Begin typing your search above and press return to search.

ਦੇਖੋ ਰਾਜਪਾਲ ਨੇ ਆਪਣੇ ਭਾਸ਼ਣ ਦੌਰਾਨ ਕੀ ਕੁੱਝ ਕਿਹਾ

ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ […]

See what the Governor said during his speech
X

Editor EditorBy : Editor Editor

  |  1 March 2024 12:21 PM IST

  • whatsapp
  • Telegram

ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ।ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸਾਡੇ ਜੀਵੰਤ ਰਾਜ ਪੰਜਾਬ ਦੀ ਯਾਤਰਾ ਇਸ ਦੇ ਲੋਕਾਂ ਦੀ ਅਦੁੱਤੀ ਭਾਵਨਾ ਨਾਲ ਜੁੜੀ ਹੋਈ ਹੈ, ਜਿਨ੍ਹਾਂ ਨੇ ਸਮੇਂ-ਸਮੇਂ 'ਤੇ ਹਿੰਮਤ, ਦ੍ਰਿੜ੍ਹਤਾ ਅਤੇ ਤਰੱਕੀ ਦੀ ਨਿਰੰਤਰ ਕੋਸ਼ਿਸ਼ ਦਾ ਮੁਜ਼ਾਹਰਾ ਕੀਤਾ ਹੈ। ਅੱਜ ਸਾਡੇ ਲਈ ਇਹ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਚੁਣੌਤੀਆਂ ਨੂੰ ਸਵੀਕਾਰ ਕਰੀਏ, ਜੋ ਸਾਡੇ ਸਾਹਮਣੇ ਹਨ ਅਤੇ ਭਵਿੱਖ ਵੱਲ ਅਜਿਹਾ ਰਾਹ ਤਿਆਰ ਕਰੀਏ, ਜੋ ਖ਼ੁਸ਼ਹਾਲੀ, ਸਰਵਪੱਖੀ ਅਤੇ ਟਿਕਾਊ ਵਿਕਾਸ ਦੁਆਰਾ ਪਰਿਭਾਸ਼ਿਤ ਹੋਵੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੇਰੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇਕ ਸਰਵਪੱਖੀ ਵਿਕਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਜਿੱਥੇ ਪੰਜਾਬ ਦੇ ਹਰ ਨਾਗਰਿਕ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਬਰਾਬਰ ਮੌਕੇ ਮਿਲਣ।

ਰਾਜਪਾਲ ਨੇ ਕਿਹਾ ਕਿ ਮੇਰੀ ਸਰਕਾਰ ਨੇ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਤਹਿਤ ਪੰਜਾਬ ਦੇ ਹਰ ਘਰ ਤੱਕ ਰਾਸ਼ਨ ਪਹੁੰਚਾਉਣ ਦੀ ਸਫ਼ਲਤਾਪੂਰਵਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਮਹੱਤਵਪੂਰਨ ਖੇਤਰਾਂ ਵਿੱਚ ਕਈ ਅਗਾਂਹ-ਵਧੂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਪੂਰੇ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਹੁਣ ਤੱਕ ਕੁੱਲ 1.07 ਕਰੋੜ ਲੋਕ ਡਾਕਟਰੀ ਇਲਾਜ ਕਰਵਾਉਣ ਲਈ ਇਨ੍ਹਾਂ ਕਲੀਨਿਕਾਂ 'ਤੇ ਆਏ ਹਨ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ 'ਤੇ ਮਰੀਜ਼ਾਂ ਨੂੰ 450 ਕਰੋੜ ਰੁਪਏ ਦੀਆਂ ਦਵਾਈਆਂ ਅਤੇ 70 ਕਰੋੜ ਰੁਪਏ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕਰਵਾਏ ਗਏ ਹਨ।
ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਲਈ ਵਚਨਬੱਧ ਹੈ। ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਦੀ ਸਪਲਾਈ ਲਈ ਇਸ ਸਾਲ 222 ਕਰੋੜ ਰੁਪਏ ਦੀਆਂ ਦਵਾਈਆਂ ਖਰੀਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਜ਼ਿਲ੍ਹਾ ਹਸਪਤਾਲਾਂ, ਉਪ-ਮੰਡਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਅਗਲੇ ਤਿੰਨ ਸਾਲਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਅਪਗ੍ਰੇਡ ਕਰਨ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ।

ਰਾਜਪਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ “ਪੰਜਾਬ ਸਿੱਖਿਆ ਕ੍ਰਾਂਤੀ" ਸ਼ੁਰੂ ਕੀਤੀ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 7082 ਸਕੂਲਾਂ ਵਿੱਚ ਚਾਰ ਦੀਵਾਰੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਇਨ੍ਹਾਂ ਵਿੱਚੋਂ 1429 ਸਕੂਲਾਂ ਵਿੱਚ ਪਹਿਲੀ ਵਾਰ ਚਾਰਦੀਵਾਰੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 12126 ਸਕੂਲਾਂ ਨੂੰ ਇੰਟਰਨੈੱਟ ਕੁਨੈਕਸ਼ਨ ਪ੍ਰਾਪਤ ਹੋ ਚੁੱਕਿਆ ਹੈ। ਸਕੂਲਾਂ ਵਿੱਚ 4369 ਪਖ਼ਾਨਿਆਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ ਅਤੇ ਸਰਕਾਰੀ ਸਕੂਲਾਂ ਨੂੰ 95,000 ਡਿਊਲ ਡੈਸਕ ਮੁਹੱਈਆ ਕਰਵਾਏ ਜਾ ਰਹੇ ਹਨ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ। ਇਨ੍ਹਾਂ ਸਕੂਲਾਂ ਵਿੱਚ ਵਿਗਿਆਨਕ ਸਿੱਖਿਆ ਲਈ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਂ ਅਤੇ ਖੇਡ ਦੇ ਮੈਦਾਨ ਹੋਣਗੇ।

ਰਾਜਪਾਲ ਨੇ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਨਾਲ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖ਼ਲਾ ਲਗਭਗ 17 ਫੀਸਦੀ ਵਧਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ, ਖ਼ਾਸ ਤੌਰ 'ਤੇ ਆਖਰੀ ਸਿਰੇ ਉਤੇ ਬੈਠੇ ਕਿਸਾਨ ਜੋ ਸਾਲਾਂ ਤੋਂ ਨਹਿਰੀ ਪਾਣੀ ਤੋਂ ਵਾਂਝੇ ਸਨ, ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੌਰਾਨ, ਨਹਿਰੀ ਪਾਣੀ ਦੀ ਵਰਤੋਂ 38 ਫੀਸਦੀ ਤੱਕ ਵਧੀ ਹੈ, ਜਦੋਂ ਪਾਣੀ ਦੀ ਮੰਗ ਸਭ ਤੋਂ ਜ਼ਿਆਦਾ ਸੀ। ਇਹ ਨਹਿਰਾਂ ਦੀ ਸਮੇਂ ਸਿਰ ਸਫ਼ਾਈ ਅਤੇ ਤਕਨਾਲੋਜੀ ਦੀ ਮਦਦ ਨਾਲ ਨਹਿਰਾਂ ਦੀ ਰੋਜ਼ਾਨਾ ਨਿਗਰਾਨੀ ਕਾਰਨ ਸੰਭਵ ਹੋਇਆ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ 400 ਕਿਲੋਮੀਟਰ ਦੀ ਲਗਪਗ ਲੰਬਾਈ ਵਾਲੀਆਂ ਬੰਦ ਪਈਆਂ 45 ਨਹਿਰਾਂ ਨੂੰ ਕਾਰਜਸ਼ੀਲ ਬਣਾਇਆ ਗਿਆ ਸੀ। ਪਹਿਲੀ ਵਾਰ 1000 ਕਿਲੋਮੀਟਰ ਤੋਂ ਵੱਧ ਲੰਬੀ ਨਹਿਰ ਨੂੰ ਕੰਕਰੀਟ ਨਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, 14100 ਵਾਟਰ ਕੋਰਸ/ਸੂਏ ਜੋ ਪਿਛਲੇ 30 ਸਾਲਾਂ ਤੋਂ ਖਾਲੀ ਪਏ ਸਨ, ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਮੇਰੀ ਸਰਕਾਰ ਦੇ ਲਗਾਤਾਰ ਯਤਨਾਂ ਅਤੇ ਨਿਗਰਾਨੀ ਦੇ ਨਾਲ, ਸ਼ਾਹਪੁਰ ਕੰਡੀ ਡੈਮ ਪ੍ਰੋਜੈਕਟ, ਜੋ ਪਿਛਲੇ 25 ਸਾਲਾਂ ਤੋਂ ਵੱਧ ਸਮੇਂ ਤੋਂ ਚਾਲੂ ਹੋਣ ਦੀ ਉਡੀਕ ਵਿੱਚ ਸੀ, ਨੂੰ ਆਖ਼ਰਕਾਰ ਉਮੀਦ ਦੀ ਕਿਰਨ ਦਿਸੀ ਹੈ। ਡੈਮ ਦੇ ਭੰਡਾਰ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਾਜ ਦੇ ਪਾਣੀ ਨੂੰ ਪਾਕਿਸਤਾਨ ਵੱਲ ਜਾਣ ਤੋਂ ਰੋਕਣ ਵਿੱਚ ਮਦਦ ਕਰੇਗਾ ਅਤੇ ਇਸ ਨਾਲ 37,000 ਹੈਕਟੇਅਰ ਤੋਂ ਵੱਧ ਰਕਬੇ ਲਈ ਸਿੰਜਾਈ ਸਮਰੱਥਾ ਵੀ ਪੈਦਾ ਹੋਵੇਗੀ ਅਤੇ 206 ਮੈਗਾਵਾਟ ਦੀ ਵਾਧੂ ਬਿਜਲੀ ਪੈਦਾ ਕਰਨ ਵਿੱਚ ਮਦਦ ਮਿਲੇਗੀ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਇਹ ਡੈਮ ਸੈਰ-ਸਪਾਟੇ ਦੀਆਂ ਨਵੀਆਂ ਸੰਭਾਵਨਾਵਾਂ ਵੀ ਪੈਦਾ ਕਰੇਗਾ, ਜਿਸ ਨਾਲ ਸੂਬੇ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਤੋਂ ਪੂਰੀ ਤਰ੍ਹਾਂ ਜਾਣੂ ਹੈ। ਕਈ ਜ਼ਿਲ੍ਹਿਆਂ ਵਿੱਚ ਧਰਤੀ ਹੇਠਲਾ ਪਾਣੀ ਚਿੰਤਾਜਨਕ ਦਰ ਨਾਲ ਘਟ ਰਿਹਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਇਸ ਗਿਰਾਵਟ ਦੇ ਰੁਝਾਨ ਨੂੰ ਰੋਕਣ ਲਈ, ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਮਕਸਦ ਲਈ ਸਿਰਫ਼ ਇਕ ਸਾਲ ਵਿੱਚ 129 ਰੀਚਾਰਜ ਸਾਈਟਾਂ ਦਾ ਨਿਰਮਾਣ ਕੀਤਾ ਗਿਆ ਹੈ।

ਰਾਜਪਾਲ ਨੇ ਆਖਿਆ ਕਿ ਸੂਬਾ ਸਰਕਾਰ ਨੇ 540 ਮੈਗਾਵਾਟ ਦੀ ਸਮਰੱਥਾ ਵਾਲਾ ਪ੍ਰਾਈਵੇਟ ਥਰਮਲ ਪਲਾਂਟ ਜੀ.ਵੀ.ਕੇ. ਗੋਇੰਦਵਾਲ ਸਾਹਿਬ ਦਾ ਬਹੁਤ ਘੱਟ ਕੀਮਤ 'ਤੇ ਖਰੀਦਿਆ ਹੈ, ਜੋ ਕਿਸੇ ਵੀ ਰਾਜ ਸਰਕਾਰ ਵੱਲੋਂ ਆਪਣੇ ਆਪ ਵਿੱਚ ਇਤਿਹਾਸਕ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ 1080 ਕਰੋੜ ਰੁਪਏ ਭਾਵ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੀ ਲਾਗਤ ਨਾਲ ਖਰੀਦਿਆ ਗਿਆ ਹੈ, ਜਦੋਂ ਕਿ ਨਵੇਂ ਥਰਮਲ ਪਲਾਂਟ ਦੀ ਲਾਗਤ 8.5 ਕਰੋੜ ਰੁਪਏ ਪ੍ਰਤੀ ਮੈਗਾਵਾਟ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਖ਼ਰੀਦਣ ਤੋਂ ਬਾਅਦ, ਇਸ ਪਲਾਂਟ ਦਾ ਨਾਂ ਬਦਲ ਕੇ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਪੰਜਾਬ ਦੀ ਆਪਣੀ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਨਾਲ ਇਸ ਪਲਾਂਟ ਦੀ ਪੈਦਾਵਾਰ ਦੁੱਗਣੀ ਤੋਂ ਵੀ ਵੱਧ ਹੋ ਜਾਵੇਗੀ।

ਰਾਜਪਾਲ ਨੇ ਕਿਹਾ ਕਿ ਬਿਜਲੀ ਖ਼ਰੀਦ ਦੀ ਲਾਗਤ ਦੇ ਰੂਪ ਵਿੱਚ ਪ੍ਰਤੀ ਸਾਲ ਲਗਭਗ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਲ 2023-24 ਦੌਰਾਨ ਪੰਜਾਬ ਨੇ 23 ਜੂਨ 2023 ਨੂੰ 15,325 ਮੈਗਾ ਵਾਟਸ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਸਰਕਾਰ ਨੇ ਜੁਲਾਈ 2022 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮਹੀਨਾਵਾਰ ਮੁਫ਼ਤ ਬਿਜਲੀ ਯੋਜਨਾ ਲਾਗੂ ਕੀਤੀ ਹੈ। ਇਸ ਨਾਲ ਲਗਭਗ 70 ਲੱਖ ਭਾਵ 90 ਫੀਸਦੀ ਪਰਿਵਾਰਾਂ ਨੂੰ ਲਾਭ ਹੋਇਆ ਹੈ, ਜਿਨ੍ਹਾਂ ਦੇ ਬਿਲਿੰਗ ਸਾਈਕਲ ਵਿੱਚ ਜ਼ੀਰੋ ਬਿੱਲ ਆ ਰਹੇ ਹਨ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਗਰਿਕਾਂ ਦੀ ਮੰਗ ’ਤੇ ਉਨ੍ਹਾਂ ਦੇ ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਲਈ ਡੋਰ-ਸਟੈਪ ਡਿਲੀਵਰੀ ਜਾਂ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਨਾਮ ਦੀ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਅਜਿਹੀਆਂ 43 ਨਾਗਰਿਕ ਸੇਵਾਵਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਦੀ ਵਰਤੋਂ ਕੁੱਲ ਸੇਵਾਵਾਂ ਵਿੱਚੋਂ 99 ਫੀਸਦੀ ਤੋਂ ਵੱਧ ਬਣਦੀ ਹੈ। ਹੁਣ ਤੱਕ 15,000 ਤੋਂ ਵੱਧ ਨਾਗਰਿਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਇਸੇ ਤਰ੍ਹਾਂ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ‘ਆਪ ਕੀ ਸਰਕਾਰ, ਆਪ ਦੇ ਦੁਆਰ’ ਨਾਮ ਦੀ ਇਕ ਹੋਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਨਾਗਰਿਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਸੇਵਾਵਾਂ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਕੈਂਪ ਲਾਏ ਜਾ ਰਹੇ ਹਨ। ਅੱਠ ਲੱਖ ਤੋਂ ਵੱਧ ਨਾਗਰਿਕ ਪਹਿਲਾਂ ਹੀ ਕੈਂਪਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਸੇਵਾਵਾਂ ਦੀ ਉਪਲਬਧਤਾ ਦਾ ਲਾਭ ਲੈ ਚੁੱਕੇ ਹਨ।

ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮਜ਼ਬੂਤ ਯਤਨਾਂ ਸਦਕਾ ਲਗਭਗ 65,993 ਕਰੋੜ ਰੁਪਏ ਦੇ 4242 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ ਲਗਭਗ 3,20,882 ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਸੂਬਾ ਸਰਕਾਰ ਨੇ ਵਿਕਰੀ ਡੀਡ ਦੀ ਰਜਿਸਟਰੇਸ਼ਨ ਲਈ ਗ੍ਰੀਨ ਸਟੈਂਪ ਪੇਪਰ ਲਿਆਂਦਾ ਹੈ ਤਾਂ ਜੋ ਸਨਅਤੀ ਪ੍ਰੋਜੈਕਟਾਂ ਦੀ ਤੇਜ਼ ਅਤੇ ਨਿਰਵਿਘਨ ਰੈਗੂਲੇਟਰੀ ਕਲੀਅਰੈਂਸਾਂ ਯਕੀਨੀ ਬਣਾਈਆਂ ਜਾ ਸਕਣ।

ਰਾਜਪਾਲ ਨੇ ਆਖਿਆ ਕਿ ਮੇਰੀ ਸਰਕਾਰ ਨੇ ਪਿਛਲੇ ਇਕ ਸਾਲ ਵਿੱਚ 1332 ਪਲੇਸਮੈਂਟ ਕੈਂਪਾਂ/ਨੌਕਰੀ ਮੇਲਿਆਂ/ਸਵੈ-ਰੋਜ਼ਗਾਰ ਕੈਂਪਾਂ ਰਾਹੀਂ 1,11,810 ਉਮੀਦਵਾਰਾਂ ਨੂੰ ਨੌਕਰੀ/ਸਵੈ-ਰੋਜ਼ਗਾਰ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰਾਜ ਵਿੱਚ 25 ਨਵੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੀ ਸਥਾਪਨਾ ਕੀਤੀ ਹੈ। ਇਨ੍ਹਾਂ ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਖੁੱਲ੍ਹਣ ਨਾਲ ਸੂਬੇ ਦੇ ਲਗਭਗ 8000 ਨੌਜਵਾਨਾਂ ਨੂੰ ਲਾਭ ਮਿਲੇਗਾ।
ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਮੀਦਵਾਰਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਮੇਰੀ ਸਰਕਾਰ ਨੇ ਭਰਤੀ ਵਿੱਚ ਯੋਗਤਾ ਦੇ ਨਾਲ-ਨਾਲ ਨਿਰਪੱਖਤਾ ਨੂੰ ਵੀ ਯਕੀਨੀ ਬਣਾਇਆ ਹੈ। ਹੁਣ ਤੱਕ ਸਰਕਾਰ ਦੇ 40 ਅਦਾਰਿਆਂ ਵਿੱਚ 40437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰੇਕ ਪੇਂਡੂ ਪਰਿਵਾਰ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਪਰੈਲ, 2023 ਵਿੱਚ ਪੰਜਾਬ ਹਰ ਪੇਂਡੂ ਘਰ ਵਿੱਚ ਕਾਰਜਸ਼ੀਲ ਘਰੇਲੂ ਟੂਟੀ ਕੁਨੈਕਸ਼ਨ ਪ੍ਰਦਾਨ ਕਰਨ ਵਿੱਚ 100 ਪ੍ਰਤੀਸ਼ਤ ਕਵਰੇਜ਼ ਪ੍ਰਾਪਤ ਕਰਨ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣ ਗਿਆ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਹਾਲ ਹੀ ਦੇ ਸਾਲਾਂ ਵਿੱਚ ਜ਼ਮੀਨੀ ਪਾਣੀ ਦੀ ਬਜਾਏ ਸਤਹਿ ਦੇ ਪਾਣੀ ਦੀ ਵਰਤੋਂ ਕਰਨ 'ਤੇ ਧਿਆਨ ਕੇਂਦਰਿਤ ਹੈ, ਖ਼ਾਸ ਤੌਰ 'ਤੇ ਭੂ-ਵਿਗਿਆਨਕ ਦੂਸ਼ਿਤ ਤੱਤਾਂ ਜਿਵੇਂ ਕਿ ਆਰਸੈਨਿਕ, ਫਲੋਰਾਈਡ ਅਤੇ ਆਇਰਨ ਨਾਲ ਪ੍ਰਭਾਵਿਤ ਖੇਤਰਾਂ ਵਿੱਚ।

ਰਾਜਪਾਲ ਨੇ ਆਖਿਆ ਕਿ ਸੂਬਾ ਸਰਕਾਰ ਨੇ ਸਾਕਾ ਨੀਲਾ ਤਾਰਾ ਪ੍ਰਭਾਵਿਤ ਧਰਮੀ ਫੌਜੀਆਂ ਦੀ ਮਦਦ ਲਈ ਮਾਸਿਕ ਗ੍ਰਾਂਟ 10,000 ਰੁਪਏ ਤੋਂ ਵਧਾ ਕੇ 12,000 ਰੁਪਏ ਕਰ ਦਿੱਤੀ ਹੈ। ਜੰਗ/ਓਪਰੇਸ਼ਨਾਂ ਵਿੱਚ ਆਪਣੇ ਫ਼ਰਜ਼ ਨਿਭਾਉਂਦੇ ਹੋਏ ਅਪਾਹਜ ਹੋਣ ਵਾਲੇ ਰੱਖਿਆ/ਪੈਰਾ ਮਿਲਟਰੀ ਕਰਮਚਾਰੀ ਨੂੰ ਦਿੱਤਾ ਜਾਣ ਵਾਲਾ ਐਕਸ-ਗ੍ਰੇਸ਼ੀਆ ਦੁੱਗਣਾ ਕਰ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਕਾਰ ਨੇ ਜੰਗੀ ਜਾਗੀਰ ਦੇ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ 2023 ਵਿੱਚ ਰਾਜ ਦੀ ਨਵੀਂ ਖੇਡ ਨੀਤੀ ਨੋਟੀਫਾਈ ਕੀਤੀ। ਨਵੀਂ ਖੇਡ ਨੀਤੀ ਤਹਿਤ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ ਰਾਜ ਦੇ 58 ਖਿਡਾਰੀਆਂ ਨੂੰ ਤਿਆਰੀ ਗਰਾਂਟ ਵਜੋਂ 4.59 ਕਰੋੜ ਰੁਪਏ ਦੀ ਰਾਸ਼ੀ ਐਡਵਾਂਸ ਵਿੱਚ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 20 ਤਗ਼ਮੇ ਜਿੱਤੇ, ਜੋ 1951 ਵਿੱਚ ਏਸ਼ਿਆਈ ਖੇਡਾਂ ਸ਼ੁਰੂ ਹੋਣ ਤੋਂ ਬਾਅਦ ਸਭ ਤੋਂ ਵੱਧ ਤਗ਼ਮੇ ਹਨ। ਉਨ੍ਹਾਂ ਨੂੰ ਬਿਨਾਂ ਦੇਰੀ 29.25 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।

ਰਾਜਪਾਲ ਨੇ ਆਖਿਆ ਕਿ ਸੂਬਾ ਸਰਕਾਰ ਨੇ ਗੋਆ ਵਿਖੇ ਹੋਈਆਂ ਰਾਸ਼ਟਰੀ ਖੇਡਾਂ 2023 ਵਿੱਚ ਤਗਮੇ ਜਿੱਤਣ ਵਾਲੇ ਰਾਜ ਦੇ 136 ਖਿਡਾਰੀਆਂ ਨੂੰ 4.58 ਕਰੋੜ ਰੁਪਏ ਦਾ ਨਕਦ ਇਨਾਮ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਦਹਾਕਿਆਂ ਬਾਅਦ ਟੋਕੀਓ ਓਲੰਪਿਕ 2021 ਵਿੱਚ ਹਾਕੀ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਰਾਜ ਦੇ 9 ਖਿਡਾਰੀਆਂ ਦੀ ਉਪਲਬਧੀ ਨੂੰ ਮਾਨਤਾ ਦੇਣ ਲਈ, ਇਕ ਕ੍ਰਿਕਟਰ ਅਤੇ ਇਕ ਅਥਲੀਟ ਸਣੇ ਸੱਤ ਖਿਡਾਰੀਆਂ ਨੂੰ ਮੇਰੀ ਸਰਕਾਰ ਨੇ ਹਾਲ ਹੀ ਵਿੱਚ ਪੀ.ਪੀ.ਐਸ. ਅਤੇ 4 ਨੂੰ ਪੀ.ਸੀ.ਐਸ. ਵਜੋਂ ਨਿਯੁਕਤ ਕੀਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਨ ਦੀ ਪਹਿਲਕਦਮੀ ਕੀਤੀ ਸੀ, ਜਿਸ ਦੇ ਦੂਜੇ ਸੀਜ਼ਨ ਵਿੱਚ 4.5 ਲੱਖ ਬੱਚਿਆਂ, ਨੌਜਵਾਨਾਂ ਅਤੇ ਵੈਟਰਨ ਖਿਡਾਰੀਆਂ ਦੀ ਭਾਗੀਦਾਰੀ ਹੋਈ।


ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਦਮਪੁਰ ਵਿਖੇ 110.00 ਕਰੋੜ ਰੁਪਏ ਦੀ ਲਾਗਤ ਨਾਲ ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਅਤਿ-ਆਧੁਨਿਕ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ 16 ਕਰੋੜ ਰੁਪਏ ਦੀ ਲਾਗਤ ਵਾਲੀ 40 ਏਕੜ ਜ਼ਮੀਨ ਐਕੁਆਇਰ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੇਰੀ ਸਰਕਾਰ ਨੇ ਵਿਕਾਸ ਨੂੰ ਮਜ਼ਬੂਤ ਬਣਾਉਣ ਲਈ ਜ਼ਰੂਰੀ ਸਹਾਇਕ ਬੁਨਿਆਦੀ ਢਾਂਚਾ ਉਪਲਬਧ ਕਰਵਾਉਣ ਲਈ 41.40 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲੁਧਿਆਣਾ ਵਿਖੇ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਹਲਵਾਰਾ ਨੂੰ 135.54 ਏਕੜ ਜ਼ਮੀਨ ਅਲਾਟ ਕਰਨਾ ਸੂਬਾ ਸਰਕਾਰ ਦੇ ਸਾਕਾਰਤਮਕ ਪ੍ਰਭਾਵ ਨੂੰ ਦਰਸਾਉਂਦਾ ਹੈ।

ਰਾਜਪਾਲ ਨੇ ਆਖਿਆ ਕਿ ਜਿਵੇਂ ਕਿ ਮੇਰੀ ਸਰਕਾਰ ਨੇ ਵਾਅਦਾ ਕੀਤਾ ਸੀ, ਭ੍ਰਿਸ਼ਟਾਚਾਰ ਦੇ ਖ਼ਾਤਮੇ ਦੀ ਮੁਹਿੰਮ ਤੇਜ਼ ਰਫ਼ਤਾਰ ਨਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਸ਼ਾਸਨ ਯਕੀਨੀ ਬਣਾਉਣ ਲਈ ਮੇਰੀ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਰਾਜ ਵਿਜੀਲੈਂਸ ਬਿਊਰੋ, ਪੰਜਾਬ ਨੇ 16-03-2022 ਤੋਂ 08-01-2024 ਤੱਕ ਦੇ ਸਮੇਂ ਦੌਰਾਨ 23 ਗਜ਼ਟਿਡ ਅਫ਼ਸਰਾਂ, 193 ਨਾਨ-ਗਜ਼ਟਿਡ ਅਫ਼ਸਰਾਂ ਅਤੇ 55 ਪ੍ਰਾਈਵੇਟ ਵਿਅਕਤੀਆਂ ਖ਼ਿਲਾਫ਼ 195 ਟਰੈਪ ਕੇਸ ਦਰਜ ਕੀਤੇ ਹਨ, ਜੋ ਕਿ ਗੈਰ-ਕਾਨੂੰਨੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜੇ ਗਏ। ਇਸ ਤੋਂ ਇਲਾਵਾ 241 ਅਪਰਾਧਿਕ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 82 ਗਜ਼ਟਿਡ ਅਫ਼ਸਰ, 269 ਨਾਨ ਗਜ਼ਟਿਡ ਅਫ਼ਸਰ ਅਤੇ 300 ਪ੍ਰਾਈਵੇਟ ਵਿਅਕਤੀ ਸ਼ਾਮਲ ਸਨ।

ਇਸੇ ਤਰ੍ਹਾਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕਰਕੇ ਦੇਸ਼ ਵਿੱਚ ਆਪਣੇ ਕਿਸਮ ਦੀ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਤਾਜ਼ਾ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਨਗੇ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਸੜਕੀ ਹਾਦਸਿਆਂ ਦੀ ਸੰਭਾਵਨਾ ਵਾਲੇ ਹਾਈਵੇਅ ਦੇ ਸਾਰੇ 4200 ਕਿਲੋਮੀਟਰ 'ਤੇ ਫੋਰਸ ਤਾਇਨਾਤ ਕੀਤੀ ਗਈ ਹੈ। ਨਿਰਧਾਰਤ ਖੇਤਰਾਂ ਵਿੱਚ ਗਸ਼ਤ ਕਰਨ ਤੋਂ ਇਲਾਵਾ ਇਹ ਫੋਰਸ ਟ੍ਰੈਫਿਕ ਉਲੰਘਣਾਵਾਂ ਰੋਕਣ ਲਈ ਕੰਮ ਕਰਦੀ ਹੈ ਅਤੇ ਦੁਰਘਟਨਾਵਾਂ ਦੇ ਮਾਮਲੇ ਵਿੱਚ ਐਮਰਜੈਂਸੀ ਰਿਸਪਾਂਸ ਟੀਮ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਨਿਭਾਉਂਦੀ ਹੈ।

ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਦੁਰਘਟਨਾ ਪੀੜਤਾਂ ਦੇ ਜੀਵਨ ਨੂੰ ਬਚਾਉਣ ਲਈ ‘ਫਰਿਸ਼ਤੇ’ ਸਕੀਮ ਨੂੰ ਨੋਟੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਰਘਟਨਾ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਨੂੰ ਉਨ੍ਹਾਂ ਦੀ ਮੁਸ਼ਕਲ ਰਹਿਤ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਅਜਿਹੇ ਲੋਕਾਂ ਦੇ ਚੰਗੇ ਕੰਮਾਂ ਦੀ ਸ਼ਲਾਘਾ ਵਜੋਂ 2000 ਰੁਪਏ ਦਾ ਵਿੱਤੀ ਇਨਾਮ ਦੇਵੇਗੀ। ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਅਜਿਹੇ ਵਿਅਕਤੀਆਂ ਨੂੰ ਵਿੱਤੀ ਇਨਾਮ ਤੋਂ ਇਲਾਵਾ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਾਨੂੰਨੀ ਅੜਚਨਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਗਈ ਹੈ।

ਰਾਜਪਾਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਸੁਧਰ ਰਹੀ ਹੈ। ਪੰਜਾਬ ਪੁਲਿਸ ਨੇ ਇਸ ਸਬੰਧੀ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਨ੍ਹਾਂ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਪੀ.ਜੀ.ਡੀ. ਪੋਰਟਲ ਦੀ ਸ਼ੁਰੂਆਤ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸੂਬੇ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਸਮਰਪਿਤ ਮੁਹਿੰਮਾਂ ਦੀ ਅਗਵਾਈ ਕੀਤੀ ਹੈ, ਜਿਸ ਨਾਲ ਕਈ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹਥਿਆਰਾਂ ਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ ਦੀ ਬਰਾਮਦਗੀ ਦੇ ਨਾਲ ਵੱਖ-ਵੱਖ ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਬਨਵਾਰੀ ਲਾਲ ਪੁਰੋਹਿਤ ਨੇ ਦੱਸਿਆ ਕਿ ਹੁਣ ਤੱਕ ਏ.ਜੀ.ਟੀ.ਐਫ. ਨੇ ਹੋਰ ਫੀਲਡ ਯੂਨਿਟਾਂ ਨਾਲ ਮਿਲ ਕੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ, 14 ਗੈਂਗਸਟਰਾਂ ਦਾ ਖ਼ਾਤਮਾ, 312 ਮਾਡਿਊਲਾਂ ਦਾ ਪਰਦਾਫਾਸ਼, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 963 ਹਥਿਆਰ ਅਤੇ 208 ਵਾਹਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਰਾਜਪਾਲ ਨੇ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਨੇ 16 ਮਾਰਚ, 2022 ਤੋਂ ਹੁਣ ਤੱਕ 18,953 ਐਫ.ਆਈ.ਆਰ. ਦਰਜ ਕਰਕੇ 25,385 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਸੂਬੇ ਭਰ ਵਿੱਚੋਂ 1860 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਹੈਰੋਇਨ ਦੀ ਕੁੱਲ ਬਰਾਮਦਗੀ 2007 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਰਾਜਪਾਲ ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 1247 ਕਿਲੋ ਅਫੀਮ, 1229 ਕਿਲੋ ਗਾਂਜਾ, 604 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 1.12 ਕਰੋੜ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ 142 ਕਰੋੜ ਰੁਪਏ ਦੀਆਂ 355 ਜਾਇਦਾਦਾਂ ਨੂੰ ਸਮਰੱਥ ਅਥਾਰਟੀ ਵੱਲੋਂ ਜ਼ਬਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਪਿਛਲੇ ਸਾਲਾਂ ਵਾਂਗ ਵਿੱਤੀ ਸਾਲ 2022-23 ਦੌਰਾਨ ਝੋਨੇ ਵਿੱਚ 21.40% ਅਤੇ ਕਣਕ ਵਿੱਚ 46.24% ਦੀ ਹੱਦ ਤੱਕ ਕੇਂਦਰੀ ਪੂਲ ਵਿੱਚ ਰਾਜ ਦੇ ਨਿਰੰਤਰ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੋਰ ਫਸਲਾਂ ਵਿੱਚ ਵੀ ਇਸੇ ਤਰ੍ਹਾਂ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਲਈ ਬਦਲਵੀਆਂ ਫਸਲਾਂ ਵੱਲ ਧਿਆਨ ਦਿੱਤਾ ਗਿਆ ਹੈ, ਜੋ ਬਹੁਤ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੀ ਕਪਾਹ ਪੱਟੀ ਵਿੱਚ ਕਪਾਹ ਦੀ ਬਿਹਤਰ ਉਤਪਾਦਕਤਾ ਨੂੰ ਯਕੀਨੀ ਬਣਾਉਣ ਲਈ ਲਗਭਗ 87,000 ਕਿਸਾਨਾਂ ਨੂੰ ਕਪਾਹ ਦੇ ਬੀਜ 'ਤੇ 17.13 ਕਰੋੜ ਰੁਪਏ ਦੀ 33% ਸਬਸਿਡੀ ਮੁਹੱਈਆ ਕਰਵਾਈ ਹੈ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸੇ ਸਕੀਮ ਤਹਿਤ ਸਾਲ 2023-24 ਦੌਰਾਨ 19,097 ਕਿਸਾਨਾਂ ਵੱਲੋਂ 75 ਕਰੋੜ ਰੁਪਏ ਦੀ ਸਬਸਿਡੀ ਰਾਸ਼ੀ ਨਾਲ ਲਗਭਗ 1,70,000 ਏਕੜ ਰਕਬੇ ਨੂੰ ਕਵਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਫਸਲ ਨੂੰ ਕਿਸਾਨਾਂ ਲਈ ਲਾਹੇਵੰਦ ਅਤੇ ਆਰਥਿਕ ਤੌਰ 'ਤੇ ਦਿਲਕਸ਼ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਅਪੇਡਾ (ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ) ਦੇ ਤਾਲਮੇਲ ਵਿੱਚ ਬਾਸਮਤੀ ਐਕਸਟੈਂਸ਼ਨ-ਖੋਜ ਕੇਂਦਰ ਅਤੇ ਇਕ ਰਹਿੰਦ-ਖੂੰਹਦ ਜਾਂਚ ਪ੍ਰਯੋਗਸ਼ਾਲਾ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਦੀ ਬਾਸਮਤੀ ਦੀ ਨਿਰਯਾਤ ਅਤੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਪਹੁੰਚਾਏਗਾ। ਉਨ੍ਹਾਂ ਦੱਸਿਆ ਕਿ ਬਾਸਮਤੀ ਰਹਿੰਦ-ਖੂੰਹਦ ਦੀ ਪਰਖ ਲੈਬਾਰਟਰੀ ਜਲੰਧਰ ਵਿਖੇ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਕਿਸਾਨ ਮਿੱਤਰ ਅਤੇ ਸੁਪਰਵਾਈਜ਼ਰ ਵੀ ਭਰਤੀ ਕੀਤੇ ਜਾਣਗੇ।

