ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਦੇ ਨਾਲ ਸਜਾਇਆ ਗਿਆ।
By : Makhan shah
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਦੇ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਸ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇਕ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਫਿਰ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ ਗਈ। ਉਨ੍ਹਾਂ ਵੱਲੋਂ ਸਮੂਹ ਸਿੱਖ ਸੰਗਤ ਨੂੰ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਅਤੇ ਖ਼ੁਦ ਨੂੰ ਵਡਭਾਗਾ ਦੱਸਿਆ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਸਾਡੇ ਲਈ ਸਰਬੰਸ ਵਾਰ ਦਿੱਤਾ, ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਏ। ਇਸੇ ਦੌਰਾਨ ਨਗਰ ਕੀਰਤਨ ਵਿਚ ਫੁੱਲਾਂ ਦੀ ਸੇਵਾ ਨਿਭਾਉਣ ਵਾਲੇ ਰੋਹਿਤ ਖੰਨਾ ਨੇ ਆਖਿਆ ਕਿ ਉਹ ਭਾਗਾਂ ਵਾਲੇ ਨੇ, ਜਿਨ੍ਹਾਂ ਨੂੰ ਗੁਰੂ ਸਾਹਿਬ ਨੇ ਇਹ ਸੇਵਾ ਬਖ਼ਸ਼ਿਸ਼ ਕੀਤੀ ਐ।
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਵਿਸ਼ਾਲ ਨਗਰ ਕੀਰਤਨ ਨੂੰ ਦੇਖਦਿਆਂ ਸ਼ਹਿਰ ਵਿਚ ਪੂਰੇ ਪ੍ਰਬੰਧ ਕੀਤੇ ਗਏ ਨੇ ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਦੱਸ ਦਈਏ ਕਿ ਇਸ ਨਗਰ ਕੀਰਤਨ ਵਿਚ ਜਿੱਥੇ ਗਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਨੇ ਜੰਗਜੂ ਕਲਾ ਗਤਕੇ ਦੇ ਜੌਹਰ ਦਿਖਾਏ, ਉਥੇ ਹੀ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ। ਇਸ ਤੋਂ ਇਲਾਵਾ ਨਗਰ ਕੀਰਤਨ ਨੂੰ ਦੇਖਦਿਆਂ ਸੰਗਤਾਂ ਵੱਲੋਂ ਵੱਖ ਵੱਖ ਥਾਵਾਂ ’ਤੇ ਗੁਰੂ ਦੇ ਲੰਗਰ ਵੀ ਲਗਾਏ ਗਏ।