ’ਤੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ ਬਲਕਿ ਅਸਲ ਦੋਸ਼ੀਆਂ ਨੂੰ ਸਜ਼ਾ ਹੋਣੀ ਬੇਹੱਦ ਜ਼ਰੂਰੀ ਹੈ।
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਈਮੇਲਜ਼ ਜ਼ਰੀਏ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ, ਜਿਸ ਦੇ ਚਲਦਿਆਂ ਪੁਲਿਸ ਵੱਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਿਆ ਏ ਪਰ ਇਹ ਧਮਕੀਆਂ ਵਾਲਾ ਸਿਲਸਿਲਾ ਹਾਲੇ ਵੀ ਜਾਰੀ ਐ।


