18 ਸਾਲ ਤੋਂ ਘੱਟ ਉਮਰ ਵਾਲੇ ਵਿਦਿਆਰਥੀਆਂ ਨੂੰ ਵਾਹਨ ਨਾ ਚਲਾਉਣ ਬਾਰੇ ਕੀਤਾ ਜਾਗਰੂਕ
ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਲਗਾਤਾਰ ਸੈਮੀਨਾਰਾਂ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
By : Dr. Pardeep singh
ਸੰਗਰੂਰ: ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ ਤੇ ਸੜਕ ਸੁਰੱਖਿਆ ਏ.ਐਸ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲਾ ਟਰੈਫਿਕ ਪੁਲਿਸ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਲਗਾਤਾਰ ਸੈਮੀਨਾਰਾਂ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਪ੍ਰੇਮ ਸਭਾ ਸੀਨੀਅਰ ਸੈਕਡਰੀ ਸਕੂਲ ਵਿੱਚ ਟਰੈਫਿਕ ਐਜੂਕੇਸ਼ਨ ਪੁਲਿਸ ਵੱਲੋਂ ਅਜਿਹੇ ਹੀ ਇੱਕ ਸੈਮੀਨਾਰ ਦਾ ਆਯੋਜਨ ਕਰਦੇ ਹੋਏ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਸਕੂਟਰ, ਮੋਟਸਾਈਕਲ ਅਤੇ ਚਾਰ ਪਹੀਆ ਵਾਹਨ ਨਾ ਚਲਾਉਣ ਬਾਰੇ ਜਾਗਰੂਕ ਕੀਤਾ ਗਿਆ।
ਸ ਮੌਕੇ ਥਾਣੇਦਾਰ ਪਵਨ ਸ਼ਰਮਾ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਸੰਗਰੂਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਸੈਮੀਨਾਰਾਂ ਦਾ ਮਕਸਦ ਵਿਦਿਆਰਥੀ ਨੂੰ ਟਰੈਫਿਕ ਨਿਯਮਾਂ ਸਬੰਧੀ ਮੁਢਲੇ ਤੌਰ ਤੇ ਜਾਣਕਾਰੀ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਇਹਨਾਂ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤ ਸਕੇ। ਉਹਨਾਂ ਦੱਸਿਆ ਕਿ ਸੜਕ ਹਾਦਸਿਆਂ ਦੀ ਵਧ ਰਹੀ ਦਰ ਚਿੰਤਾ ਦਾ ਵਿਸ਼ਾ ਹੈ ਅਤੇ ਬਹੁਤੇ ਮਾਮਲਿਆਂ ਵਿੱਚ ਅਜਿਹਾ ਅਣਗਹਿਲੀ ਨਾਲ ਵਾਹਨ ਚਲਾਉਣ ਕਾਰਨ ਵਾਪਰਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ 112 ਅਤੇ 1930 ਬਾਰੇ ਵੀ ਜਾਣਕਾਰੀ ਦਿੱਤੀ ਅਤੇ ਜ਼ਰੂਰਤ ਪੈਣ ਤੇ ਇਹਨਾਂ ਹੈਲਪਲਾਈਨ ਨੰਬਰਾਂ ਦੀ ਵਰਤੋਂ ਕਰਨ ਬਾਰੇ ਸੁਚੇਤ ਕੀਤਾ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜੇਕਰ ਉਹਨਾਂ ਦੇ ਆਲੇ ਦੁਆਲੇ, ਪਰਿਵਾਰਾਂ ਵਿੱਚ ਜਾਂ ਗਲੀ ਮਹੱਲਿਆਂ ਵਿੱਚ ਕੋਈ ਵੀ ਵਿਅਕਤੀ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੈ ਤਾਂ ਉਸ ਬਾਰੇ ਜਾਣਕਾਰੀ ਆਪਣੇ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੀ ਜਾਵੇ ਅਤੇ ਸਕੂਲਾਂ ਦੇ ਅਧਿਆਪਕ ਪ੍ਰਸ਼ਾਸਨ ਨਾਲ ਤਾਲਮੇਲ ਕਰਦੇ ਹੋਏ ਅਜਿਹੇ ਨਸ਼ਾ ਰੋਗੀਆਂ ਬਾਰੇ ਸੂਚਨਾ ਦੇਣ ਤਾਂ ਜੋ ਉਹਨਾਂ ਦਾ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਫਤ ਇਲਾਜ ਕਰਵਾਇਆ ਜਾ ਸਕੇ। ਸੈਮੀਨਾਰ ਦੌਰਾਨ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਹੌਲਦਾਰ ਬੇਅੰਤ ਸਿੰਘ ਪੀਐਚਸੀ ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਆਵਾਜਾਈ ਨਿਯਮਾਂ ਬਾਰੇ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ।