ਖੇਡਾਂ ਵਤਨ ਪੰਜਾਬ ਦੀਆਂ' ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ
ਖੇਡਾਂ ਵਤਨ ਪੰਜਾਬ ਦੀਆਂ' ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ
By : Deep
ਪਟਿਆਲਾ, 23 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ 'ਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਤੇ ਪੰਜਾਬ ਦੀ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਸ਼ੁਰੂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਬੱਚਿਆਂ ਤੋਂ ਲੈਕੇ ਬਜ਼ੁਰਗਾਂ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਆਗਾਜ਼ ਮੌਕੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਏ.ਡੀ.ਸੀ. ਮੈਡਮ ਕੰਚਨ ਵੀ ਮੌਜੂਦ ਸਨ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਲਗਾਤਾਰ ਤੀਜੇ ਸਾਲ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' 'ਚ ਹਰੇਕ ਸਾਲ ਖਿਡਾਰੀਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਆ ਰਿਹਾ ਹੈ, ਜੋ ਸੂਬੇ ਦੀ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜਦ ਅਸੀਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਗੱਲ ਕਰਦੇ ਹਾਂ ਤਾਂ ਹਰੇਕ ਸੂਬਾ ਵਾਸੀ ਨੂੰ ਮਾਣ ਹੁੰਦਾ ਹੈ ਕਿ ਅਸੀਂ ਆਪਣੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਦੇ ਨੌਜਵਾਨਾਂ ਵਿੱਚ ਨਵਾਂ ਜੋਸ਼ ਭਰਿਆ ਹੈ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਿਛਲੇ ਸਮੇਂ ਦੌਰਾਨ ਕੌਮਾਂਤਰੀ ਖਿਡਾਰੀਆਂ ਨੂੰ ਨੌਕਰੀਆਂ ਦੇ ਨਗਦ ਇਨਾਮ ਦੇ ਕੇ ਜੋ ਸਨਮਾਨ ਦਿੱਤਾ ਹੈ, ਉਹ ਨਵੇਂ ਖਿਡਾਰੀਆਂ 'ਚ ਹੋਰ ਊਰਜਾ ਪੈਦਾ ਕਰੇਗਾ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੇ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ' ਨੇ ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ ਤੇ ਆਉਣ ਵਾਲੇ ਸਮੇਂ 'ਚ ਸਾਨੂੰ ਇਹ ਖਿਡਾਰੀ ਕੌਮਾਂਤਰੀ ਪੱਧਰ 'ਤੇ ਮੱਲਾ ਮਾਰਦੇ ਦਿਖਾਈ ਦੇਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਪਟਿਆਲਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਦਾ ਆਨੰਦ ਮਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪਟਿਆਲਵੀਂ ਖੇਡਾਂ ਦੇਖਣ ਲਈ ਪਰਿਵਾਰ ਸਮੇਤ ਆਉਣ ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ।
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ 'ਚ ਕਰਵਾਈਆਂ ਬਲਾਕ ਪੱਧਰੀ ਖੇਡਾਂ ਦੀ ਸਫ਼ਲਤਾ ਤੋਂ ਬਾਅਦ ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਪਟਿਆਲਾ ਦੇ ਵੱਖ ਵੱਖ ਖੇਡ ਗਰਾਊਂਡਾਂ ਵਿੱਚ 30 ਸਤੰਬਰ ਤੱਕ ਖੇਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ 25 ਖੇਡਾਂ 'ਚ 1200 ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ, ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਭ ਦਾ ਧੰਨਵਾਦ ਕੀਤਾ।
ਫੋਟੋ: ਵਿਧਾਇਕ ਗੁਰਲਾਲ ਘਨੌਰ ਗੁਬਾਰੇ ਛੱਡ ਕੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ, ਉਨ੍ਹਾਂ ਦੇ ਨਾਲ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਮੇਘ ਚੰਦ ਸ਼ੇਰਮਾਜਰਾ ਵੀ ਨਜ਼ਰ ਆ ਰਹੇ ਹਨ।ਖੇਡਾਂ ਵਤਨ ਪੰਜਾਬ ਦੀਆਂ' ਨੇ ਬੱਚੇ ਤੋਂ ਬਜ਼ੁਰਗ ਤੱਕ ਨੂੰ ਖੇਡ ਮੈਦਾਨਾਂ ਨਾਲ ਜੋੜਿਆਂ : ਗੁਰਲਾਲ ਘਨੌਰ