ਨਸ਼ੇ ਦੀ ਓਵਰਡੋਜ਼ ਨਾਲ ਪੁਲਿਸ ਮੁਲਾਜ਼ਮ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਐ, ਜਿੱਥੇ ਇਕ 24 ਸਾਲਾਂ ਦੇ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਪਿੰਡ ਦੇ
By : Makhan shah
ਅਜਨਾਲਾ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਐ, ਜਿੱਥੇ ਇਕ 24 ਸਾਲਾਂ ਦੇ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਪਿੰਡ ਦੇ ਬਾਹਰਵਾਰ ਤੋਂ ਬਰਾਮਦ ਹੋਈ। ਖ਼ਬਰ ਦਾ ਪਤਾ ਚਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਗੁਰਸੇਵਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ, ਉਸ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਦਰਦ ਕਿਸੇ ਕੋਲੋਂ ਦੇਖਿਆ ਨਹੀਂ ਜਾ ਰਿਹਾ।
ਅਜਨਾਲਾ ਦੇ ਪਿੰਡ ਕਿਆਮਪੁਰ ਵਿਖੇ ਇਕ 24 ਸਾਲਾਂ ਦੇ ਨੌਜਵਾਨ ਗੁਰਸੇਵਕ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਜੋ ਪੰਜਾਬ ਪੁਲਿਸ ਵਿਚ ਡਿਊਟੀ ਕਰਦਾ ਸੀ। ਗੁਰਸੇਵਕ ਦੀ ਲਾਸ਼ ਪਿੰਡ ਦੇ ਨੇੜੇ ਤੋਂ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਸੇਵਕ ਸਿੰਘ ਲੁਧਿਆਣਾ ਪੁਲਿਸ ਵਿਚ ਡਿਊਟੀ ਕਰਦਾ ਸੀ ਅਤੇ ਉਹ ਛੁੱਟੀ ’ਤੇ ਘਰ ਆਇਆ ਹੋਇਆ ਸੀ ਪਰ ਨਸ਼ੇ ਦਾ ਟੀਕਾ ਲਗਾਉਣ ਨਾਲ ਉਸ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਨਸ਼ਾ ਕਰਨ ਦਾ ਆਦੀ ਸੀ ਅਤੇ ਉਸ ਦੀ ਗਲਤ ਸੰਗਤ ਨੇ ਉਸ ਨੂੰ ਨਸ਼ੇ ਦੀ ਦਲਦਲ ਵਿਚ ਧੱਕ ਦਿੱਤਾ ਸੀ। ਪਰਿਵਾਰ ਦੇ ਅਨੁਸਾਰ ਕੁੱਝ ਮਹੀਨੇ ਪਹਿਲਾਂ ਗੁਰਸੇਵਕ ਸਿੰਘ ਦੇ ਪਿਤਾ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਿਤਾ ਦੀ ਥਾਂ ’ਤੇ ਹੀ ਗੁਰਸੇਵਕ ਨੂੰ ਇਹ ਨੌਕਰੀ ਮਿਲੀ ਸੀ। ਰੋਂਦੇ ਹੋਏ ਪਰਿਵਾਰ ਨੇ ਮੰਗ ਕੀਤੀ ਕਿ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਮਾਪਿਆਂ ਦੇ ਪੁੱਤ ਇਸ ਭੈੜੀ ਬਿਮਾਰੀ ਤੋਂ ਬਚ ਸਕਣ।
ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਅਜਨਾਲਾ ਦੇ ਪਿੰਡ ਕਿਆਮਪੁਰ ਨੇੜਿਓਂ ਗੁਰਸੇਵਕ ਸਿੰਘ ਨਾਂਅ ਦੇ ਪੁਲਿਸ ਮੁਲਾਜ਼ਮ ਦੀ ਮ੍ਰਿਤਕ ਦੇਹ ਮਿਲੀ ਐ ਜੋ ਲੁਧਿਆਣਾ ਪੁਲਿਸ ਵਿਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਚ ਰੱਖਿਆ ਗਿਆ ਏ, ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇਗਾ।