ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ
ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਲਈ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਗਿਆ। ਉਨ੍ਹਾਂ ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਔਰਤਾਂ ਨੂੰ ਵੱਡੀ ਸੌਗਾਤ...
By : Makhan shah
ਬਰਨਾਲਾ : ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਲਈ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਗਿਆ। ਉਨ੍ਹਾਂ ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਔਰਤਾਂ ਨੂੰ ਵੱਡੀ ਸੌਗਾਤ ਦਿੰਦਿਆਂ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਸੀਐਮ ਮਾਨ ਨੇ ਆਖਿਆ ਕਿ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ’ਤੇ ਭਰਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਆਖਿਆ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲਿ੍ਹਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲਿ੍ਹਆਂ ਵਿਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਨਿਯਮਾਂ ਨੂੰ ਬਦਲਣ ਦੀ ਕੁਝ ਵੀ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਫਾਇਰ ਬ੍ਰਿਗੇਡ ਵਿਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੁਪਨੇ ਸਾਕਾਰ ਲਈ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਸੂਬੇ ਵਿੱਚ ਨੌਜਵਾਨ ਵਤਨ ਵਾਪਸੀ ਕਰਨਗੇ ਅਤੇ ਇਸ ਦੀ ਖਾਤਰ ਉਨ੍ਹਾਂ ਦੀ ਸਰਕਾਰ ਵੱਡੇ ਯਤਨ ਕਰ ਰਹੀ ਹੈ, ਜਿਸ ਦੇ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ।
ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਸਰਕਾਰੀ ਨੌਕਰੀ ਦੇਣ ਮੌਕੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨੌਕਰੀ ਨਾਲ ਉਸ ਦਾ ਅਤੇ ਮਾਪਿਆਂ ਦਾ ਸੁਪਨਾ ਸਾਕਾਰ ਹੋਇਆ ਹੈ। ਨਵਦੀਪ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੌਜੂਦਾ ਸ਼ਾਸਨ ਦੌਰਾਨ ਉਸ ਨੂੰ ਹੀ ਨਹੀਂ ਸਗੋਂ ਉਸ ਦੇ ਭਰਾ ਨੂੰ ਵੀ ਸਰਕਾਰੀ ਨੌਕਰੀ ਮਿਲੀ ਹੈ। ਰੱਖੜੀ ਦੇ ਤਿਉਹਾਰ ਮੌਕੇ ਨਵਦੀਪ ਕੌਰ ਨੇ ਧੰਨਵਾਦ ਵਜੋਂ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਵੀ ਬੰਨ੍ਹੀ। ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ।