ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਅੰਮ੍ਰਿਤਸਰ, 2 ਅਕਤੂਬਰ (ਹਿਮਾਂਸ਼ੂ ਸ਼ਰਮਾ) : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਇਹ ਨਿੱਜੀ ਫੇਰੀ ਸੀ, ਜਿਸ ਦੌਰਾਨ ਉਨ੍ਹਾਂ ਨੇ ਕਿਸੇ ਕਾਂਗਰਸੀ ਆਗੂ ਦੇ ਨਾਲ ਮੀਟਿੰਗ ਨਹੀਂ […]
By : Hamdard Tv Admin
ਅੰਮ੍ਰਿਤਸਰ, 2 ਅਕਤੂਬਰ (ਹਿਮਾਂਸ਼ੂ ਸ਼ਰਮਾ) : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਇਹ ਨਿੱਜੀ ਫੇਰੀ ਸੀ, ਜਿਸ ਦੌਰਾਨ ਉਨ੍ਹਾਂ ਨੇ ਕਿਸੇ ਕਾਂਗਰਸੀ ਆਗੂ ਦੇ ਨਾਲ ਮੀਟਿੰਗ ਨਹੀਂ ਕੀਤੀ। ਇਸ ਤੋਂ ਪਹਿਲਾਂ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਉਨ੍ਹਾਂ ਦਾ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ।
ਕਾਂਗਰਸੀ ਨੇਤਾ ਰਾਹੁਲ ਗਾਂਧੀ ਆਪਣੀ ਨਿੱਜੀ ਫੇਰੀ ’ਤੇ ਅੰਮ੍ਰਿਤਸਰ ਵਿਖੇ ਪੁੱਜੇ, ਜਿੱਥੇ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਕਾਂਗਰਸੀਆਂ ਵੱਲੋਂ ਸਵਾਗਤ ਕੀਤਾ ਗਿਆ, ਇਸ ਮਗਰੋਂ ਉਹ ਸਿੱਧਾ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ਼ ਕਰਵਾਈ ਅਤੇ ਰੁਮਾਲਾ ਸਾਹਿਬ ਚੜ੍ਹਾਇਆ। ਇਸ ਦੌਰਾਨ ਰਾਹੁਲ ਨੇ ਸਿਰ ’ਤੇ ਨੀਲੇ ਰੰਗ ਦਾ ਸਕਾਰਫ ਪਹਿਨਿਆ ਹੋਇਆ ਸੀ। ਉਨ੍ਹਾਂ ਨੇ ਪਰਮਾਤਮਾ ਦੇ ਚਰਨਾਂ ’ਚ ਅਰਦਾਸ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮਗਰੋਂ ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਸੰਗਤ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕੀਤੀ।
ਇੱਥੇ ਦੱਸਣਾ ਬਣਦਾ ਏ ਕਿ ਪਹਿਲਾਂ ਜਦੋਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਆਏ ਸੀ ਤਾਂ ਉਨ੍ਹਾਂ ਨੇ ਆਪਣੇ ਸਿਰ ’ਤੇ ਰੁਮਾਲ ਦੀ ਥਾਂ ਪੱਗ ਬੰਨ੍ਹੀ ਸੀ। ਉਨ੍ਹਾਂ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਕੋਈ ਸਿਆਸੀ ਪ੍ਰੋਗਰਾਮ ਨਹੀਂ ਕੀਤਾ। ਸਥਾਨਕ ਸਾਂਸਦ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਹੋਰ ਕੋਈ ਵੱਡਾ ਕਾਂਗਰਸੀ ਇਸ ਮੌਕੇ ਉਨ੍ਹਾਂ ਦੇ ਨਾਲ ਦਿਖਾਈ ਨਹੀਂ ਦਿੱਤਾ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਸੀ।
ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਸੀ, ਜਿਥੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਾਣਕਾਰੀ ਅਨੁਸਾਰ ਕੁਝ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਸਨ। ਇਹ ਦੌਰਾ ਉਨ੍ਹਾਂ ਦਾ ਨਿੱਜੀ ਦੌਰਾ ਦੱਸਿਆ ਜਾ ਰਿਹਾ ਹੈ ਤੇ ਉਹ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ।
ਦੱਸ ਦਈਏ ਕਿ ਰਾਹੁਲ ਗਾਂਧੀ ਦੀ ਇਹ ਫੇਰੀ ਅਜਿਹੇ ਸਮੇਂ ’ਚ ਹੋਈ ਐ ਜਦੋਂ ਪੰਜਾਬ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤ ਗਠਜੋੜ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਚਾਲੇ ਤਕਰਾਰ ਚੱਲ ਰਹੀ ਐ। ਇਸ ਦੇ ਨਾਲ ਹੀ ਇੰਡੀਆ ਗਠਜੋੜ ਦੇ ਐਲਾਨ ਤੋਂ ਬਾਅਦ ਰਾਹੁਲ ਗਾਂਧੀ ਪਹਿਲੀ ਵਾਰ ਪੰਜਾਬ ਆਏ ਨੇ। ਜਿੱਥੇ ਰਾਹੁਲ ਗਾਂਧੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਜਾ ਰਿਹਾ ਸੀ, ਉਥੇ ਹੀ ਪਟਿਆਲਾ ਵਿਚ ਅਰਵਿੰਦ ਕੇਜਰੀਵਾਲ ਵੱਲੋਂ ਹਸਪਤਾਲ ਵਿਚ ਆਈਸੀਯੂ ਦੇ ਉਦਘਾਟਨ ਮਗਰੋਂ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ ਜਾ ਰਹੇ ਸੀ।