ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਗਲੈਂਟਰੀ ਅਵਾਰਡ ਬਾਰੇ ਰੱਖੀ ਇਹ ਮੰਗ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਰੋਕਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਇਨਾਮ ਨਾ ਦਿੱਤੇ ਜਾਣ ।
By : lokeshbhardwaj
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਰੋਕਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਇਨਾਮ ਨਾ ਦਿੱਤੇ ਜਾਣ । ਇਸ ਤੋਂ ਪਹਿਲਾਂ ਉਹ ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਵੀ ਲਿਖ ਚੁੱਕੇ ਹਨ ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "ਮੈਂ ਇਹ ਪੱਤਰ ਹਰਿਆਣਾ ਸਰਕਾਰ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਕੀਤੀਆਂ ਸਿਫ਼ਾਰਸ਼ਾਂ ਤੋਂ ਬਾਅਦ ਗੰਭੀਰ ਚਿੰਤਾ ਨਾਲ ਲਿਖ ਰਿਹਾ ਹਾਂ । ਇਹ ਪੁਰਸਕਾਰ ਉਨ੍ਹਾਂ ਪੁਲਿਸ ਅਧਿਕਾਰੀਆਂ ਲਈ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ 'ਨੇ ਸ਼ੰਭੂ ਅਤੇ ਖਨੌਰੀ ਸਰਹੱਦ ਸ਼ਾਂਤਮਈ ਪ੍ਰਦਰਸ਼ਨਾਂ ਕਿਸਾਨਾਂ ਤੇ ਅੰਨ੍ਹੇਵਾਹ ਗੋਲੀਬਾਰੀ ਦੇ ਹੁਕਮ ਦੇਣ ਦਾ ਦੋਸ਼ ਹੈ ।
ਇਸ ਮਾਮਲੇ ਬਾਰੇ ਉਨ੍ਹਾਂ ਬੋਲਦਿਆਂ ਕਿਹਾ ਕਿ ਇਹ ਇਸ ਤਰ੍ਹਾਂ ਹੈ ਜਿਵੇਂ ਜਲ੍ਹਿਆਂਵਾਲਾ ਬਾਗ ਸਾਕੇ ਵਿੱਚ ਜਨਰਲ ਡਾਇਰ ਦੀ ਭੂਮਿਕਾ ਨੂੰ ਬਹਾਦਰੀ ਦਾ ਤਗਮਾ ਦੇਣਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਜਿਹੀ ਹਰਕਤ ਨਾ ਸਿਰਫ਼ ਬੇਸ਼ਰਮੀ ਭਰੀ ਹੈ ਸਗੋਂ ਬੇਹੱਦ ਚਿੰਤਾਜਨਕ ਵੀ ਹੈ । ਇਨ੍ਹਾਂ ਅਵਾਰਡਾਂ ਦਾ ਸਮਰਥਨ ਕਰਕੇ, ਹਰਿਆਣਾ ਸਰਕਾਰ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਲੀਨ ਚਿੱਟ ਦੇ ਰਹੀ ਜਾਪਦੀ ਹੈ, ਜੋ ਇਸ ਸਮੇਂ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਵਿਰੁੱਧ ਬਹੁਤ ਜ਼ਿਆਦਾ ਤਾਕਤ ਦੀ ਵਰਤੋਂ ਕਰਨ ਲਈ ਨਿਆਂਇਕ ਜਾਂਚ ਦੇ ਘੇਰੇ ਵਿਚ ਹਨ ।
ਇਸ ਐਕਟ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਗੋਲੀਬਾਰੀ ਦੀਆਂ ਘਟਨਾਵਾਂ, ਸ਼ੁਭਕਰਨ ਸਿੰਘ ਦੀ ਮੌਤ ਅਤੇ ਅੰਦੋਲਨਕਾਰੀ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਸਬੰਧ ਵਿੱਚ ਦਰਜ ਕੀਤੀਆਂ ਐਫਆਈਆਰਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਮਾਮਲਿਆਂ ਸਬੰਧੀ ਜਾਂਚ ਵਿੱਚ ਅੜਿੱਕਾ ਪਾਉਣ ਦੀ ਸੂਬਾ ਸਰਕਾਰ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।