Begin typing your search above and press return to search.

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਅਗਸਤ 2023)

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀੴ ਸਤਿਗੁਰ ਪ੍ਰਸਾਦਿ ॥ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ […]

Todays Hukmanama, Sri Harmandir Sahib (5 April 2024)
X

Editor (BS)By : Editor (BS)

  |  19 Aug 2023 1:55 AM IST

  • whatsapp
  • Telegram

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀੴ ਸਤਿਗੁਰ ਪ੍ਰਸਾਦਿ ॥ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

ਸ਼ਨਿਚਰਵਾਰ, ੩ ਭਾਦਰੋਂ (ਸੰਮਤ 555 ਨਾਨਕਸ਼ਾਹੀ) (ਅੰਗ: 634)

ਦੁਬਿਧਾ = ਦੁ-ਪਾਸਾ-ਪਨ, ਪਰਮਾਤਮਾ ਤੋਂ ਬਿਨਾ ਹੋਰ ਆਸਰੇ ਦੀ ਭਾਲ। ਨ ਪੜਉ = ਮੈਂ ਨਹੀਂ ਪੈਂਦਾ। ਨ ਪੂਜਉ = ਮੈਂ ਨਹੀਂ ਪੂਜਦਾ। ਮੜੈ = ਸਮਾਧ, ਕਬਰ। ਮਸਾਣਿ = ਸ਼ਮਸ਼ਾਨ, ਜਿੱਥੇ ਮੁਰਦੇ ਫੂਕੀਦੇ ਹਨ। ਨ ਜਾਈ = ਮੈਂ ਨਹੀਂ ਜਾਂਦਾ। ਰਾਚਿ = ਫਸ ਕੇ। ਪਰ ਘਰਿ = ਪਰਾਏ ਘਰ ਵਿਚ, ਪਰਮਾਤਮਾ ਤੋਂ ਬਿਨਾ ਕਿਸੇ ਹੋਰ ਘਰ ਵਿਚ। ਨਾਮਿ = ਨਾਮ ਨੇ। ਬੁਝਾਈ = ਬੁਝਾ ਦਿੱਤੀ ਹੈ। ਭੀਤਰਿ = ਅੰਦਰ। ਘਰੁ = ਪਰਮਾਤਮਾ ਦਾ ਨਿਵਾਸ। ਸਹਜਿ = ਅਡੋਲ ਅਵਸਥਾ ਵਿਚ। ਮਨ = ਮਨ ਨੂੰ। ਭਾਈ = ਪਸੰਦ ਆ ਗਈ ਹੈ। ਦਾਨਾ = ਜਾਣਨ ਵਾਲਾ। ਬੀਨਾ = ਪਛਾਣਨ ਵਾਲਾ। ਸਾਈ = ਹੇ ਸਾਈਂ! ॥੧॥ ਬੈਰਾਗਿ = ਵੈਰਾਗ ਵਿਚ, ਵਿਛੋੜੇ ਦੇ ਅਹਿਸਾਸ ਵਿਚ, ਬਿਰਹੋਂ ਵਿਚ। ਰਤਉ = ਰੰਗਿਆ ਹੋਇਆ। ਬੈਰਾਗੀ = ਤਿਆਗੀ। ਬੇਧਿਆ = ਵਿੱਝਿਆ ਹੋਇਆ। ਨਿਰੰਤਰਿ = ਵਿੱਥ ਤੋਂ ਬਿਨਾ, ਇੱਕ-ਰਸ ॥ਰਹਾਉ॥ ਅਸੰਖ = ਬੇਅੰਤ। ਬੈਰਾਗ = ਵੈਰਾਗ ਦੀਆਂ ਗੱਲਾਂ। ਭੈ = ਪਰਮਾਤਮਾ ਦੇ ਡਰ-ਅਦਬ ਵਿਚ। ਧਾਵਤੁ = ਮਾਇਆ ਵਲ ਦੌੜਦੇ ਨੂੰ। ਰਹਾਵੈ = ਕਾਬੂ ਰੱਖਦਾ ਹੈ। ਸਹਜੇ = ਸਹਿਜ ਵਿਚ ॥੨॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥

Next Story
ਤਾਜ਼ਾ ਖਬਰਾਂ
Share it