ਰਾਜਪਾਲ ਨੇ ਕਿਹਾ ਕਿ ਬਾਸਮਤੀ ਹੇਠਲਾ ਰਕਬਾ ਸਾਉਣੀ-2022 ਵਿੱਚ 4.95 ਲੱਖ ਹੈਕਟੇਅਰ ਤੋਂ ਵੱਧ ਕੇ ਸਾਉਣੀ 2023 ਵਿੱਚ 5.96 ਲੱਖ ਹੈਕਟੇਅਰ ਹੋ ਗਿਆ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 20 ਫੀਸਦੀ ਵੱਧ ਹੈ। ਕਿਸਾਨਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਬਾਸਮਤੀ ਨਿਰਯਾਤ ਕਰਨ ਦੇ ਯੋਗ ਬਣਾਉਣ ਲਈ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ 10 ਖੇਤੀ ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਨਾਲ ਬਾਸਮਤੀ ਦੀ ਫ਼ਸਲ ਵਿੱਚ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਸਮੱਸਿਆ ਦੀ ਰੋਕਥਾਮ ਵਿੱਚ ਬਹੁਤ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਨਿਪਟਾਰੇ ਅਤੇ ਖੇਤਾਂ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਿਸਾਨ ਸਮੂਹਾਂ/ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਨੂੰ 50% ਸਬਸਿਡੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਇਸ ਸਕੀਮ ਤਹਿਤ ਕਿਸਾਨਾਂ ਨੂੰ ਲਗਭਗ 23,000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਇਸੇ ਤਰ੍ਹਾਂ ਆਉਣ ਵਾਲੇ ਵਿੱਤੀ ਸਾਲ ਵਿੱਚ ਵੀ ਇਸ ਸਕੀਮ ਨੂੰ ਜਾਰੀ ਰੱਖਿਆ ਜਾਵੇਗਾ।

Next Story
ਤਾਜ਼ਾ ਖਬਰਾਂ
Share it