Begin typing your search above and press return to search.

ਸੁਖਬੀਰ ਬਾਦਲ ਵੱਲੋਂ ਕਿਸਾਨਾਂ ਦੇ ਨੁਕਸਾਨ 'ਤੇ ਚਿੰਤਾ ਪ੍ਰਗਟ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਨੂੰ ਹੋਏ ਵੱਡੇ ਨੁਕਸਾਨ ਉੱਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ...

ਸੁਖਬੀਰ ਬਾਦਲ ਵੱਲੋਂ ਕਿਸਾਨਾਂ ਦੇ ਨੁਕਸਾਨ ਤੇ ਚਿੰਤਾ ਪ੍ਰਗਟ
X

Mehtab-Ud-DinBy : Mehtab-Ud-Din

  |  8 April 2026 8:26 PM IST

  • whatsapp
  • Telegram

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ

ਕੇਜਰੀਵਾਲ ਦੀ ਕੀਤੀ ਨੁਕਤਾਚੀਨੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਨੂੰ ਹੋਏ ਵੱਡੇ ਨੁਕਸਾਨ ਉੱਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਸੀਬਤ ਵਾਲੇ ਵੇਲੇ ਕਿਸਾਨਾਂ ਦੀ ਮਦਦ ਲਈ ਇੱਕਜੁੱਟ ਹੋ ਕੇ ਅੱਗੇ ਆਉਣ।

ਸੁਖਬੀਰ ਬਾਦਲ ਨੇ ਦੱਸਿਆ ਕਿ ਲਗਭਗ ਸਵਾ ਲੱਖ ਏਕੜ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਵੇਲੇ ਜਿਵੇਂ ਪੰਜਾਬੀਆਂ ਨੇ ਕਿਸਾਨਾਂ ਦੀ ਡੱਟ ਕੇ ਮਦਦ ਕੀਤੀ ਸੀ, ਉਸੇ ਤਰ੍ਹਾਂ ਹੁਣ ਵੀ ਕਿਸਾਨਾਂ ਦੀ ਬਾਂਹ ਫੜ੍ਹੀ ਜਾਵੇ।

ਬੁੱਧਵਾਰ ਨੂੰ ਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਵਿਚ ਫੈਸਲਾ ਲਿਆ ਗਿਆ ਹੈ ਕਿ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਵੰਡ ਲਈ ਪੂਰੀ ਯੋਜਨਾ ਤਿਆਰ ਕੀਤੀ ਗਈ ਹੈ।

ਅਕਾਲੀ ਦਲ ਨੋਡਲ ਪੁਆਇੰਟ ਬਣਾਵੇਗਾ ਅਤੇ ਉੱਥੋਂ ਫਸਲ ਨੁਕਸਾਨ ਵਾਲੇ ਕਿਸਾਨਾਂ ਨੂੰ ਚਾਰਾ ਵੰਡਿਆ ਜਾਵੇਗਾ। ਇਸ ਤੋਂ ਇਲਾਵਾ ਪ੍ਰਭਾਵਿਤ ਖੇਤਾਂ ਵਿਚ ਬੇਲਰਾਂ ਦਾ ਵੀ ਇੰਤਜ਼ਾਮ ਕੀਤਾ ਜਾਵੇਗਾ, ਤਾਂ ਜੋ ਗੰਢਾਂ ਮੁਫ਼ਤ ਬਣਾਈਆਂ ਜਾ ਸਕਣ ਅਤੇ ਕਿਸਾਨਾਂ ਨੂੰ ਵਧੀਕ ਆਮਦਨ ਹੋ ਸਕੇ। ਛੋਟੇ ਕਿਸਾਨਾਂ ਲਈ ਵੀ ਵਿਸ਼ੇਸ਼ ਮਦਦ ਦੀ ਯੋਜਨਾ ਬਣਾਈ ਗਈ ਹੈ ਜਿਨ੍ਹਾਂ ਦੀ ਸਬਜ਼ੀਆਂ ਦੀ ਫਸਲ ਗੜ੍ਹੇਮਾਰੀ ਨਾਲ ਤਬਾਹ ਹੋ ਗਈ ਹੈ।

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਪ੍ਰਭਾਵਿਤ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੇ ਹਨ। ਉਨ੍ਹਾਂ ਯਾਦ ਕਰਵਾਇਆ ਕਿ 2022 ਵਿਚ ਚੋਣਾਂ ਤੋਂ ਪਹਿਲਾਂ ਆਪ ਨੇ ਵਾਰ-ਵਾਰ ਐਲਾਨ ਕੀਤਾ ਸੀ ਕਿ ਫਸਲ ਨੁਕਸਾਨ ਹੋਣ ਤੇ ਗਿਰਦਾਵਰੀ ਤੋਂ ਪਹਿਲਾਂ ਹੀ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਪਰ ਪਿਛਲੇ ਸਾਲ ਹੜ੍ਹਾਂ ਨਾਲ ਚਾਰ ਲੱਖ ਏਕੜ ਵਿਚ ਨੁਕਸਾਨ ਹੋਣ ਤੋਂ ਬਾਅਦ ਵੀ ਆਪ ਸਰਕਾਰ ਇਸ ਵਾਅਦੇ ਤੋਂ ਮੁੱਕਰ ਗਈ। ਹੁਣ ਵੀ ਉਹੀ ਹਾਲਾਤ ਹਨ।

ਉਨ੍ਹਾਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਵੀ ਨਿਖੇਧੀ ਕੀਤੀ। ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਨੇ ਝੂਠ ਬੋਲਿਆ ਸੀ ਕਿ ਪੰਜਾਬ ਵਿਚ ਹੜ੍ਹਾਂ ਵਾਲਾ ਮੁਆਵਜ਼ਾ ਇੱਕ ਮਹੀਨੇ ਵਿਚ ਹੀ ਦੇ ਦਿੱਤਾ ਗਿਆ। ਸੁਖਬੀਰ ਬਾਦਲ ਨੇ ਇਸ ਨੂੰ ਝੂਠ ਐਲਾਨਦਿਆਂ ਕਿਹਾ ਕਿ ਇਸ ਤਰ੍ਹਾਂ ਲੋਕਾਂ ਨੂੰ ਗੁੰਮਰਾਹ ਕਰਨਾ ਬਿਲਕੁਲ ਗਲਤ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿਚ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 1 ਜੁਲਾਈ 2025 ਤੱਕ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਇਸ ਸਾਲ 30 ਜੂਨ ਤੱਕ ਅਦਾ ਕਰਨ ਦਾ ਹੁਕਮ ਦਿੱਤੇ ਜਾਣ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਜਿੱਤ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਮੌਜੂਦਾ ਆਪ ਸਰਕਾਰ ਨੇ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਹੈ। ਭਰਤੀਆਂ ਘਟਾਈਆਂ ਗਈਆਂ ਅਤੇ ਮਹਿੰਗਾਈ ਭੱਤੇ ਨੂੰ ਲੈ ਕੇ ਕਾਨੂੰਨੀ ਵੈਧਤਾ ਉੱਤੇ ਸਵਾਲ ਚੁੱਕੇ ਗਏ। ਉਲਟ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੇਲੇ ਅਕਾਲੀ ਸਰਕਾਰ ਨੇ ਤਨਖਾਹ ਕਮਿਸ਼ਨ ਬਣਾਏ ਅਤੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਅਦਾ ਕੀਤਾ ਗਿਆ।

ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਕਿਸਾਨਾਂ ਦੀ ਡੱਟ ਕੇ ਮਦਦ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਆਪਣੀ ਤਾਕਤ ਅਤੇ ਸੰਸਾਧਨ ਲਗਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪਹੁੰਚਾਵੇਗੀ। ਇਸ ਤੋਂ ਇਲਾਵਾ ਸਰਕਾਰ ਉੱਤੇ ਵੀ ਦਬਾਅ ਬਣਾਇਆ ਜਾਵੇਗਾ ਤਾਂ ਜੋ ਉਹ ਆਪਣੀ ਜ਼ਿੰਮੇਵਾਰੀ ਨਿਭਾਵੇ।

ਇਸ ਮੀਟਿੰਗ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਵੀ ਕਿਸਾਨਾਂ ਦੇ ਨਾਲ ਖੜ੍ਹਾ ਹੈ ਅਤੇ ਰਾਜਨੀਤੀ ਤੋਂ ਉੱਪਰ ਉੱਠ ਕੇ ਉਨ੍ਹਾਂ ਦੀ ਮਦਦ ਲਈ ਤਿਆਰ ਹੈ।

Next Story
ਤਾਜ਼ਾ ਖਬਰਾਂ
Share it