Punjab News: ਪੰਜਾਬ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
50 ਹਜ਼ਾਰ ਰੁਪਏ ਪਿੱਛੇ ਵੇਚ ਦਿੱਤਾ ਈਮਾਨ

By : Annie Khokhar
Punjab Police ASI Caught Taking Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ ਡਿਵੀਜ਼ਨ ਵਿੱਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਏਐਸਆਈ ਤਲਵਿੰਦਰ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਨੂੰ ਅੰਮ੍ਰਿਤਸਰ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਅਤੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦਾ ਇੰਚਾਰਜ ਸੀ ਅਤੇ ਪੁਲਿਸ ਨੇ ਹੋਟਲ ਵਿਰੁੱਧ ਕੇਸ ਦਰਜ ਕਰਕੇ ਉਸਦਾ ਮੋਬਾਈਲ ਫੋਨ ਅਤੇ ਡੀਵੀਆਰ ਜ਼ਬਤ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਆਪਣਾ ਫੋਨ ਅਤੇ ਡੀਵੀਆਰ ਵਾਪਸ ਕਰਨ ਲਈ ਏਐਸਆਈ ਨੂੰ ਮਿਲਿਆ ਤਾਂ ਉਸਨੇ 50,000 ਰੁਪਏ ਦੀ ਰਿਸ਼ਵਤ ਮੰਗੀ, ਪਰ ਬਾਅਦ ਵਿੱਚ 30,000 ਰੁਪਏ ਵਿੱਚ ਸਮਝੌਤਾ ਹੋ ਗਿਆ। ਦੋਸ਼ੀ ਏਐਸਆਈ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 16,000 ਰੁਪਏ ਨਕਦ ਲਏ ਅਤੇ ਬਾਕੀ 14,000 ਰੁਪਏ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ।
ਸ਼ਿਕਾਇਤ ਦੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਤਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।


