Begin typing your search above and press return to search.

ਅਮਰੀਕਾ ਵਿਚ ਪੱਕੇ ਹੋਣਗੇ ਲੱਖਾਂ ਗੈਰਕਾਨੂੰਨੀ ਪ੍ਰਵਾਸੀ

ਅਮਰੀਕਾ ਵਿਚ ਪੱਕੇ ਹੋਣ ਲਈ ਤਰਸ ਰਹੇ ਲੱਖਾਂ ਪ੍ਰਵਾਸੀਆਂ ਨੂੰ ਆਸ ਦੀ ਕਿਰਨ ਨਜ਼ਰ ਆਉਣ ਲੱਗੀ ਹੈ। ਜੀ ਹਾਂ, ਬਾਇਡਨ ਸਰਕਾਰ ਇਕ ਨਵੀਂ ਨੀਤੀ ’ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਵਾਉਣ ਵਾਲੇ ਉਨ੍ਹਾਂ ਪ੍ਰਵਾਸੀਆਂ ਨੂੰ ਗਰੀਨ ਕਾਰਡ ਹਾਸਲ ਕਰਨ ਦਾ ਮੌਕਾ ਮਿਲੇਗਾ ਜੋ ਗੈਰਕਾਨੂੰਨੀ ਤਰੀਕੇ ਨਾਲ ਮੁਲਕ ਵਿਚ ਦਾਖਲ ਹੋਏ।

ਅਮਰੀਕਾ ਵਿਚ ਪੱਕੇ ਹੋਣਗੇ ਲੱਖਾਂ ਗੈਰਕਾਨੂੰਨੀ ਪ੍ਰਵਾਸੀ

Upjit SinghBy : Upjit Singh

  |  11 Jun 2024 11:49 AM GMT

  • whatsapp
  • Telegram
  • koo

ਵਾਸ਼ਿੰਗਟਨ : ਅਮਰੀਕਾ ਵਿਚ ਪੱਕੇ ਹੋਣ ਲਈ ਤਰਸ ਰਹੇ ਲੱਖਾਂ ਪ੍ਰਵਾਸੀਆਂ ਨੂੰ ਆਸ ਦੀ ਕਿਰਨ ਨਜ਼ਰ ਆਉਣ ਲੱਗੀ ਹੈ। ਜੀ ਹਾਂ, ਬਾਇਡਨ ਸਰਕਾਰ ਇਕ ਨਵੀਂ ਨੀਤੀ ’ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਵਾਉਣ ਵਾਲੇ ਉਨ੍ਹਾਂ ਪ੍ਰਵਾਸੀਆਂ ਨੂੰ ਗਰੀਨ ਕਾਰਡ ਹਾਸਲ ਕਰਨ ਦਾ ਮੌਕਾ ਮਿਲੇਗਾ ਜੋ ਗੈਰਕਾਨੂੰਨੀ ਤਰੀਕੇ ਨਾਲ ਮੁਲਕ ਵਿਚ ਦਾਖਲ ਹੋਏ।ਮਾਇਗ੍ਰੇਸ਼ਨ ਪੌਲਿਸੀ ਇੰਸਟੀਚਿਊਟ ਦੀ ਰਿਪੋਰਟ ਮੁਤਾਬਕ ਤਕਰੀਬਨ 50 ਲੱਖ ਅਮਰੀਕੀਆਂ ਦੇ ਜੀਵਨ ਸਾਥੀ ਗੈਰਕਾਨੂੰਨੀ ਪ੍ਰਵਾਸੀ ਹਨ ਜਾਂ ਉਹ ਗੈਰਕਾਨੂੰਨੀ ਪ੍ਰਵਾਸੀਆਂ ਦੇ ਬਾਲਗ ਹੋ ਚੁੱਕੇ ਬੱਚੇ ਹਨ। ਚੋਣਾਂ ਦੇ ਮੱਦੇਨਜ਼ਰ ਇਹ ਨੀਤੀ ਬੇਹੱਦ ਫਾਇਦੇਮੰਦ ਸਾਬਤ ਹੋ ਸਕਦੀ ਹੈ ਅਤੇ ਐਰੀਜ਼ੋਨਾ, ਜਾਰਜੀਆ ਅਤੇ ਨੇਵਾਡਾ ਵਰਗੇ ਰਾਜਾਂ ਵਿਚ ਡੈਮੋਕ੍ਰੈਟਿਕ ਪਾਰਟੀ ਦੀਆਂ ਵੋਟਾਂ ਵਧ ਸਕਦੀਆਂ ਹਨ।

ਅਮੈਰਿਕਨ ਇੰਮੀਗ੍ਰੇਸ਼ਨ ਬਿਜ਼ਨਸ ਕੌਂਸਲ ਦਾ ਕਹਿਣਾ ਹੈ ਕਿ ਇਨ੍ਹਾਂ ਰਾਜਾਂ ਵਿਚ ਇਕ ਲੱਖ ਤੋਂ ਵੱਧ ਵੋਟਰ ਅਜਿਹੇ ਹਨ ਜਿਨ੍ਹਾਂ ਦਾ ਕੋਈ ਨਾ ਕੋਈ ਪਰਵਾਰਕ ਮੈਂਬਰ ਗੈਰਕਾਨੂੰਨੀ ਪ੍ਰਵਾਸੀ ਹੈ। ਕੌਂਸਲ ਦੇ ਕਾਰਜਕਾਰੀ ਡਾਇਰੈਕਟਰ ਰਿਬੇਕਾ ਸ਼ੀ ਦਾ ਕਹਿਣਾ ਸੀ ਕਿ ਅਮਰੀਕੀ ਨਾਗਰਿਕਾਂ ਦੇ ਜੀਵਨ ਸਾਥੀਆਂ ਨੂੰ ਰਾਹਤ ਮਿਲਣੀ ਚਾਹੀਦੀ ਹੈ ਜੋ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਦਾਖਲ ਹੋਏ ਅਤੇ ਹੁਣ ਤੱਕ ਕੋਈ ਇੰਮੀਗ੍ਰੇਸ਼ਨ ਸਟੇਟਸ ਹਾਸਲ ਨਹੀਂ ਕਰ ਸਕੇ। ਭਾਵੇਂ ਅਤੀਤ ਵਿਚ ਅਜਿਹੇ ਲੋਕਾਂ ਵਾਸਤੇ ਪਾਰਟੀ ਹੱਦਾਂ ਤੋਂ ਉਪਰ ਉਠ ਕੇ ਬਿਲ ਲਿਆਂਦੇ ਗਏ ਪਰ ਕੋਈ ਪਾਸ ਨਾ ਕਰਵਾਇਆ ਜਾ ਸਕਿਆ। ਇਥੇ ਦਸਣਾ ਬਣਦਾ ਹੈ ਕਿ 1986 ਵਿਚ ਅਮਰੀਕੀ ਕਾਂਗਰਸ ਵੱਲੋਂ ਇਕ ਕਾਨੂੰਨ ਪਾਸ ਕਰਦਿਆਂ 27 ਲੱਖ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਮੁਲਕ ਵਿਚ ਰਹਿਣ ਦੀ ਇਜਾਜ਼ਤ ਦਿਤੀ ਗਈ ਸੀ। ਹਾਲਾਂਕਿ ਬਰਾਕ ਓਬਾਮਾ ਵੱਲੋਂ ਵੀ ਗੈਰਕਾਨੂੰਨੀ ਪ੍ਰਵਾਸੀਆਂ ਦੇ ਹੱਕ ਵਿਚ ਕਾਰਜਕਾਰੀ ਹੁਕਮ ਜਾਰੀ ਕੀਤੇ ਗਏ ਪਰ ਅਦਾਲਤੀ ਅੜਿੱਕਿਆਂ ਕਾਰਨ ਉਨ੍ਹਾਂ ਨੂੰ ਲਾਗੂ ਨਾ ਕੀਤਾ ਜਾ ਸਕਿਆ। ਦੂਜੇ ਪਾਸੇ ਬਾਇਡਨ ਸਰਕਾਰ ਦੀ ਤਜਵੀਜ਼ਸ਼ੁਦਾ ਯੋਜਨਾ ਦੇ ਆਲੋਚਕਾਂ ਦਾ ਕਹਿਣਾ ਹੈ ਕਿ ਇਹ ਇਕ ਵੱਡੀ ਗਲਤੀ ਸਾਬਤ ਹੋਵੇਗੀ।

ਟਰੰਪ ਦੇ ਕਾਰਜਕਾਲ ਦੌਰਾਨ ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਵਿਭਾਗ ਦੇ ਪੌਲਿਸੀ ਚੀਫ ਰਹੇ ਰੌਬਰਟ ਲਾਅ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਪੈਰੋਲ ਦੇ ਅਧਿਕਾਰ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਤਾਂਕਿ ਪ੍ਰਵਾਸੀਆਂ ਨੂੰ ਇੰਮੀਗ੍ਰੇਸ਼ਨ ਲਾਭ ਮਿਲ ਸਕੇ ਜਦਕਿ ਕਾਂਗਰਸ ਵੱਲੋਂ ਅਜਿਹਾ ਕੋਈ ਕਾਨੂੰਨ ਪਾਸ ਨਹੀਂ ਕੀਤਾ ਗਿਆ। ਪਰ 2010 ਤੋਂ ਅਮਰੀਕੀ ਫੌਜ ਵਿਚ ਭਰਤੀ ਲੋਕਾਂ ਨੂੰ ਛੋਟ ਮਿਲੀ ਹੋਈ ਹੈ ਕਿ ਜੇ ਉਹ ਗੈਰਕਾਨੂੰਨੀ ਪ੍ਰਵਾਸੀ ਨਾਲ ਵਿਆਹ ਕਰਵਾਉਂਦੇ ਹਨ ਤਾਂ ਉਨ੍ਹਾਂ ਦਾ ਜੀਵਨ ਸਾਥੀ ਅਮਰੀਕੀ ਨਾਗਰਿਕ ਬਣਨ ਦਾ ਹੱਕਦਾਰ ਹੈ। ਇਸੇ ਦੌਰਾਨ ਇੰਮੀਗ੍ਰੇਸ਼ਨ ਵਕੀਲ ਅਤੇ ਸੇਵਾ ਮੁਕਤ ਫੌਜੀ ਅਫਸਰ ਮਾਰਗ੍ਰੇਟ ਸਟੌਕ ਨੇ ਆਖਿਆ ਕਿ ਫੌਜੀ ਪਰਵਾਰਾਂ ਲਈ ਇਹ ਕਦਮ ਬੇਹੱਦ ਲਾਹੇਵੰਦ ਸਾਬਤ ਹੋਇਆ ਹੈ। ਕਿਸੇ ਫੌਜ ਨਾਲ ਵਿਆਹ ਕਰਵਾਉਣ ਵਾਲੇ ਗੈਰਕਾਨੂੰਨੀ ਪ੍ਰਵਾਸੀ ਇੰਮੀਗ੍ਰੇਸ਼ਨ ਚਿੰਤਾਵਾਂ ਤੋਂ ਮੁਕਤ ਹੋ ਜਾਂਦੇ ਹਨ ਅਤੇ ਗਰੀਨ ਕਾਰਡ ਉਨ੍ਹਾਂ ਦੀ ਜੇਬ ਵਿਚ ਆ ਜਾਂਦਾ ਹੈ। ‘ਨਿਊ ਯਾਰਕ ਟਾਈਮਜ਼’ ਦੀ ਰਿਪੋਰਟ ਵਿਚ 38 ਸਾਲ ਦੇ ਇਕ ਗੈਰਕਾਨੂੰਨੀ ਪ੍ਰਵਾਸੀ ਦੀ ਮਿਸਾਲ ਪੇਸ਼ ਕੀਤੀ ਗਈ ਹੈ ਜੋ 2006 ਵਿਚ ਅਮਰੀਕਾ ਆਇਆ ਅਤੇ 2012 ਵਿਚ ਇਥੋਂ ਦੀ ਸਿਟੀਜ਼ਨ ਨਾਲ ਵਿਆਹ ਕਰਵਾਉਣ ਦੇ ਬਾਵਜੂਦ ਅੱਜ ਤੱਕ ਕੱਚਿਆਂ ਵਰਗੀ ਜ਼ਿੰਦਗੀ ਬਤੀਤ ਕਰ ਰਿਹਾ ਹੈ।

ਇੰਮੀਗ੍ਰੇਸ਼ਨ ਵਾਲੇ ਕਿਸੇ ਵੀ ਵੇਲੇ ਉਸ ਨੂੰ ਚੁੱਕ ਕੇ ਡਿਪੋਰਟ ਕਰ ਸਕਦੇ ਹਨ। ਇੰਮੀਗ੍ਰੇਸ਼ਨ ਕਾਨੂੰਨ ਕਹਿੰਦਾ ਹੈ ਕਿ ਉਸ ਪ੍ਰਵਾਸੀ ਨੂੰ 10 ਸਾਲ ਅਮਰੀਕਾ ਤੋਂ ਬਾਹਰ ਰਹਿਣਾ ਹੋਵੇਗਾ ਅਤੇ ਇਸ ਤੋਂ ਬਾਅਦ ਹੀ ਉਹ ਗਰੀਨ ਕਾਰਡ ਦਾ ਹੱਕਦਾਰ ਬਣ ਸਕਦਾ ਹੈ। ਇਨ੍ਹਾਂ ਹਾਲਾਤ ਵਿਚ ਬਾਇਡਨ ਸਰਕਾਰ ਦੀ ਵਿਚਾਰ ਅਧੀਨ ਯੋਜਨਾ ਹੀ ਉਸ ਦੇ ਅਮਰੀਕਾ ਵਿਚ ਰਹਿਣ ਦਾ ਆਸਰਾ ਬਣ ਸਕਦੀ ਹੈ।

Next Story
ਤਾਜ਼ਾ ਖਬਰਾਂ
Share it